ਜ਼ਿਲ੍ਹਾ ਵਾਸੀ ਜ਼ਿੰਮੇਵਾਰੀ ਨਾਲ ਮਨਾਉਣ ਦੀਵਾਲੀ ਦਾ ਤਿਉਹਾਰ : ਅਪਨੀਤ ਰਿਆਤ

11/13/2020 10:36:24 PM

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਜ਼ਿੰਮੇਵਾਰੀ ਨਾਲ ਇਸ ਤਿਉਹਾਰ ਨੂੰ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਕੋਵਿਡ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਾਂ, ਇਸ ਲਈ ਸਿਹਤਮੰਦ ਰਹਿਣ ਲਈ ਸਾਨੂੰ ਜਿਥੇ ਕੋਵਿਡ-19 ਸਬੰਧੀ ਹਦਾਇਤਾਂ ਦੀ ਪੂਰੀ ਪਾਲਣਾ ਕਰਨੀ ਚਾਹੀਦੀ ਹੈ, ਉਥੇ ਹੀ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਘੱਟ ਤੋਂ ਘੱਟ ਪਟਾਕੇ ਵੀ ਚਲਾਉਣੇ ਚਾਹੀਦੇ ਹਨ। ਉਹ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਸਬੰਧੀ ਜ਼ਿਲ੍ਹੇ ਦੇ ਤਾਜ਼ਾ ਹਾਲਾਤਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਬੇਸ਼ਕ ਕੋਵਿਡ ਸਬੰਧੀ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਕੇਸ ਵੱਧਣ ਦੀ ਸੰਭਾਵਨਾ ਹੈ, ਇਸ ਲਈ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਜਿਵੇ ਕਿ ਮਾਸਕ ਪਹਿਨਣਾ, ਸਮੇਂ-ਸਮੇਂ 'ਤੇ ਸਾਬੁਣ ਜਾਂ ਸੈਨੇਟਾਈਜ਼ਰ ਨਾਲ ਹੱਥ ਸਾਫ ਕਰਨਾ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਾ ਨੂੰ ਅਪਨਾਉਂਦੇ ਰਹਿਏ ਅਤੇ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਤਿਉਹਾਰ ਦਾ ਸੀਜਨ ਚੱਲ ਰਿਹਾ ਹੈ, ਇਸ ਦੌਰਾਨ ਸਾਡੀ ਆਪਣੇ ਅਤੇ ਪਰਿਵਾਰ ਪ੍ਰਤੀ ਜ਼ਿੰਮੇਵਾਰੀ ਹੋਰ ਵੀ ਜ਼ਿਆਦਾ ਵੱਧ ਜਾਂਦੀ ਹੈ।

ਅਪਨੀਤ ਰਿਆਤ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣ ਜਾਂਦਾ ਹੈ ਕਿ ਵਾਤਾਵਰਣ ਨੂੰ ਸਾਫ਼ ਰੱਖੀਏ ਅਤੇ ਘੱਟ ਪਟਾਕੇ ਚਲਾਈਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਟਾਕੇ ਵੇਚਣ ਲਈ 57 ਲਾਈਸੈਂਸ ਜਾਰੀ ਕੀਤੇ ਗਏ ਹਨ ਅਤੇ ਪਟਾਕੇ ਵੇਚਣ ਲਈ ਖੁੱਲ੍ਹੇ ਸਥਾਨ 'ਤੇ ਹੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਤੋਂ ਹੀ ਕੋਵਿਡ ਨਾਲ ਲੜ੍ਹ ਰਹੇ ਹਾਂ ਅਤੇ ਇਸ ਦੌਰਾਨ ਅਸੀਂ ਜ਼ਿਆਦਾ ਪਟਾਕੇ ਚਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਾਂਗੇ ਤਾਂ ਸਾਹ ਦੀਆਂ ਬੀਮਾਰੀਆਂ ਦੇ ਮਰੀਜ਼ਾਂ ਦੀ ਗਿਣਤੀ ਵੱਧ ਸਕਦੀ ਹੈ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਲਈ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਇਜ਼ਾਜ਼ਤ ਦਿੱਤੀ ਗਈ ਹੈ, ਇਸ ਲਈ ਜ਼ਿਲ੍ਹਾ ਵਾਸੀ ਇਸ ਸਮੇਂ ਦੌਰਾਨ ਪਟਾਖੇ ਚਲਾਉਣ ਅਤੇ ਹੋ ਸਕੇ ਤਾਂ ਪਟਾਖਿਆ ਦਾ ਘੱਟ ਹੀ ਪ੍ਰਯੋਗ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਟਾਖੇ ਚਲਾਉਂਦੇ ਸਮੇਂ ਸਾਵਧਾਨੀਆਂ ਅਪਨਾਉਣ ਅਤੇ ਸੁਰੱਖਿਅਤ ਤੇ ਸਵੱਛ ਦੀਵਾਲੀ ਮਨਾਉਣ।

Deepak Kumar

This news is Content Editor Deepak Kumar