ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ''ਤੇ ਪਾਈ ਜਾ ਸਕਦੀ ਹੈ ਜਿੱਤ : ਅਪਨੀਤ ਰਿਆਤ

07/22/2020 12:24:15 AM

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਬਲਕਿ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਅਤੇ ਸਾਵਧਾਨੀਆਂ ਅਪਣਾ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਹੁਣ ਲਏ ਗਏ ਸੈਂਪਲਾਂ 'ਚੋਂ 21325 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 199 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 'ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਠੀਕ ਹੋਏ ਵਿਅਕਤੀਆਂ ਨੂੰ ਘਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ।
ਅਪਨੀਤ ਰਿਆਤ ਨੇ ਕਿਹਾ ਕਿ ਜਾਗਰੂਕਤਾ ਲਈ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਕੋਵਿਡ-19 ਸਬੰਧੀ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਲੋਕ ਜ਼ਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਨਿਕਲਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ 'ਤੇ 20 ਸੈਕੰਡ ਤੱਕ ਹੱਥ ਧੋਣਾ ਯਕੀਨੀ ਬਣਾਇਆ ਜਾਵੇ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 23340 ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ 622 ਸੈਂਪਲ ਲਏ ਗਏ ਹਨ, ਜਦਕਿ 454 ਸੈਂਪਲਾਂ ਦੀ ਰਿਪੋਰਟ ਆਈ ਹੈ, ਜਿਸ 'ਚੋਂ 1 ਵਿਅਕਤੀ ਦਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਕਿਹਾ ਕਿ 1712 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ 31 ਕੇਸ ਇਨਵੈਲਿਡ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਵਿੱਚ 298 ਪਾਜ਼ੇਟਿਵ ਕੇਸ ਹੋ ਚੁੱਕੇ ਹਨ, ਜਦਕਿ ਐਕਟਿਵ ਕੇਸਾਂ ਦੀ ਗਿਣਤੀ 90 ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪਾਜ਼ੇਟਿਵ ਆਇਆ ਵਿਅਕਤੀ ਗੜ੍ਹਸ਼ੰਕਰ ਨਾਲ ਸਬੰਧਤ ਹੈ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਵਿੱਚ ਸਹਿਯੋਗ ਦੇਣ ਲਈ ਕਿਹਾ।



 


Deepak Kumar

Content Editor

Related News