DC ਵੱਲੋਂ SDM ਨੂੰ ਹੁਕਮ, ਸਿਨੇਮਾ ਹਾਲ, ਸ਼ਾਪਿੰਗ ਮਾਲ ਸਣੇ ਹਰ ਸੈਂਟਰ ਸਖਤੀ ਨਾਲ ਹੋਣ ਬੰਦ
Wednesday, Mar 18, 2020 - 06:08 PM (IST)

ਹੁਸ਼ਿਆਰਪੁਰ (ਘੁੰਮਣ)— ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਸਾਰੇ ਸਿਨੇਮਾ ਹਾਲ, ਜਿੰਮ, ਸਵਿਮਿੰਗ ਪੂਲ, ਸ਼ਾਪਿੰਗ ਮਾਲ, ਕਲੱਬ, ਕੋਚਿੰਗ ਤੇ ਆਇਲਟਸ ਸੈਂਟਰਾਂ ਸਮੇਤ ਹਰ ਤਰ੍ਹਾਂ ਦੇ ਸੈਂਟਰ ਆਦਿ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ 'ਚ ਹਰ ਤਰ੍ਹਾਂ ਦੇ ਖੇਡ ਮੁਕਾਬਲੇ, ਕਾਨਫਰੰਸਾਂ, ਸਭਿਆਚਾਰਕ ਸਮਾਗਮ, ਮੇਲੇ, ਪ੍ਰਦਰਸ਼ਨੀਆਂ ਅਤੇ ਹੋਰ ਜਨਤਕ ਇਕੱਠਾਂ 'ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਹੁਕਮ ਐਪੀਡੈਮਿਕ ਡਿਜੀਜਜ਼ ਐਕਟ 1897 ਅਧੀਨ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ 'ਤੇ ਆਈ. ਪੀ. ਸੀ. ਦੇ ਸੈਕਸ਼ਨ 188 (45 ਆਫ 1860) ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਰਿਆਤ ਨੇ ਸਪਸ਼ਟ ਕਰਦੇ ਕਿਹਾ ਕਿ ਕੈਮਿਸਟ ਅਤੇ ਰਾਸ਼ਨ ਦੀਆਂ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਰਹਿਣਗੀਆਂ। ਉਨ੍ਹਾਂ ਐੱਸ. ਡੀ. ਐਮਜ਼ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਆਉਂਦੇ ਸਿਨੇਮਾ ਹਾਲ, ਸ਼ਾਪਿੰਗ ਮਾਲ, ਜਿੰਮ, ਸਵਿਮਿੰਗ ਪੂਲ, ਕੋਚਿੰਗ ਤੇ ਆਇਲਟਸ ਸੈਂਟਰ ਸਮੇਤ ਹਰ ਤਰ੍ਹਾਂ ਦੇ ਸੈਂਟਰਾਂ, ਡਾਂਸ ਕਲਾਸਾਂ ਆਦਿ ਦੀ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ 50 ਵਿਅਕਤੀਆਂ ਤੋਂ ਵੱਧ ਇਕੱਠ ਨਹੀਂ ਕਰ ਸਕਣਗੇ। ਇਸ ਤੋਂ ਇਲਾਵਾ ਜ਼ਿਲੇ 'ਚ ਲੱਗ ਰਹੀਆਂ ਹਫਤਾਵਰੀ ਮੰਡੀਆਂ ਵੀ 31 ਮਾਰਚ ਤੱਕ ਬੰਦ ਰਹਿਣਗੀਆਂ। ਉਨ੍ਹਾਂ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕਰਦੇ ਕਿਹਾ ਕਿ 50 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕਿਸੇ ਵੀ ਬੀਮਾਰੀ ਦਾ ਇਲਾਜ ਕਰਵਾ ਰਹੇ ਵਿਅਕਤੀਆਂ ਦੀ ਕੋਰੋਨਾ ਵਾਇਰਸ (ਕੋਵਿਡ-19) ਸਬੰਧੀ ਸਕਰੀਨਿੰਗ ਕਰਨੀ ਵੀ ਯਕੀਨੀ ਬਣਾਈ ਜਾਵੇ ਅਤੇ ਸਬੰਧਤ ਮਰੀਜ਼ ਦੀ ਹਿਸਟਰੀ ਵੀ ਚੈਕ ਕੀਤੀ ਜਾਵੇ, ਤਾਂ ਜੋ ਪਤਾ ਲੱਗ ਸਕੇ ਕਿ ਉਸ ਨੇ ਪਿਛਲੇ ਦਿਨਾਂ ਵਿਚ ਕਿਸੇ ਦੇਸ਼ ਦੀ ਯਾਤਰਾ ਤਾਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਫਵਾਹਾਂ ਨੂੰ ਠੱਲ੍ਹ ਪਾਉਣ ਲਈ ਕੋਈ ਵੀ ਵਿਅਕਤੀ ਜਾਂ ਸੰਸਥਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਮਨਜ਼ੂਰੀ ਤੋਂ ਬਗੈਰ ਪਿੰ੍ਰਟ ਜਾਂ ਇਲੈਕਟ੍ਰੋਨਿਕ ਮੀਡੀਆ ਵਿਚ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਸਾਂਝੀ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਸਬੰਧੀ ਅਫਵਾਹਾਂ ਨਾ ਫੈਲ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹੀ ਕਾਰਵਾਈ ਕਰਦਾ ਸਾਹਮਣੇ ਆਇਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਰਿਆਤ ਨੇ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਲੈਬਾਰਟਰੀ ਵਲੋਂ ਕੋਰੋਨਾ ਵਾਇਰਸ ਸਬੰਧੀ ਟੈਸਟ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਹੀ ਲਏ ਜਾਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਵਿਦੇਸ਼ ਦਾ ਦੌਰਾ ਕੀਤਾ ਹੈ, ਤਾਂ ਇਸ ਦੀ ਜਾਣਕਾਰੀ ਆਪਣੇ ਨੇੜਲੇ ਸਿਹਤ ਕੇਂਦਰ ਜਾਂ ਟੋਲ ਫਰੀ ਨੰਬਰ 104 'ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਧੜਾਧੜ ਮਾਸਕ ਦੀ ਵਰਤੋਂ ਨਾ ਕੀਤੀ ਜਾਵੇ, ਕਿਉਂਕਿ ਤੰਦਰੁਸਤ ਵਿਅਕਤੀ ਨੂੰ ਮਾਸਕ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਮਾਸਕ ਅਤੇ ਸੈਨੀਟਾਈਜਰ ਜਿਆਦਾ ਕੀਮਤ ਵਿਚ ਵੇਚਣ ਵਾਲੇ ਵਿਅਕਤੀਆਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਸਾਹਮਣੇ ਨਹੀਂ ਆਇਆ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਬਹੁਤ ਜ਼ਰੂਰੀ ਹਨ।