ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ, ਕੀਤੇ ਗਏ ਸਖ਼ਤ ਪ੍ਰਬੰਧ : ਆਸ਼ਿਕਾ ਜੈਨ
Friday, Dec 12, 2025 - 07:14 PM (IST)
ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ 2025 ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਹੋ ਰਹੀਆਂ ਹਨ ਅਤੇ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਨ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਉਨ੍ਹਾਂ ਦੱਸਿਆ ਕਿ 25 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ਕੁੱਲ੍ਹ 80 ਉਮੀਦਵਾਰ ਚੋਣ ਲੜ ਰਹੇ ਹਨ, ਜਦਕਿ 208 ਪੰਚਾਇਤ ਸੰਮਤੀ ਸੀਟਾਂ ’ਚੋਂ 17 ’ਤੇ ਸਹਿਮਤੀ ਬਣ ਗਈ ਹੈ ਅਤੇ ਬਾਕੀ 191 ਜ਼ੋਨਾਂ ਲਈ 582 ਉਮੀਦਵਾਰ ਚੋਣ ਲੜ ਰਹੇ ਹਨ। ਜ਼ਿਲ੍ਹੇ ’ਚ ਕੁੱਲ੍ਹ 1,683 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ ਅਤੇ ਹਰੇਕ ਬੂਥ ’ਤੇ ਪੰਜ ਮੈਂਬਰੀ ਪੋਲਿੰਗ ਪਾਰਟੀ ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਵੱਲੋਂ 16 ਦਸੰਬਰ ਤੱਕ ਦੀ ਵੱਡੀ ਭਵਿੱਖਬਾਣੀ, ਪੜ੍ਹੋ ਤਾਜ਼ਾ ਅਪਡੇਟ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਿੰਗ ਦੌਰਾਨ, ਹਰੇਕ ਵੋਟਰ ਨੂੰ 2 ਬੈਲਟ ਪੇਪਰ ਦਿੱਤੇ ਜਾਣਗੇ। ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਲਈ ਇਕ ਪੀਲਾ ਬੈਲਟ ਪੇਪਰ ਅਤੇ ਪੰਚਾਇਤ ਸੰਮਤੀ ਉਮੀਦਵਾਰ ਲਈ ਇਕ ਚਿੱਟਾ ਬੈਲਟ ਪੇਪਰ ਹੋਵੇਗਾ, ਜੋਕਿ ਪੋਲਿੰਗ ਬੂਥ ’ਤੇ ਉਪਲੱਬਧ ਵੱਖਰੇ ਬੈਲਟ ਬਕਸਿਆਂ ’ਚ ਪਾਉਣਾ ਲਾਜ਼ਮੀ ਹੈ। ਸੁਚਾਰੂ ਅਤੇ ਸੁਰੱਖਿਅਤ ਵੋਟਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ, ਪੁਲਸ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਪਾ ਸਕਣ। ਉਨ੍ਹਾਂ ਦੱਸਿਆ ਕਿ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੈ ਅਤੇ ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਮੇਂ ਸਿਰ ਪੋਲਿੰਗ ਸਟੇਸ਼ਨ ’ਤੇ ਪਹੁੰਚਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 17 ਦਸੰਬਰ ਨੂੰ ਹੋਵੇਗਾ...
ਆਸ਼ਿਕਾ ਜੈਨ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ 2025 ਨੂੰ ਹੋਵੇਗੀ, ਜਿਸ ਲਈ ਜ਼ਿਲ੍ਹੇ ਦੇ ਸਾਰੇ 10 ਬਲਾਕਾਂ ’ਚ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਉਥੇ ਗਿਣਤੀ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਵਿਭਾਗ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਵਚਨਬੱਧ ਹਨ ਅਤੇ ਸਾਰੇ ਵਿਭਾਗਾਂ ਵਿਚਕਾਰ ਸ਼ਾਨਦਾਰ ਤਾਲਮੇਲ ਸਥਾਪਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਅਰਮੀਨੀਆ ਵਿਖੇ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
