ਕ੍ਰਾਈਮ ਬਰਾਂਚ ਵੱਲੋਂ 100 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

03/21/2024 6:35:47 PM

ਜਲੰਧਰ- ਪੁਲਸ ਕਮਿਸ਼ਨਰ  ਸਵਪਨ ਸ਼ਰਮਾ ਦੀ ਅਗਵਾਈ ਹੇਠ ਕਰਾਈਮ ਬਰਾਂਚ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਦੀ ਟੀਮ ਨੇ 100 ਗ੍ਰਾਮ ਹੈਰੋਇਨ ਸਮੇਤ ਇਕ ਅਪਰਾਧੀ ਨੂੰ ਕਾਬੂ ਕਰਕੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪੁਲਸ ਕਪਤਾਨ ਇਨਵੈਸਟੀਗੇਸ਼ਨ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਸ਼ਹਿਰ ਅੰਦਰ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਨਗਰ ਨੇੜੇ ਪੁਲਸ ਪਾਰਟੀ ਤਾਇਨਾਤ ਸੀ ਤਾਂ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਉਨ੍ਹਾਂ ਕੋਲ ਆਉਂਦੇ ਦੇਖਿਆ। ਉਹਨਾਂ ਨੇ ਦੱਸਿਆ ਕਿ ਪੁਲਸ ਦੀ ਮੌਜੂਦਗੀ ਨੂੰ ਦੇਖ ਕੇ ਉਕਤ ਵਿਅਕਤੀ ਨੇ ਆਪਣੀ ਜੇਬ ਵਿੱਚੋਂ ਪੋਲੀਥੀਨ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਉਨਾਂ ਨੇ ਦੱਸਿਆ ਕਿ ਪੁਲਸ ਨੇ ਉਸ ਦੀਆਂ ਕਾਰਵਾਈਆਂ 'ਤੇ ਸ਼ੱਕ ਕਰਦੇ ਹੋਏ ਕੁਲਦੀਪ ਪੁੱਤਰ ਬਲਵਿੰਦਰ ਕੁਮਾਰ ਵਾਸੀ ਗਲੀ ਨੰਬਰ 1 ਨੇੜੇ ਅਜੀਤਪਾਲ ਫੈਕਟਰੀ, ਪਿੰਡ ਰੇਰੂ ਜਲੰਧਰ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਪੋਲੀਥੀਨ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਡਿਵੀਜ਼ਨ 8 ਜਲੰਧਰ ਵਿਖੇ ਐੱਫ.ਆਈ.ਆਰ ਨੰਬਰ 59 ਮਿਤੀ 18-03-2024 ਅਧੀਨ 21-61-85 ਐਨ.ਡੀ.ਪੀ.ਐੱਸ ਐਕਟ ਦਰਜ ਕੀਤਾ ਗਿਆ ਹੈ।
ਉਪ ਪੁਲਸ ਕਪਤਾਨ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਥਾਣਾ ਡਿਵੀਜ਼ਨ ਨੰਬਰ 8 ਵਿੱਚ ਪਹਿਲਾਂ ਹੀ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਸ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।


Aarti dhillon

Content Editor

Related News