ਪ੍ਰਸ਼ਾਸਨ ਨੇ ਸਫ਼ਾਈ ਕਾਮਿਆਂ ਨੂੰ ''ਕੋਰੋਨਾ ਯੋਧਿਆਂ'' ਦੇ ਬੈਜ ਲਾ ਕੇ ਕੀਤਾ ਸਨਮਾਨਤ

06/16/2020 1:41:49 PM

ਕਪੂਰਥਲਾ (ਮਹਾਜਨ/ਮਲਹੋਤਰਾ)— 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਖ਼ਿਲਾਫ਼ ਮੁਹਰਲੀ ਕਤਾਰ 'ਚ ਡਟੇ ਸਫ਼ਾਈ ਕਾਮਿਆਂ  ਨੂੰ ਕੋਰੋਨਾ ਯੋਧਿਆਂ ਦੇ ਬੈਜ ਲਗਾ ਕੇ ਸਨਮਾਨਤ ਕੀਤਾ ਗਿਆ। ਡਿਪਟੀ ਕਮਿਸ਼ਨਰ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਨ੍ਹਾਂ ਯੋਧਿਆਂ ਦਾ ਸਨਮਾਨ ਕਰਨ ਮੌਕੇ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਕਿਹਾ ਕਿ ਸਫ਼ਾਈ ਕਰਮੀਆਂ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ 'ਚ ਅਹਿਮ ਯੋਗਦਾਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਫ਼ਾਈ ਕਰਮੀ ਵੀ ਸਿਹਤ ਅਤੇ ਪੁਲਸ ਵਿਭਾਗ ਵਾਂਗ ਇਸ ਔਖੀ ਘੜੀ 'ਚ ਕੋਰੋਨਾ ਖ਼ਿਲਾਫ਼ ਮੂਹਰਲੀ ਕਤਾਰ 'ਚ ਡਟੇ ਹੋਏ ਹਨ, ਇਸ ਲਈ ਇਨ੍ਹਾਂ ਨੂੰ ਸਨਮਾਨ ਦੇਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਸਫ਼ਾਈ ਕਰਮੀ ਅਜਿਹੇ ਜਜ਼ਬੇ ਅਤੇ ਲਗਨ ਨਾਲ ਆਪਣੀਆਂ ਸੇਵਾਵਾਂ ਦੇਣਗੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਭਿਆਨਕ ਮਹਾਂਮਾਰੀ ਦਾ ਖ਼ਤਰਾ ਹਾਲੇ ਟਲਿਆ ਨਹੀਂ ਹੈ, ਇਸ ਲਈ ਸਾਨੂੰ ਆਪਣੀ, ਆਪਣੇ ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਬਿਨਾਂ ਕਾਰਨ ਘਰੋਂ ਬਾਹਰ ਨਾ ਨਿਕਲਣ, ਆਪਸੀ ਦੂਰੀ ਬਣਾ ਕੇ ਰੱਖਣ, ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨ, ਮਾਸਕ ਦੀ ਵਰਤੋਂ ਕਰਨ ਅਤੇ ਵਾਰ-ਵਾਰ ਹੱਥ ਧੋਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਕੋਰੋਨਾ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰਨਾਂ ਵਿਭਾਗਾਂ ਦੇ ਵੀ ਮੂਹਰਲੀ ਕਤਾਰ ਵਿਚ ਡਟੇ ਕੋਰੋਨਾ ਯੋਧਿਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਮੈਡਮ ਅੰਜੂ ਬਾਲਾ ਅਤੇ ਹੋਰ ਹਾਜ਼ਰ ਸਨ।


shivani attri

Content Editor

Related News