ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦੈ : ਡੀ. ਸੀ. ਅਪਨੀਤ

Saturday, Jul 25, 2020 - 10:16 PM (IST)

ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦੈ : ਡੀ. ਸੀ. ਅਪਨੀਤ

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਅਹਿਤਿਆਤ ਅਪਨਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ 'ਚ 23938 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ, ਜਦਕਿ 258 ਮਰੀਜ਼ ਕੋਰੋਨਾ ਵਾਇਰਸ 'ਤੇ ਫਤਿਹ ਪਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 'ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ 'ਤੇ 20 ਸੈਕਿੰਡ ਤੱਕ ਹੱਥ ਧੋਣਾ ਯਕੀਨੀ ਬਣਾਇਆ ਜਾਵੇ।

ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 25898 ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ 644 ਸੈਂਪਲ ਲਏ ਗਏ ਹਨ, ਜਦਕਿ 460 ਸੈਂਪਲਾਂ ਦੀ ਰਿਪੋਰਟ ਆਈ ਹੈ, ਇਨ੍ਹਾਂ ਵਿੱਚੋਂ ਇਕ ਸੈਂਪਲ ਪਾਜ਼ੇਟਿਵ ਆਇਆ ਹੈ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦਾ ਸੀ, ਉਸ ਨੂੰ ਕੁੱਲ ਕੇਸਾਂ 'ਚੋਂ ਘਟਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਆਇਆ ਵਿਅਕਤੀ ਪਿੰਡ ਬਹਿਫਤੋ ਦਾ ਹੈ ਅਤੇ ਉਸ ਦੀ ਉਮਰ 37 ਸਾਲ ਹੈ, ਜੋ ਕਿ ਪੀ. ਐਚ. ਸੀ. ਹਾਜ਼ੀਪੁਰ ਅਧੀਨ ਆਉਂਦਾ ਹੈ। ਉਕਤ ਵਿਅਕਤੀ ਨੂੰ ਕੁਆਰਨਟੀਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 1486 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ 44 ਕੇਸ ਇਨਵੈਲਿਡ ਪਾਏ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 460 ਹੋ ਗਈ ਹੈ, ਜਿਨ੍ਹਾਂ 'ਚੋਂ ਐਕਟਿਵ ਕੇਸ 189 ਹਨ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ 'ਚ ਸਹਿਯੋਗ ਦੇਣ ਲਈ ਕਿਹਾ।
 


author

Deepak Kumar

Content Editor

Related News