ਅਧਿਕਾਰੀ ਜ਼ਿੰਮੇਵਾਰੀ ਨਾਲ ਨਿਭਾਉਣ ਸੌਂਪੀ ਗਈ ਡਿਊਟੀ : ਡੀ. ਸੀ. ਅਪਨੀਤ

08/11/2020 11:18:03 PM

ਹੁਸ਼ਿਆਰਪੁਰ : ਪੁਲਸ ਲਾਈਨ ਹੁਸ਼ਿਆਰਪੁਰ 'ਚ 15 ਅਗਸਤ ਨੂੰ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਲਈ ਵਿਭਾਗਾਂ ਦੇ ਮੁਖੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਮਹੱਤਵਪੂਰਨ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੁਲਸ ਲਾਈਨ 'ਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਸ. ਐਸ. ਪੀ ਨਵਜੋਤ ਸਿੰਘ ਮਾਹਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ 74ਵੇਂ ਆਜ਼ਾਦੀ ਦਿਵਸ ਮੌਕੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਇਸ ਵਾਰ ਸਾਦਾ ਅਤੇ ਘੱਟ ਇਕੱਠ ਵਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਕੋਵਿਡ ਸਬੰਧੀ ਪੰਜਾਬ ਸਰਕਾਰ ਅਤੇ ਗ੍ਰਹਿ ਮੰਤਰਾਲਾ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਵਾਰ ਇਨ੍ਹਾਂ ਸਮਾਗਮਾਂ ਦੌਰਾਨ ਗਿਣਤੀ ਸੀਮਤ ਰੱਖੀ ਗਈ ਹੈ ਅਤੇ ਇਹ ਸਮਾਗਮ ਸਾਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਥਾਨਕ ਪੁਲਸ ਲਾਈਨ ਗਰਾਊਂਡ ਦੇ ਮੈਦਾਨ 'ਚ ਹੋਵੇਗਾ, ਜਿਸ 'ਚ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਮੁੱਖ ਮਹਿਮਾਨ ਦੇ ਦੌਰ 'ਤੇ ਸ਼ਿਰਕਤ ਕਰਨਗੇ।
ਅਪਨੀਤ ਰਿਆਤ ਨੇ ਹਦਾਇਤ ਕੀਤੀ ਕਿ ਸਾਰੇ ਪ੍ਰੋਗਰਾਮਾਂ ਦੌਰਾਨ ਕੋਵਿਡ ਸਬੰਧੀ ਜਾਰੀ ਸਾਵਧਾਨੀਆਂ ਦੇ ਨਿਰਦੇਸ਼ ਜਿਵੇਂ ਕਿ ਇਕ ਦੂਜੇ ਤੋਂ ਬਣਦੀ ਦੂਰੀ ਆਦਿ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਇਹ ਸਾਰੇ ਪ੍ਰੋਗਰਾਮ ਘੱਟ ਗਿਣਤੀ ਨਾਲ ਸਾਦੇ ਢੰਗ ਨਾਲ ਮਨਾਏ ਜਾਣ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਵਲੋਂ ਇਨ੍ਹਾਂ ਪ੍ਰੋਗਰਾਮਾਂ ਨੂੰ ਲੈ ਕੇ ਪਹਿਲਾਂ ਹੀ ਵਿਸਤਾਰ ਨਾਲ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਜਿਸਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਕਾਰਨ ਇਸ ਵਾਰ ਆਜ਼ਾਦੀ ਘੁਲਾਟੀਆਂ ਦਾ ਸਨਮਾਨ 15 ਅਗਸਤ ਵਾਲੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਗ੍ਰਹਿ ਮੰਤਰਾਲਾ ਦੇ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਹੋਇਆ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਬਾਰ ਆਜ਼ਾਦੀ ਦਿਵਸ ਦੇ ਪ੍ਰੋਗਰਾਮਾਂ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਇਕੱਠ ਨਹੀਂ ਹੋਵੇਗਾ ਅਤੇ ਨਾ ਹੀ  ਸਭਿਆਚਾਰਕ ਪ੍ਰੋਗਰਾਮ, ਪੀ.ਟੀ.ਸ਼ੋ, ਐਨ.ਸੀ.ਸੀ ਦੀ ਪਰੇਡ ਆਦਿ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰ ਪੰਜਾਬ ਪੁਲਿਸ ਦੀ ਇਕ ਟੁਕੜੀ ਹੀ ਮੁੱਖ ਮਹਿਮਾਨ ਨੂੰ ਸਲਾਮੀ ਦੇਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੋਵਿਡ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ ਪੰਚਾਲ, ਐਸ.ਪੀ. (ਐਚ) ਸ਼੍ਰੀ ਪਰਮਿੰਦਰ ਸਿੰਘ ਹੀਰ, ਐਸ.ਡੀ.ਐਮ ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਕਿਰਪਾਲ ਵੀਰ ਸਿੰਘ, ਸਕੱਤਰ ਆਰ.ਟੀ.ਏ ਸ਼੍ਰੀ ਕਰਨ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼੍ਰੀ ਸਰਬਜੀਤ ਸਿੰਘ ਬੈਂਸ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
 


Deepak Kumar

Content Editor

Related News