ਨਾਜਾਇਜ਼ ਕਾਲੋਨੀਆਂ ਤੇ ਪੈਲੇਸਾਂ ਖਿਲਾਫ ਹੋਵੇ ਸਖਤ ਕਾਰਵਾਈ : ਡਿਪਟੀ ਕਮਿਸ਼ਨਰ

01/08/2020 6:33:01 PM

ਜਲੰਧਰ (ਚੋਪੜਾ)— ਨਾਜਾਇਜ਼ ਕਾਲੋਨੀਆਂ ਅਤੇ ਪੈਲੇਸਾਂ ਖਿਲਾਫ ਸਖਤ ਕਾਰਵਾਈ ਹੋਵੇਗੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਉਕਤ ਹੁਕਮ ਜਲੰਧਰ ਵਿਕਾਸ ਅਥਾਰਟੀ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਦੌਰਾਨ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਅਤੇ ਉਸ ਦੇ ਆਲੇ-ਦੁਆਲੇ ਦੇ ਖੇਤਰਾਂ 'ਚ ਨਾਜਾਇਜ਼ ਕਾਲੋਨੀਆਂ ਕੱਟੀਆਂ ਜਾ ਰਹੀਆਂ ਹਨ, ਜਿਸ ਕਾਰਨ ਸ਼ਹਿਰ ਦਾ ਸਵਰੂਪ ਵਿਗੜ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਕਾਲੋਨੀਆਂ ਦੀ ਲਗਾਤਾਰ ਜਾਂਚ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਰਿਹਾਇਸ਼ੀ ਖੇਤਰਾਂ 'ਚ ਮੁੱਢਲੀਆਂ ਸਹੂਲਤਾਂ ਲੋਕਾਂ ਤੱਕ ਪੰਹੁਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਵਰਿੰਦਰ ਸ਼ਰਮਾ ਨੇ ਕਿਹਾ ਕਿ ਜੇ. ਡੀ. ਏ. ਅਧਿਕਾਰੀ ਪੈਲਸਾਂ ਦੀ ਵੀ ਜਾਂਚ ਕਰਨ ਅਤੇ ਜੋ ਪੈਲੇਸ ਨਾਜਾਇਜ਼ ਤੌਰ 'ਤੇ ਚੱਲ ਰਹੇ ਹਨ ਉਨ੍ਹਾਂ ਖਿਲਾਫ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸ਼ਹਿਰ ਦੇ ਯੋਜਨਾਬੱਧ ਅਤੇ ਭਵਿੱਖ ਮੁਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ। ਵਿਕਾਸ ਲਈ ਸੂਖਮ ਯੋਜਨਾਬੰਦੀ ਕੀਤੀ ਜਾਵੇ ਅਤੇ ਅੰਤਰਰਾਸ਼ਟਰੀ ਪੱਧਰ ਦੇ ਮਾਹਿਰਾਂ ਦੀਆਂ ਸੇਵਾਵਾਂ ਨੂੰ ਲੈ ਕੇ ਭਵਿੱਖ ਸਬੰਧੀ ਪ੍ਰਾਜੈਕਟ ਬਣਾਏ ਜਾਣ ਤਾਂ ਕਿ ਲੋਕਾਂ ਨੂੰ ਆਉਣ ਵਾਲੇ ਲੰਮੇ ਸਮੇਂ ਤੱਕ ਵਧੀਆ ਸੇਵਾਵਾਂ ਦਿੱਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਅਥਾਰਟੀ ਦਾ ਮੁੱਖ ਉਦੇਸ਼ ਜ਼ਿਲੇ ਦਾ ਸੰਪੂਰਨ ਵਿਕਾਸ ਹੈ, ਉਥੇ ਹੀ ਨਾਜਾਇਜ਼ ਤੌਰ 'ਤੇ ਬਣਾਏ ਜਾਣ ਵਾਲੇ ਕਿਸੇ ਵੀ ਨਿਰਮਾਣ, ਕਾਲੋਨੀ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਨ੍ਹਾਂ ਅਧੀਨ ਆਉਣ ਵਾਲੇ ਖੇਤਰਾਂ 'ਚ ਖਾਲੀ ਪਈਆਂ ਜ਼ਮੀਨਾਂ ਨੂੰ ਰਿਹਾਇਸ਼ੀ ਅਤੇ ਵਪਾਰਕ ਜ਼ਰੂਰਤਾਂ ਦੀ ਪੂਰਤੀ ਲਈ ਉਚਿਤ ਵਰਤੋਂ ਕੀਤੀ ਜਾਵੇ। ਇਸ ਮੌਕੇ ਮੁੱਖ ਪ੍ਰਸ਼ਾਸਕਾਂ ਜੇ. ਡੀ. ਏ. ਬਰਜਿੰਦਰ ਸਿੰਘ, ਐੱਸ. ਡੀ. ਐੱਮ. ਡਾ. ਜੈ ਇੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।


shivani attri

Content Editor

Related News