ਟੋਲ ਪਲਾਜ਼ਾ ਕੰਪਨੀਆਂ ਦੀ ਲੁੱਟ ’ਤੇ CM ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਾਈ ਰੋਕ: ਬ੍ਰਹਮ ਸ਼ੰਕਰ ਜਿੰਪਾ
Friday, Dec 16, 2022 - 12:20 PM (IST)

ਹੁਸ਼ਿਆਰਪੁਰ (ਘੁੰਮਣ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟੋਲ ਪਲਾਜ਼ਾ ਕੰਪਨੀਆਂ ਦੀ ਲੁੱਟ ’ਤੇ ਰੋਕ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਟੋਲ ਪਲਾਜ਼ਾ ਕੰਪਨੀਆਂ ਨਾਲ ਮਿਲ ਕੇ ਟੋਲ ਦੇ ਨਾਂ ’ਤੇ ਵੱਡੀ ਲੁੱਟ ਕੀਤੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਹੌਲੀ-ਹੌਲੀ ਬੰਦ ਕਰ ਰਹੀ ਹੈ। ਉਹ ਲੋਕ ਨਿਰਮਾਣ ਮਹਿਕਮੇ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਵੱਲੋਂ ਟੋਲ ਪਲਾਜ਼ਾ ਕੰਪਨੀਆਂ ਦੀ ਮਿਆਦ ਨਾ ਵਧਾ ਕੇ ਲੋਕ ਹਿੱਤ ਵਿਚ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਹੁਸ਼ਿਆਰਪੁਰ ਵਿਖੇ ਸਥਿਤ ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖਤਮ ਹੋਣ ’ਤੇ ਇਸ ਨੂੰ ਟੋਲ ਮੁਕਤ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਵੱਲੋਂ ਖੁਦ ਇਥੇ ਆ ਕੇ ਨਾ ਸਿਰਫ਼ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ, ਬਲਕਿ ਟੋਲ ਦੇ ਨਾਂ ’ਤੇ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਗਈ ਲੁੱਟ ਦਾ ਪਰਦਾਫਾਸ਼ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ ਜਾਰੀ, ਪੁਲਸ ਨਾਲ ਧੱਕਾਮੁੱਕੀ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ
ਉਨ੍ਹਾਂ ਕਿਹਾ ਕਿ ਰੱਖ-ਰਖਾਅ ਦੇ ਨਾਂ ’ਤੇ ਟੋਲ ਕੰਪਨੀਆਂ ਨੇ ਲੋਕਾਂ ਨੂੰ ਕੋਈ ਸੁਵਿਧਾ ਨਹੀਂ ਦਿੱਤੀ, ਬਲਕਿ ਇਹ ਲੜਾਈ-ਝਗੜਿਆਂ ਦਾ ਅੱਡਾ ਜ਼ਰੂਰ ਬਣੇ ਹੋਏ ਹਨ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ-ਜਲੰਧਰ ਰਾਸ਼ਟਰੀ ਰਾਜ ਮਾਰਗ ਦੇ ਨਿਰਮਾਣ ਨੂੰ ਲੈ ਕੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਨਾਲ ਮੀਟਿੰਗ ਕਰਕੇ ਜਲਦ ਹੀ ਇਸ ਦਾ ਨਿਰਮਾਣ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਵਿਧਾ ਨੂੰ ਵੇਖਦੇ ਹੋਏ ਰੋਡ ਦੇ ਜਲਦ ਨਿਰਮਾਣ ਨੂੰ ਲੈ ਕੇ ਯਤਨਸ਼ੀਲ ਹੈ ਪਰ ਕੇਂਦਰ ਸਰਕਾਰ ਇਸ ਰੋਡ ਦਾ ਨਿਰਮਾਣ ਕਰਨ ਦੀ ਬਜਾਏ ਬਿਨਾਂ ਵਜ੍ਹਾ ਇਸ 'ਤੇ ਰਾਜਨੀਤੀ ਕਰ ਰਹੀ ਹੈ।
ਇਹ ਵੀ ਪੜ੍ਹੋ : ਬੱਸ 'ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਅੱਜ ਬੱਸਾਂ ਦਾ ਰਹੇਗਾ ਚੱਕਾ ਜਾਮ
ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ-ਜਲੰਧਰ ਰਾਸ਼ਟਰੀ ਰਾਜ ਮਾਰਗ ਦਾ ਨਿਰਮਾਣ ਕਾਰਜ ਕੇਂਦਰ ਸਰਕਾਰ ਦੀ ਉਦਾਸੀਨਤਾ ਕਾਰਨ ਲਟਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕੇਂਦਰ ਸਰਕਾਰ ਨੂੰ ਇਸ ਰਾਸ਼ਟਰੀ ਰਾਜ ਮਾਰਗ ਨੂੰ ਬਣਵਾਉਣ ਲਈ ਕਹਿ ਰਹੀ ਹੈ, ਪ੍ਰੰਤੂ ਕੋਈ ਨਾ ਕੋਈ ਬਹਾਨਾ ਬਣਾ ਕੇ ਉਹ ਕਾਰਜ ਵਿਚ ਦੇਰੀ ਕਰ ਰਹੇ ਹਨ। ਉਨ੍ਹਾਂ ਕਿਹਾ ਰਾਸ਼ਟਰੀ ਰਾਜ ਮਾਰਗ ਅਥਾਰਟੀ ਇਹ ਕਹਿ ਕੇ ਪੱਲਾ ਝਾੜ ਲੈਂਦੀ ਹੈ ਕਿ ਇਸ ਰੋਡ ਦੇ ਕੁਝ ਨੰਬਰਾਂ ਦਾ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ, ਜਦਕਿ ਪੰਜਾਬ ਸਰਕਾਰ ਦਾ ਤਰਕ ਹੈ ਕਿ ਉਹ ਅਦਾਲਤ ਵਾਲੇ ਮਾਮਲਿਆਂ ਨੂੰ ਛੱਡ ਕੇ ਬਾਕੀ ਨੰਬਰਾਂ ਵਾਲੇ ਹਿੱਸੇ ਦਾ ਨਿਰਮਾਣ ਕਰੇ, ਤਾਂ ਜੋ ਕੰਮ ਲਗਾਤਾਰ ਚੱਲੇ ਅਤੇ ਲੋਕਾਂ ਨੂੰ ਰਾਹਤ ਮਿਲੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਗੰਭੀਰਤਾ ਬਣਾਏ ਹੋਏ ਹੈ ਅਤੇ ਜਲਦ ਹੀ ਇਸ ਨੂੰ ਸੁਲਝਾ ਕੇ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਨਗਰ ਨਿਗਮ ਦੇ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਅਰਸ਼ਦੀਪ ਸਿੰਘ ਨੇ ਦੁਨੀਆ ਭਰ 'ਚ ਵਧਾਇਆ ਜਲੰਧਰ ਦਾ ਮਾਣ, ਕੈਮਰੇ 'ਚ ਕੈਦ ਕੀਤੀ ਇਹ ਖ਼ੂਬਸੂਰਤ ਤਸਵੀਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ