ਅਪਰਾਧਾਂ ਨੂੰ ਨੱਥ ਪਾਉਣਾ, ਨਸ਼ਿਆਂ ਦਾ ਖਾਤਮਾ ਪੰਜਾਬ ਪੁਲਸ ਲਈ ਪ੍ਰਮੁੱਖ ਤਰਜੀਹ

Friday, Oct 11, 2024 - 09:11 AM (IST)

ਅਪਰਾਧਾਂ ਨੂੰ ਨੱਥ ਪਾਉਣਾ, ਨਸ਼ਿਆਂ ਦਾ ਖਾਤਮਾ ਪੰਜਾਬ ਪੁਲਸ ਲਈ ਪ੍ਰਮੁੱਖ ਤਰਜੀਹ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) - ਸੂਬੇ ’ਚ ਛੋਟੇ ਅਪਰਾਧਾਂ ’ਤੇ ਕਾਬੂ ਪਾਉਣ ਤੇ ਨਸ਼ਿਆਂ ਦੇ ਖਾਤਮੇ ਸਬੰਧੀ ਪੰਜਾਬ ਪੁਲਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਸਾਰੇ ਫੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਕਰਕੇ ਜਬਰੀ ਵਸੂਲੀ ਦੀਆਂ ਕਾਲਾਂ, ਲੁੱਟ-ਖੋਹ, ਚੋਰੀ ਤੇ ਚੋਰੀ ਦੇ ਇਰਾਦੇ ਨਾਲ ਘੁਸਪੈਠ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਸਾਰੇ ਤੰਤਰਾਂ ਦੀ ਵਰਤੋਂ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਪੁਲਸ ਕਰਮਚਾਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਲੁੱਟ-ਖੋਹ ਸਮੇਤ ਛੋਟੇ ਅਪਰਾਧਾਂ ’ਚ ਤੁਰੰਤ ਐੱਫ. ਆਈ. ਆਰ. ਦਰਜ ਕਰਨੀ ਚਾਹੀਦੀ ਹੈ। ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦੀ ਸੂਰਤ ’ਚ ਸਬੰਧਤ ਅਧਿਕਾਰੀਆਂ, ਚਾਹੇ ਐੱਸ.ਐੱਸ.ਪੀ., ਡੀ.ਐੱਸ.ਪੀ. ਜਾਂ ਐੱਸ.ਐੱਚ.ਓ. ਹੋਵੇ, ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

ਡੀ. ਜੀ. ਪੀ. ਗੌਰਵ ਯਾਦਵ, ਜਿਨ੍ਹਾਂ ਨਾਲ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਮੌਜੂਦ ਸਨ, ਪੰਚਾਇਤੀ ਚੋਣਾਂ ਤੋਂ ਪਹਿਲਾਂ ਕਾਰਗੁਜ਼ਾਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਪੁਲਸ ਲਾਈਨ ਸੰਗਰੂਰ ਵਿਖੇ ਪਟਿਆਲਾ ਰੇਂਜ ਦੇ ਸਮੂਹ ਅਧਿਕਾਰੀਆਂ-ਪਟਿਆਲਾ, ਮਾਲੇਰਕੋਟਲਾ, ਸੰਗਰੂਰ ਤੇ ਬਰਨਾਲਾ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸੂਬੇ ਭਰ ’ਚ ਲੁੱਟ-ਖੋਹ ਅਤੇ ਨਸ਼ਿਆਂ ਦੀ ਵਿਕਰੀ ਦੇ ਹੌਟਸਪੌਟਸ ’ਤੇ ਕਲੋਜ਼ ਸਰਕਟ ਟੈਲੀਵਿਜ਼ਨ (ਸੀ. ਸੀ. ਟੀ. ਵੀ.) ਕੈਮਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ।

ਡੀ. ਜੀ. ਪੀ. ਨੇ ਐੱਸ.ਐੱਸ.ਪੀਜ਼. ਨੂੰ ਅਜਿਹੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਤੇ ਨਸ਼ੀਲੇ ਪਦਾਰਥਾਂ ਦੇ ਸਪਲਾਇਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਨ ਲਈ ਐੱਨ. ਡੀ. ਪੀ. ਐੱਸ. ਦੀ ਧਾਰਾ 68ਐੱਫ. ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਨਵੀਂ ਸ਼ੁਰੂ ਕੀਤੀ ‘ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ -9779100200’ ਰਾਹੀਂ ਪ੍ਰਾਪਤ ਹੋਈਆਂ ਸੂਚਨਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਵੀ ਕਿਹਾ।

 


author

Harinder Kaur

Content Editor

Related News