ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹੈ ਨਿਪਟਾਰਾ : ਅਰੋਡ਼ਾ
Wednesday, Feb 26, 2020 - 11:39 AM (IST)
ਹੁਸ਼ਿਆਰਪੁਰ (ਘੁੰਮਣ)— ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨ ਲਈ ਪੰਜਾਬ ਸਰਕਾਰ ਪਹਿਲ ਦੇ ਆਧਾਰ ’ਤੇ ਕੰਮ ਕਰ ਰਹੀ ਹੈ, ਜਿਨ੍ਹਾਂ ਵਿਚ ਲੋਕਾਂ ਨੂੰ ਸਾਫ ਪਾਣੀ, ਸੀਵਰੇਜ ਆਦਿ ਦੀ ਸਹੂਲਤ ਮੁਹੱਈਆ ਕਰਵਾਉਣਾ ਪ੍ਰਮੁੱਖ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾ ਰਿਹਾ ਹੈ। ਇਹ ਵਿਚਾਰ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋਡ਼ਾ ਨੇ ਵਾਰਡ ਨੰਬਰ 29 ਦੇ ਰਾਇਲ ਐਨਕਲੇਵ ਵਿਚ ਵਾਟਰ ਸਪਲਾਈ ਦੀ ਪਾਈਪ ਪੁਆਉਣ ਅਤੇ ਸਡ਼ਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਨ ਮੌਕੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਜਲਦ ਸ਼ਹਿਰ ਦੀਆਂ ਹੋਰ ਸਡ਼ਕਾਂ ਦਾ ਨਿਰਮਾਣ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਸਬੰਧੀ ਸਾਰੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ।
ਅਰੋਡ਼ਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ੁਰੂ ਕੀਤੇ ਗਏ ਕਾਰਜ ਪੂਰੀ ਗੰਭੀਰਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਢਿੱਲੀ ਕਾਰਗੁਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਪੂਰੀ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ ਜਾਵੇ, ਤਾਂ ਜੋ ਜਨਤਾ ਨੂੰ ਸਮੇਂ-ਸਿਰ ਅਤੇ ਨਿਰੰਤਰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿਚ ਮਿਆਰ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਖੁਦ ਜਾ ਕੇ ਸਾਰੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ ਅਤੇ ਸਪੈਸ਼ਲ ਟੀਮ ਕੋਲੋਂ ਵੀ ਕੰਮਾਂ ਦੀ ਚੈਕਿੰਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ 40 ਕਰੋਡ਼ ਤੋਂ ਜ਼ਿਆਦਾ ਦੀ ਲਾਗਤ ਨਾਲ ਸੀਵਰੇਜ ਅਤੇ ਵਾਟਰ ਸਪਲਾਈ ਦਾ ਕਾਰਜ ਮੁਕੰਮਲ ਕਰਵਾਇਆ ਜਾਵੇਗਾ। ਸ਼ਹਿਰ ਵਿਚ ਇਸ ਪ੍ਰਾਜੈਕਟ ਦੇ ਮਾਧਿਅਮ ਨਾਲ 9.59 ਕਰੋਡ਼ ਰੁਪਏ ਦੀ ਲਾਗਤ ਨਾਲ 55 ਕਿਲੋਮੀਟਰ ਵਾਟਰ ਸਪਲਾਈ ਅਤੇ 30.83 ਕਰੋਡ਼ ਰੁਪਏ ਦੀ ਲਾਗਤ ਨਾਲ 56 ਕਿਲੋਮੀਟਰ ਸੀਵਰੇਜ ਪਾਈਪ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਰਾਜਨੀਤੀ ਤੋਂ ਉਪਰ ਉੱਠ ਕੇ ਵਿਕਾਸ ਕਾਰਜ ਕਰਵਾਉਣ ਵਿਚ ਵਿਸ਼ਵਾਸ ਰੱਖਦੀ ਹੈ। ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ’ ਯੋਜਨਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੱਡੇ ਪੱਧਰ ’ਤੇ ਮੇਲੇ ਅਤੇ ਪਲੇਸਮੈਂਟ ਕੈਂਪ ਲੁਆਉਣ ਦਾ ਸਿਲਸਿਲਾ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਵਿਚ ਹੋਰ ਵੱਡੇ ਉਦਯੋਗਿਕ ਯੂਨਿਟ ਸਥਾਪਤ ਕਰ ਕੇ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ।
ਇਸ ਮੌਕੇ ਕੌਂਸਲਰ ਮੋਹਨ ਲਾਲ ਪਹਿਲਵਾਨ, ਤੀਰਥ ਸਿੰਘ ਸੈਣੀ, ਜਗਤਾਰ ਸਿੰਘ ਢੀਂਡਸਾ, ਅਮਰਜੀਤ ਹਾਰਟਾ, ਸੁਖਵਿੰਦਰ ਸਿੰਘ, ਕਰਨੈਲ ਸਿੰਘ, ਬਲਵੀਰ ਸਿੰਘ, ਭੁਪੇਸ਼ ਕੁਮਾਰ, ਦਿਨੇਸ਼ ਨਾਗਪਾਲ, ਗੁਰਦੀਪ ਸਿੰਘ, ਜਗੀਰ ਸਿੰਘ ਅਤੇ ਰਾਜਨ ਬੇਰੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।