ਪੰਜਾਬ ਸਰਕਾਰ ਨੇ ਇਕ ਸਾਲ ’ਚ ਸੂਬੇ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ: ਬ੍ਰਹਮ ਸ਼ੰਕਰ ਜਿੰਪਾ
Thursday, Jun 08, 2023 - 12:58 PM (IST)
ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਦੇ ਨਤੀਜੇ ਵਜੋਂ ਪੰਜਾਬ ਸਰਕਾਰ ਨੇ ਇਕ ਸਾਲ ਵਿਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਉਹ ਬੁੱਧਵਾਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੁਜ਼ਗਾਰ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਜ਼ਿਲਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਰੁਜ਼ਗਾਰ ਮੇਲੇ ਵਿਚ 350 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ ਅਤੇ ਵੱਖ-ਵੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ 150 ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਸਿੱਧ ਕੰਪਨੀਆਂ ਸੋਨਾਲੀਕਾ, ਕਵਾਂਟਮ ਪੇਪਰ ਮਿੱਲ, ਰਿਲਾਇੰਸ ਇੰਡਸਟਰੀਜ਼ ਲਿਮਟਿਡ, ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਟਿਡ, ਹੁਸ਼ਿਆਰਪੁਰ ਆਟੋਮੋਬਾਈਲ, ਏ. ਬੀ. ਸ਼ੂਗਰ ਲਿਮਟਿਡ, ਸੈਂਚੁਰੀ ਪਲਾਈਵੁੱਡ, ਪ੍ਰੀਤਿਕਾ ਇੰਜੀਨੀਅਰਿੰਗ ਕੰਪੋਨੈਂਟਸ ਲਿਮਟਿਡ, ਕਰੋਮਾ ਟਾਟਾ ਇੰਟਰਪ੍ਰਾਈਜਿਜ਼ ਅਤੇ ਹੋਰ ਕੰਪਨੀਆਂ ਨੇ ਭਾਗ ਲਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਸੰਸਥਾਵਾਂ ਵੱਲੋਂ ਚੁਣੇ ਗਏ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।
ਇਹ ਵੀ ਪੜ੍ਹੋ- ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਕੰਪਨੀਆਂ ਨਾਲ 40 ਹਜ਼ਾਰ ਕਰੋੜ ਰੁਪਏ ਦੇ ਸਮਝੌਤੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਜ਼ਿਲੇ ਵਿਚ ਅਜਿਹੇ ਰੋਜ਼ਗਾਰ ਮੇਲੇ ਲਗਾਏ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਇਸ ਪਲੇਸਮੈਂਟ ਮੁਹਿੰਮ ਵਿਚ ਪੋਸਟ ਗ੍ਰੈਜੂਏਟ, ਗ੍ਰੈਜੂਏਟ (ਤਕਨੀਕੀ/ਗੈਰ-ਤਕਨੀਕੀ), ਆਈ. ਟੀ. ਆਈ., ਡਿਪਲੋਮਾ ਹੋਲਡਰ, 12ਵੀਂ ਪਾਸ, ਮੈਟ੍ਰਿਕ ਪਾਸ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਰੁਜ਼ਗਾਰ ਉਤਪਤੀ ਵਿਭਾਗ ਰੋਜ਼ਗਾਰਦਾਤਾਵਾਂ ਨੂੰ ਯੋਗ ਉਮੀਦਵਾਰ ਲੱਭਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ। ਇਸ ਦੌਰਾਨ ਉਨ੍ਹਾਂ ਆਈ. ਟੀ. ਆਈ. ਹੁਸ਼ਿਆਰਪੁਰ ਵਿਖੇ ਬੂਟੇ ਵੀ ਲਗਾਏ। ਇਸ ਮੌਕੇ ਪਲੇਸਮੈਂਟ ਅਫਸਰ ਰਾਕੇਸ਼ ਕੁਮਾਰ, ਕਰੀਅਰ ਕਾਊਂਸਲਰ ਅਦਿੱਤਿਆ ਰਾਣਾ, ਮਹਿੰਦਰ ਰਾਣਾ ਤੋਂ ਇਲਾਵਾ ਕੌਂਸਲਰ ਵਿਜੇ ਅਗਰਵਾਲ, ਪ੍ਰਦੀਪ ਕੁਮਾਰ, ਸਤਵੰਤ ਸਿੰਘ ਸਿਆਣ, ਬਲਵਿੰਦਰ ਕਤਨਾ, ਐਡਵੋਕੇਟ ਅਮਰਜੋਤ ਸੈਣੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਭੈਣ-ਭਰਾ ਨਾਲ ਵਾਪਰੀ ਅਣਹੋਣੀ, ਭਰਾ ਨੇ ਤੜਫ਼-ਤੜਫ਼ ਤੋੜਿਆ ਦਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani