ਪੰਜਾਬ ਦੇ ਮੁੱਦਿਆਂ ਸਬੰਧੀ ਕੈਪਟਨ ਤੇ ਸਾਬਕਾ ਕੇਂਦਰੀ ਮੰਤਰੀ ਗਿੱਲ ਨੇ ਕੀਤਾ ਵਿਚਾਰ-ਵਟਾਂਦਰਾ

Sunday, Nov 11, 2018 - 10:25 AM (IST)

ਪੰਜਾਬ ਦੇ ਮੁੱਦਿਆਂ ਸਬੰਧੀ ਕੈਪਟਨ ਤੇ ਸਾਬਕਾ ਕੇਂਦਰੀ ਮੰਤਰੀ ਗਿੱਲ ਨੇ ਕੀਤਾ ਵਿਚਾਰ-ਵਟਾਂਦਰਾ

ਜਲੰਧਰ (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੀਤੇ ਦਿਨ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ ਨੇ ਮੁਲਾਕਾਤ ਕੀਤੀ, ਜਿਸ 'ਚ ਪੰਜਾਬ ਦੇ ਹਿੱਤਾਂ ਨਾਲ ਜੁੜੇ ਮਸਲਿਆਂ 'ਤੇ ਦੋਵਾਂ ਆਗੂਆਂ ਵੱਲੋਂ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਗਿੱਲ ਨੇ ਮੁੱਖ ਮੰਤਰੀ ਨਾਲ ਚਰਚਾ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ 'ਚ ਕਿਸਾਨਾਂ ਅਤੇ ਉਦਯੋਗਾਂ ਨੂੰ ਲੈ ਕੇ ਜੋ ਕਦਮ ਚੁੱਕੇ ਗਏ ਹਨ ਉਸ ਨਾਲ ਸੂਬੇ ਦੀ ਅਰਥ ਵਿਵਸਥਾ ਹੋਰ ਮਜ਼ਬੂਤ ਹੋਵੇਗੀ। ਮੁੱਖ ਮੰਤਰੀ ਨੇ ਗਿੱਲ ਨੂੰ ਆਪਣੇ ਵੱਲੋਂ ਲਿਖੀਆਂ ਗਈਆਂ ਪੁਸਤਕਾਂ ਦੇ ਸੈੱਟ ਵੀ ਭੇਟ ਕੀਤੇ। ਗਿੱਲ ਜੋ ਕਿ ਮੁੱਖ ਚੋਣ ਕਮਿਸ਼ਨਰ ਵੀ ਰਹਿ ਚੁੱਕੇ ਹਨ, ਉਹ ਯੂ. ਪੀ. ਏ. ਸਰਕਾਰ 'ਚ ਕੇਂਦਰੀ ਮੰਤਰੀ ਦੇ ਅਹੁਦੇ 'ਤੇ ਵੀ ਰਹੇ ਹਨ।

ਮੁੱਖ ਮੰਤਰੀ ਨੇ ਗਿੱਲ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੂੰ ਵਿਰਾਸਤ 'ਚ ਸਾਬਕਾ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਕਰਜ਼ਿਆਂ ਦੇ ਬੋਝ ਹੇਠਾਂ ਦੱਬੀ ਅਰਥ ਵਿਵਸਥਾ ਮਿਲੀ ਸੀ। ਪੰਜਾਬ ਸਰਕਾਰ ਵੱਲੋਂ ਕੀਤੇ ਯਤਨਾਂ ਅਤੇ ਲਏ ਗਏ ਸਖਤ ਫੈਸਲਿਆਂ ਤੋਂ ਬਾਅਦ ਆਰਥਿਕ ਸਥਿਤੀ 'ਚ ਸੁਧਾਰ ਦੇ ਸੰਕੇਤ ਨਜ਼ਰ ਆਏ ਹਨ ਪਰ ਅਜੇ ਵੀ ਕਾਫੀ ਕੁਝ ਕਰਨਾ ਬਾਕੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਿਹਾ ਕਿ ਸੂਬੇ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕੀਤੇ ਬਿਨਾਂ ਪੰਜਾਬ ਤਰੱਕੀ ਦੀ ਰਾਹ 'ਤੇ ਅੱਗੇ ਨਹੀਂ ਵਧ ਸਕਦਾ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਯੂ. ਪੀ. ਏ. ਦੀ ਸਰਕਾਰ ਬਣੇਗੀ। ਗਿੱਲ ਨੇ ਵੀ ਮੁੱਖ ਮੰਤਰੀ ਨੂੰ ਕਿਹਾ ਕਿ ਕੇਂਦਰ ਦੀ ਮੌਜੂਦਾ ਰਾਜਗ ਸਰਕਾਰ ਦੀ ਸਿਆਸੀ ਹਾਲਤ ਦਿਨ-ਬ-ਦਿਨ ਖਰਾਬ ਹੋ ਰਹੀ ਹੈ।


author

shivani attri

Content Editor

Related News