ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

10/20/2019 3:11:33 PM

ਜਲੰਧਰ (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਬੀਤੇ ਦਿਨ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਿਲ ਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਡੇਰਾ ਬਾਬਾ ਨਾਨਕ 'ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਦੇਸ਼-ਵਿਦੇਸ਼ ਤੋਂ ਪਹੁੰਚਣਾ ਹੈ ਇਸ ਲਈ ਉਨ੍ਹਾਂ ਦੀਆਂ ਸਹੂਲਤਾਂ ਦਾ ਖਾਸ ਤੌਰ 'ਤੇ ਧਿਆਨ ਰੱਖਣਾ ਚਾਹੀਦਾ ਹੈ। ਮੁੱਖ ਮੰਤਰੀ ਨੂੰ ਸੂਚਿਤ ਕੀਤਾ ਗਿਆ ਕਿ ਡੇਰਾ ਬਾਬਾ ਨਾਨਕ 'ਚ ਕੈਂਟ ਸਿਟੀ ਬਣਾਉਣ ਦਾ ਕੰਮ 31 ਅਕਤੂਬਰ ਤੱਕ ਪੂਰਾ ਕਰ ਲਿਆ ਜਾਵੇਗਾ ਅਤੇ ਇਸ ਸਬੰਧ 'ਚ 60 ਫੀਸਦੀ ਕੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ। ਪੰਡਾਲ ਤੇ ਪਾਰਕਿੰਗ ਏਰੀਆ 65 ਏਕੜ ਜ਼ਮੀਨ 'ਤੇ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਵੀ 31 ਅਕਤੂਬਰ ਤੱਕ ਪੂਰਾ ਕਰ ਲਿਆ ਜਾਵੇਗਾ।

ਮੁੱਖ ਮੰਤਰੀ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਨੂੰ 9 ਸੈਕਟਰਾਂ 'ਚ ਪ੍ਰਕਾਸ਼ ਪੁਰਬ ਸਮਾਰੋਹਾਂ ਨੂੰ ਦੇਖਦੇ ਵੰਡਿਆ ਜਾ ਰਿਹਾ ਹੈ। ਸੁਰੱਖਿਆ ਅਤੇ ਪਾਰਕਿੰਗ ਪ੍ਰਬੰਧਾਂ ਵੱਲ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਸ਼ਰਧਾਲੂਆਂ ਨੂੰ ਲੈ ਕੇ ਜਾਣ ਲਈ ਖਾਸ ਟਰਾਂਸਪੋਰਟੇਸ਼ਨ ਪ੍ਰਬੰਧ ਕੀਤੇ ਗਏ ਹਨ। ਲੰਗਰ ਕਮੇਟੀਆਂ ਨੂੰ ਲੰਗਰ ਲਾਉਣ ਵਾਲੀਆਂ ਥਾਵਾਂ ਵੰਡ ਦਿੱਤੀਆਂ ਗਈਆਂ ਹਨ। ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇਗਾ। ਮੁੱਖ ਮੰਤਰੀ ਨੂੰ ਦੱਸਿਆ ਕਿ ਸਮਰਪਣ ਪ੍ਰਾਜੈਕਟ ਦੇ ਤਹਿਤ 550 ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਇਸ ਮੌਕੇ ਆਈ. ਜੀ. ਬਾਰਡਰ ਰੇਂਜ ਐੱਸ. ਪੀ. ਐੱਸ. ਪਰਮਾਰ, ਐੱਸ. ਐੱਸ. ਪੀ. ਸਵਰਨਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।


shivani attri

Content Editor

Related News