ਕੋਰੋਨਾ ਵਾਇਰਸ ਨੂੰ ਲੈ ਕੇ ਅਧਿਕਾਰੀ ਲੋਕਾਂ ਨੂੰ ਬਿਨਾਂ ਘਬਰਾਹਟ ਪੈਦਾ ਕੀਤੇ ਕਰਨ ਜਾਗਰੂਕ : ਡਿਪਟੀ ਕਮਿਸ਼ਨਰ

03/03/2020 4:49:42 PM

ਜਲੰਧਰ (ਚੋਪੜਾ)— ਵਿਸ਼ਵ 'ਚ ਫੈਲ ਰਹੇ ਕੋਰੋਨਾ ਵਾਇਰਸ ਨੂੰ ਲੈ ਕੇ ਅਧਿਕਾਰੀ ਲੋਕਾਂ 'ਚ ਬਿਨਾਂ ਘਬਰਾਹਟ ਪੈਦਾ ਕੀਤੇ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਉਕਤ ਦਿਸ਼ਾ-ਨਿਰਦੇਸ਼ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ 'ਚ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਚੀਨ 'ਚ 3000 ਤੋਂ ਵੱਧ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਅਤੇ ਪ੍ਰਹੇਜ਼ ਨਾਲ ਹੀ ਇਸ ਗੰਭੀਰ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਰੋਗ ਨੂੰ ਫੈਲਣ ਤੋਂ ਰੋਕਣ ਲਈ ਹਰ ਵਿਭਾਗ ਨੂੰ ਇਸ ਨਾਲ ਸਬੰਧਤ ਜ਼ਿਆਦਾ ਤੋਂ ਜ਼ਿਆਦਾ ਪ੍ਰਚਾਰ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਹ ਵਾਇਰਸ ਜੋ ਕਿ ਚੀਨ ਤੋਂ ਪੈਦਾ ਹੋਇਆ ਹੈ, ਹੁਣ ਵਿਸ਼ਵ ਦੇ 61 ਦੇਸ਼ਾਂ 'ਚ ਫੈਲ ਚੁੱਕਾ ਹੈ, ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਲਈ ਹਰ ਵਿਭਾਗ ਦੀ ਭੂਮਿਕਾ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀ ਬਾਰੀਕੀ ਨਾਲ ਸਿਹਤ ਜਾਂਚ ਕਰਨੀ ਚਾਹੀਦੀ ਹੈ। ਹਾਲਾਂਕਿ ਇਸ ਵਾਇਰਸ ਦੇ ਲੱਛਣ 15 ਦਿਨਾਂ ਬਾਅਦ ਦਿਖਾਈ ਦਿੰਦੇ ਹਨ, ਇਸ ਲਈ ਸਾਰਿਆਂ ਨੂੰ ਖਾਸ ਧਿਆਨ ਰੱਖਣ ਦੀ ਜ਼ਰੂਰਤ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਪ੍ਰਤੀ ਖਾਸ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਹਰ ਵਿਭਾਗ ਵੱਲੋਂ ਲੋਕਾਂ ਨੂੰ ਠੀਕ ਮਾਰਗ ਦਰਸ਼ਨ ਕਰਨ ਤੋਂ ਇਲਾਵਾ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਗੰਭੀਰ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਸਾਰੇ ਵਿਭਾਗਾਂ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤ ਲਿਆ ਜਾਵੇਗਾ। ਇਸ ਮੌਕੇ 'ਤੇ ਸਿਵਲ ਸਰਜਨ ਜਲੰਧਰ ਡਾ. ਗੁਰਿੰਦਰ ਕੌਰ ਚਾਵਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਲੱਛਣ ਵੀ ਆਮ ਵਾਇਰਸ ਦੀ ਤਰ੍ਹਾਂ ਹੀ ਹਨ। ਇਸ ਵਾਇਰਸ ਦੀ ਰੋਕਥਾਮ ਲਈ ਲੋਕਾਂ ਨੂੰ ਇਕ ਮੀਟਰ ਦੀ ਦੂਰੀ ਬਣਾ ਕੇ ਰੱਖਣ, ਭੀੜ-ਭਾੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਪ੍ਰਹੇਜ਼ ਕਰੀਏ ਅਤੇ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋਈਏ। ਡਾ. ਚਾਵਲਾ ਨੇ ਦੱਸਿਆ ਕਿ ਇਸ ਨਾਲ ਸਬੰਧਤ ਸਿਹਤ ਵਿਭਾਗ ਦੀ ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕਰਨ ਤੋਂ ਇਲਾਵਾ ਸਪੈਸ਼ਲ ਆਈਸੋਲੇਸ਼ਨ ਸੈਂਟਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲੇ 'ਚ ਕੋਈ ਵੀ ਅਜਿਹਾ ਕੇਸ ਸਾਹਮਣੇ ਨਹੀਂ ਆਇਆ।

ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਸ ਅਰੁਣ ਸੈਨੀ, ਉਪ ਮੰਡਲ ਮੈਜਿਸਟ੍ਰੇਟ ਅਧਿਕਾਰੀ ਅਮਿਤ ਕੁਮਾਰ, ਰਾਹੁਲ ਸਿੰਧੂ, ਡਾ. ਸੰਜੀਵ ਸ਼ਰਮਾ ਅਤੇ ਡਾ. ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਰਾਜੀਵ ਵਰਮਾ, ਐਡੀਸ਼ਨਲ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਬਰਜਿੰਦਰ ਸਿੰਘ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਡਾ. ਨਯਨ ਜੱਸਲ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਅਨੁਪਮ ਕਲੇਰ, ਡਾ. ਸਤੀਸ਼ ਕੁਮਾਰ, ਡਾ. ਸ਼ੋਭਨਾ ਬਾਂਸਲ ਅਤੇ ਹੋਰ ਵੀ ਮੌਜੂਦ ਸਨ।


shivani attri

Content Editor

Related News