ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਨੇ ਹਮੇਸ਼ਾ ਮਾਨਵਤਾ ਤੇ ਭਾਈਚਾਰੇ ਦਾ ਦਿੱਤਾ ਸੰਦੇਸ਼: ਬ੍ਰਹਮ ਸ਼ੰਕਰ ਜਿੰਪਾ
Sunday, Feb 05, 2023 - 11:40 AM (IST)

ਹੁਸ਼ਿਆਰਪੁਰ (ਘੁੰਮਣ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਦਿਨ ਸ਼ਹਿਰ ਵਿਚ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸੈਸ਼ਨ ਚੌਂਕ ਵਿਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਿੱਥੇ ਲੰਗਰ ਲਗਾ ਕੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ, ਉਥੇ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਵੀ ਲਗਾਈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਹਮੇਸ਼ਾ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਮਾਨਵਤਾਵਾਦੀ ਵਿਚਾਰਧਾਰਾ ਦਾ ਉਪਦੇਸ਼ ਦਿੰਦੇ ਹੋਏ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਲਾਰੈਂਸ ਚੌਧਰੀ ਰਾਸ਼ਟਰੀ ਪ੍ਰਧਾਨ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਦੁਬਈ ’ਚ ਵੇਚ ਦਿੱਤੀ ਸੀ ਪੰਜਾਬਣ ਔਰਤ, ਸੰਤ ਸੀਚੇਵਾਲ ਦੇ ਸਦਕਾ ਪਰਤੀ ਘਰ, ਸੁਣਾਈ ਦੁੱਖ਼ ਭਰੀ ਦਾਸਤਾਨ
ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਇਕ ਐਸੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ, ਜਿੱਥੇ ਕਿਸੇ ਨੂੰ ਕਿਸੇ ਕਿਸਮ ਦੇ ਦੁੱਖ਼ ਵਿਚੋਂ ਨਹੀਂ ਲੰਘਣਾ ਪੈਂਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ’ਤੇ ਆਧਾਰਿਤ ਸਮਾਜ ਦੀ ਉਸਾਰੀ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਦਰਸ਼ਾਂ ਨੂੰ ਅਪਨਾਉਣ ਦੀ ਜ਼ਰੂਰਤ ਹੈ, ਕਿਉਂਕਿ ਉਨ੍ਹਾਂ ਨੇ ਬਿਨਾਂ ਭੇਦਭਾਵ ਦੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਤੇ ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਹੈ, ਜੋ ਕਿ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।