ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕੀਤੇ ਜਾਣਗੇ : DSP ਬਾਜਵਾ
Wednesday, Jan 07, 2026 - 11:08 PM (IST)
ਟਾਂਡਾ ਉੜਮੁੜ, (ਵਰਿੰਦਰ ਪੰਡਿਤ)– ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਪੁਲਸ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਚਾਈਨਾ ਡੋਰ ਨਾ ਸਿਰਫ਼ ਕਾਨੂੰਨਨ ਗ਼ੈਰਕਾਨੂੰਨੀ ਹੈ, ਸਗੋਂ ਇਹ ਮਨੁੱਖੀ ਜਾਨਾਂ ਅਤੇ ਪਸ਼ੂ-ਪੰਛੀਆਂ ਲਈ ਵੀ ਘਾਤਕ ਸਾਬਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਚਾਈਨਾ ਡੋਰ ਨਾਲ ਕਈ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਵਿੱਚ ਨੌਜਵਾਨਾਂ ਅਤੇ ਬੱਚਿਆਂ ਦੀਆਂ ਜਾਨਾਂ ਤੱਕ ਚਲੀ ਗਈਆਂ ਹਨ। ਇਸ ਕਾਰਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਖਰੀਦ-ਫ਼ਰੋਖ਼ਤ ਅਤੇ ਸਟੋਰੇਜ ਉੱਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਡੀ.ਐੱਸ.ਪੀ. ਬਾਜਵਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਚਾਈਨਾ ਡੋਰ ਵੇਚਦਾ, ਖਰੀਦਦਾ ਜਾਂ ਵਰਤਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਮੁਕੱਦਮਾ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸ਼ੱਕੀ ਦੁਕਾਨਾਂ ’ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁਰੱਖਿਅਤ ਅਤੇ ਮਨਜ਼ੂਰਸ਼ੁਦਾ ਸੂਤੀ ਡੋਰ ਦੀ ਹੀ ਵਰਤੋਂ ਕਰਨ ਅਤੇ ਜੇਕਰ ਕਿਸੇ ਥਾਂ ’ਤੇ ਚਾਈਨਾ ਡੋਰ ਦੀ ਵਿਕਰੀ ਹੋ ਰਹੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਡੀ.ਐੱਸ .ਪੀ. ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਘਾਤਕ ਡੋਰ ਤੋਂ ਸਮਾਜ ਨੂੰ ਬਚਾਇਆ ਜਾ ਸਕਦਾ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਦੀ ਜਾਨਮਾਲ ਦੀ ਸੁਰੱਖਿਆ ਕਰਨੀ ਹੈ ਅਤੇ ਚਾਈਨਾ ਡੋਰ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।
