ਮੰਡੀਆਂ ''ਚੋਂ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ : ਕੈਪਟਨ

10/18/2019 9:35:20 PM

ਜਲੰਧਰ (ਧਵਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿਚ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰੀ ਖਰੀਦ ਏਜੰਸੀਆਂ ਵਲੋਂ ਖਰੀਦਿਆ ਜਾਵੇਗਾ ਅਤੇ ਨਾਲ ਹੀ ਕਿਸਾਨਾਂ ਨੂੰ ਸਮੇਂ 'ਤੇ ਭੁਗਤਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅੱਜ ਇਥੇ ਸਰਕਾਰੀ ਅਧਿਕਾਰੀਆਂ ਨਾਲ ਬੈਠਕ ਕਰ ਕੇ ਝੋਨੇ ਦੀ ਚੱਲ ਰਹੀ ਖਰੀਦ ਦੇ ਬਾਰੇ ਵਿਚ ਜਾਣਕਾਰੀ ਲਈ। ਮੁੱਖ ਮੰਤਰੀ ਦੇ ਨਾਲ ਬੈਠਕ ਵਿਚ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮੁੱਖ ਮੰਤਰੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਝੋਨੇ ਦੀ ਖਰੀਦ ਬਾਰੇ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਹਨ।

ਮੁੱਖ ਮੰਤਰੀ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਆ ਰਹੀ ਹੈ ਅਤੇ ਖਰੀਦ ਏਜੰਸੀਆਂ ਮੰਡੀਆਂ ਵਿਚ ਝੋਨੇ ਦੀ ਪੂਰੀ ਖਰੀਦ ਕਰਨ 'ਚ ਲੱਗੀਆਂ ਹੋਈਆਂ ਹਨ। ਪੁਲਸ ਕਮਿਸ਼ਨਰ ਭੁੱਲਰ ਨੇ ਵੀ ਮੁੱਖ ਮੰਤਰੀ ਨੂੰ ਦੱਸਿਆ ਕਿ ਜ਼ਿਲਾ ਜਲੰਧਰ ਵਿਚ ਫਸਲ ਦੀ ਖਰੀਦ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਖਰੀਦਣ ਦੇ 24 ਘੰਟਿਆਂ ਅੰਦਰ ਪੇਮੈਂਟ ਦਾ ਭੁਗਤਾਨ ਕਰ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਖਰੀਦ ਵਿਚ ਕਿਸੇ ਤਰ੍ਹਾਂ ਦੀ ਕੋਤਾਹੀ ਸਹਿਣ ਨਹੀਂ ਕੀਤੀ ਜਾਵੇਗੀ।


Karan Kumar

Content Editor

Related News