ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ
Monday, Jun 29, 2020 - 01:17 PM (IST)

ਜਲੰਧਰ (ਸੋਨੂੰ, ਚੋਪੜਾ)— ਪੰਜਾਬ ਦੇ ਅੰਦਰ ਅੱਜ ਕਾਂਗਰਸ ਵੱਲੋਂ ਦੇਸ਼ 'ਚ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਪ੍ਰਦਰਸ਼ਨ 'ਚ ਕਈ ਬੀਬੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਪ੍ਰਦਰਸ਼ਨਕਾਰੀ ਕਾਂਗਰਸੀ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਲੋਕਾਂ ਦੀ ਜੇਬ ਨਾਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੋਹਾਂ ਦੂਰ ਹਨ। ਇਸ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਸੌਂਪਿਆ ਗਿਆ।
ਇਥੇ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ 22 ਦਿਨਾਂ 'ਚ ਪੈਟਰੋਲ-ਡੀਜ਼ਲ 'ਚ ਬੇਤਹਾਸ਼ਾ ਵਾਧਾ ਕਰ ਦਿੱਤਾ ਗਿਆ ਹੈ, ਜਿਸ ਨਾਲ ਦੇਸ਼ ਦੀ ਜਨਤਾ 'ਚ ਕੇਂਦਰ ਦੀ ਜੁਮਲੇਬਾਜ਼ੀ ਵਾਲੀ ਮੋਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਹੈ। ਇਸ ਮੌਕੇ ਸੰਤੋਖ ਸਿੰਘ ਚੌਧਰੀ ਤੋਂ ਇਲਾਵਾ ਪ੍ਰਗਟ ਸਿੰਘ, ਵਿਧਾਇਕ ਬਾਵਾ ਹੈਨਰੀ, ਵਿਧਾਇਕ ਰਾਜਿੰਦਰ ਬੇਰੀ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਸਨ।