ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ
Sunday, Jan 12, 2025 - 07:43 AM (IST)
ਜਲੰਧਰ (ਧਵਨ)– ਸੂਬੇ ’ਚ ਚਾਈਨਾ ਡੋਰ ’ਤੇ ਨਜ਼ਰ ਰੱਖਣ ਲਈ ਪੰਜਾਬ ਪੁਲਸ ਡਰੋਨ ਦੀ ਮਦਦ ਲਵੇਗੀ। ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਸਬੰਧੀ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਲਿਖਤੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ, ਜਿਨ੍ਹਾਂ ਵਿਚ ਚਾਈਨਾ ਡੋਰ ਦੀ ਵਰਤੋਂ ਨੂੰ ਹਰ ਹਾਲਤ ’ਚ ਰੋਕਣ ਲਈ ਕਿਹਾ ਗਿਆ ਹੈ। ਡੀ. ਜੀ. ਪੀ. ਵੱਲੋਂ ਦਿੱਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਰੇ ਪੁਲਸ ਅਧਿਕਾਰੀ ਆਪੋ-ਆਪਣੇ ਅਧਿਕਾਰ ਖੇਤਰ ’ਚ ਚਾਈਨਾ ਡੋਰ ਦੀ ਵਰਤੋਂ ਨੂੰ ਰੋਕ ਕੇ ਸਬੰਧਤ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ। ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀ ਜਾਨ ਦੀ ਰਾਖੀ ਲਈ ਚਾਈਨਾ ਡੋਰ ਖਿਲਾਫ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਨਵੇਂ ਸਾਲ 'ਚ ਅਮਰੀਕਾ ਨੇ ਬਦਲੇ H-1B ਵੀਜ਼ਾ ਨਿਯਮ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
ਪੁਲਸ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਡਰੋਨ ਰਾਹੀਂ ਪਤਾ ਲਾਵੇ ਕਿ ਕਿਨ੍ਹਾਂ-ਕਿਨ੍ਹਾਂ ਥਾਵਾਂ ’ਤੇ ਲੋਕਾਂ ਵੱਲੋਂ ਚਾਈਨਾ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ ਕਿਉਂਕਿ ਸੂਬੇ ਵਿਚ ਚਾਈਨਾ ਡੋਰ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਚਾਈਨਾ ਡੋਰ ਦੀ ਵਰਤੋਂ ਕਾਰਨ ਕਈ ਹਾਦਸੇ ਹੋ ਚੁੱਕੇ ਹਨ, ਜਿਨ੍ਹਾਂ ਵਿਚ ਕਈ ਅਨਮੋਲ ਜਾਨਾਂ ਵੀ ਜਾ ਚੁੱਕੀਆਂ ਹਨ। ਇਸ ਦੀ ਭਵਿੱਖ ਵਿਚ ਦੁਹਰਾਈ ਨਹੀਂ ਹੋਣ ਦਿੱਤੀ ਜਾਵੇਗੀ। ਡੀ. ਜੀ. ਪੀ. ਦੇ ਹੁਕਮਾਂ ਪਿੱਛੋਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਤੇ ਹੋਰ ਥਾਵਾਂ ’ਤੇ ਡਰੋਨ ਰਾਹੀਂ ਚਾਈਨਾ ਡੋਰ ਦਾ ਪਤਾ ਲਾਉਣ ਲਈ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਆ ਰਹੇ ਬਸੰਤ ਪੰਚਮੀ ਦੇ ਤਿਉਹਾਰ ਦੌਰਾਨ ਆਕਾਸ਼ ਵਿਚ ਪਤੰਗ ਉੱਡਦੇ ਨਜ਼ਰ ਆਉਣਗੇ, ਜਿਸ ਨੂੰ ਵੇਖਦਿਆਂ ਪੁਲਸ ਵੱਲੋਂ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਤੇਜ਼ ਕਰ ਦਿੱਤੀ ਜਾਵੇਗੀ ਅਤੇ ਕਈਆਂ ਖਿਲਾਫ ਐੱਫ. ਆਈ. ਆਰ. ਵੀ ਦਰਜ ਕੀਤੀ ਜਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।