ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

Sunday, Sep 01, 2024 - 11:32 AM (IST)

ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਬਠਿੰਡਾ/ਚੰਡੀਗੜ੍ਹ/ਜਲੰਧਰ (ਵਰਮਾ, ਅੰਕੁਰ, ਧਵਨ)-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਏ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ’ਚ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਗਏ ਬਿਆਨ ਅਤੇ ਰਿਕਾਰਡਿੰਗ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਕਤ ਕੰਪਿਊਟਰ ਆਪਰੇਟਰ ਨੇ ਉਸ ਦੇ ਚਾਚਾ ਦੇ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸ ਦੀ ਮਦਦ ਕਰਨ ਦੇ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ। ਇਸ ਮੰਗ ਨੂੰ ਲੈ ਕੇ ਹੋਈ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਇਲ ’ਚ ਰਿਕਾਰਡ ਕਰ ਲਿਆ ਗਿਆ, ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਉਕਤ ਮੁਲਜ਼ਮ ਲਾਭਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਫੜਨ ਲਈ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਪਾਇਆ ਪਰ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪਸ਼ਟੀਕਰਨ

ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਪਿੱਛਾ ਕਰਨ ’ਤੇ ਮੁਲਜ਼ਮ ਨੂੰ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਕਿਲੀ ਨਿਹਾਲ ਸਿੰਘ ਵਾਲਾ ਬੱਸ ਸਟਾਪ ਦੇ ਕੋਲੋਂ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਕਬਜ਼ੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ’ਚ ਕੰਪਿਊਟਰ ਆਪਰੇਟਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧ ’ਚ ਅਗਲੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ- ਵੱਡੀ ਘਟਨਾ: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀਆਂ ਲੱਗਣ ਕਾਰਨ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News