ਸੂਬੇ ਦੀ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ ਪੰਜਾਬ ਸਰਕਾਰ: ਬ੍ਰਹਮ ਸ਼ੰਕਰ ਜਿੰਪਾ

04/16/2022 6:31:14 PM

ਹੁਸ਼ਿਆਰਪੁਰ (ਘੁੰਮਣ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਜਨਤਾ ਨੂੰ 1 ਜੁਲਾਈ 2022 ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦੀ ਘੋਸ਼ਣਾ ਕਰਨ ’ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ। ਸਥਾਨਕ ਸੈਸ਼ਨ ਚੌਂਕ ਵਿਚ ਸ਼ਹਿਰ ਵਾਸੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਬਣਦੇ ਹੀ ਮੁੱਖ ਮੰਤਰੀ ਨੇ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਇਤਿਹਾਸਕ ਫ਼ੈਸਲੇ ਲੈਂਦੇ ਹੋਏ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿਚ ਨੌਜਵਾਨਾਂ ਨੂੰ 25 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੀ ਹਰੀ ਝੰਡੀ ਦਿੱਤੀ ਸੀ ਅਤੇ ਅੱਜ ਸਰਕਾਰ ਦਾ ਇਕ ਮਹੀਨਾ ਪੂਰਾ ਹੋਣ ’ਤੇ ਸੂਬੇ ਦੇ ਲੋਕਾਂ ਨੂੰ 1 ਜੁਲਾਈ 2022 ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦੀ ਘੋਸ਼ਣਾ ਕਰਕੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਕੜੀ ਵਿਚ ਇਕ ਹੋਰ ਕਦਮ ਵਧਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਆਪਣੇ ਇਕ ਮਹੀਨੇ ਦੇ ਕਾਰਜਕਾਲ ਵਿਚ ਪੰਜਾਬ ਵਿਚ ਇਕ ਸਕਰਾਤਮਕ ਪਹਿਲ ਕਰਦੇ ਹੋਏ ਫ਼ੈਸਲੇ ਲਏ ਹਨ, ਜਿਸ ਨੂੰ ਸੂਬੇ ਦੀ ਜਨਤਾ ਦਾ ਪੂਰਾ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭ੍ਰਿਸ਼ਟਾਚਾਰ ’ਤੇ ਪੂਰੀ ਤਰ੍ਹਾ ਰੋਕ ਲਗਾਉਣ ਲਈ ਐਂਟੀ ਕਰਪਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਗਈ, ਰਾਸ਼ਨ ਦੀ ਘਰਾਂ ਤੱਕ ਡਿਲੀਵਰੀ ਯਕੀਨੀ ਬਣਾਉਣ, ਕਿਸਾਨਾਂ ਨੂੰ 101 ਕਰੋੜ ਰੁਪਏ ਤੋਂ ਵੱਧ ਦਾ ਮੁਆਵਜਾ ਜਾਰੀ ਕਰਨ ਵਰਗੇ ਕਾਰਜ ਕੀਤੇ ਗਏ ਹਨ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਸੰਦੀਪ ਨੰਗਲ ਅੰਬੀਆਂ ਦੇ ਭਰਾ ਨੂੰ ਮਿਲਣ ਲੱਗੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਇਸ ਤੋਂ ਇਲਾਵਾ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਅਤੇ ਐੱਸ. ਐੱਸ. ਪੀਜ਼ ਅਤੇ ਪੁਲਸ ਕਮਿਸ਼ਨਰਾਂ ਨੂੰ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਵਾਸੀਆਂ ਨੂੰ ਇਕ ਸੁਰੱਖਿਅਤ ਮਾਹੌਲ ਮਿਲੇ। ਉਨ੍ਹਾਂ ਕਿਹਾ ਕਿ ਸਿਰਫ਼ ਇਕ ਮਹੀਨੇ ਵਿਚ ਹੀ ਸਰਕਾਰ ਨੇ ਸੂਬੇ ਵਿਚ ਨਿਵੇਕਲੇ ਕੰਮ ਕਰਕੇ ਲੋਕਾਂ ਦਾ ਪਹਿਲੇ ਨਾਲੋਂ ਵੀ ਵੱਧ ਵਿਸ਼ਵਾਸ ਹਾਸਲ ਕਰ ਲਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵਾਅਦਿਆਂ ਨੁੰ ਵੀ ਪੂਰਾ ਕਰਕੇ ਲੋਕਾਂ ਤੱਕ ਹਰ ਸੁਵਿਧਾ ਪਹੁੰਚਾਈ ਜਾਵੇਗੀ।ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਦਿਲੀਪ ਓਹਰੀ, ਕੌਂਸਲਰ ਜਸਪਾਲ ਸਿੰਘ ਚੇਚੀ, ਵਰਿੰਦਰ ਸ਼ਰਮਾ ਬਿੰਦੂ ਤੋਂ ਇਲਾਵਾ ਪਾਰਟੀ ਦੇ ਅਹੁਦੇਦਾਰ ਅਤੇ ਸ਼ਹਿਰ ਵਾਸੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਇਕ ਮਹੀਨਾ ਪੂਰਾ, ‘ਆਪ’ ਨੂੰ ਨਵੀਆਂ ਉਚਾਈਆਂ ’ਤੇ ਲਿਜਾ ਰਹੇ ਹਨ CM ਭਗਵੰਤ ਮਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News