ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

Friday, Jan 24, 2020 - 01:28 AM (IST)

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਜਲੰਧਰ, (ਜ. ਬ.)— ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਅੱਡਾ ਕਬੂਲਪੁਰ ਨਜ਼ਦੀਕ ਟਰੈਕਟਰ-ਟਰਾਲੀ ਚਾਲਕ ਵੱਲੋਂ ਸਾਈਕਲ ਸਵਾਰ ਪ੍ਰਵਾਸੀ ਨੌਜਵਾਨ ਨੂੰ ਪਿੱਛੋਂ ਟੱਕਰ ਮਾਰ ਦੇਣ ਕਾਰਨ ਪ੍ਰਵਾਸੀ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਅੰਗਰੇਜ਼ ਸਿੰਘ ਸਮੇਤ ਪੁਲਸ ਪਾਰਟੀ ਘਟਨਾ ਸਥਲ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ। ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਫੈਕਟਰੀ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ, ਜਦੋਂ ਉਹ ਅੱਡਾ ਕਬੂਲਪੁਰ ਕੋਲ ਪਹੁੰਚਿਆ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰੈਕਟਰ-ਟਰਾਲੀ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦਾ ਸਿਰ ਟਰਾਲੀ ਦੇ ਟਾਇਰਾਂ ਥੱਲੇ ਆ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਾਲਕ ਟਰੈਕਟਰ-ਟਰਾਲੀ ਛੱਡ ਕੇ ਮੌਕੇ 'ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਸਾਈਕਲ ਚਾਲਕ ਨੌਜਵਾਨ ਦੀ ਪਛਾਣ ਗੁੱਡੂ ਕੁਮਾਰ (21) ਪੁੱਤਰ ਰਾਜੇਸ਼ ਕੁਮਾਰ ਵਾਸੀ ਆਜ਼ਮਗੜ੍ਹ ਉੱਤਰ ਪ੍ਰਦੇਸ਼ ਹਾਲ ਨਿਵਾਸੀ ਸੰਤੋਖਪੁਰਾ ਜਲੰਧਰ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

 


author

KamalJeet Singh

Content Editor

Related News