ਡੀ. ਸੀ. ਅਪਨੀਤ ਰਿਆਤ ਵਲੋਂ ਝੋਨੇ ਦੀ ਪਰਾਲੀ ਨੂੰ ਨਾ ਜਲਾਉਣ ਦਾ ਸੰਦੇਸ਼ ਦੇਣ ਲਈ 6 ਜਾਗਰੂਕਤਾ ਵੈਨਾਂ ਰਵਾਨਾ

10/24/2020 12:44:03 AM

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ 6 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਚਾਰ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ 'ਚ ਘੁੰਮਣਗੀਆਂ ਅਤੇ ਜਿਥੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਜਲਾਉਣ ਦਾ ਸੰਦੇਸ਼ ਦਿੱਤਾ ਜਾਵੇਗਾ, ਉਥੇ ਪਰਾਲੀ ਦਾ ਖੇਤਾਂ 'ਚ ਹੀ ਪ੍ਰਬੰਧਨ ਕਰਨ ਦਾ ਪੈਗਾਮ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਚਾਰ ਵੈਨਾਂ ਵਲੋਂ ਜ਼ਿਲ੍ਹੇ ਦੇ 6 ਬਲਾਕਾਂ ਗੜ੍ਹਸ਼ੰਕਰ, ਮਾਹਿਲਪੁਰ, ਹੁਸ਼ਿਆਰਪੁਰ-1, ਟਾਂਡਾ, ਦਸੂਹਾ ਅਤੇ ਮੁਕੇਰੀਆਂ ਬਲਾਕ ਵਿੱਚ ਜਾਗਰੂਕਤਾ ਫੈਲਾਈ ਜਾਵੇਗੀ ਅਤੇ ਇਸ ਸਬੰਧੀ ਲਿਟਰੇਚਰ ਵੀ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਵੈਨ ਰਾਹੀਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵਲੋਂ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ, ਰੋਟਾਵੇਟਰ ਅਤੇ ਮਲਚਰ-ਕਮ-ਸ਼ਰੈਡਰ ਦਾ ਪ੍ਰਯੋਗ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਨੂੰ ਐਮ.ਬੀ.ਪਲਾਓ ਰਾਹੀਂ ਖੇਤ ਤਿਆਰ ਕਰਨੇ, ਸੁਪਰ ਐਸ.ਐਮ.ਐਸ. ਲੱਗੇ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਹੈਪੀ ਸੀਡਰ ਰਾਹੀਂ ਕਣਕ ਦੀ ਸਿਫਾਰਿਸ਼ ਕੀਤੀਆਂ ਗਈਆਂ ਕਿਸਮਾਂ ਸਹੀ ਸਮੇਂ 'ਤੇ ਬੀਜਣ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ।
ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ 'ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੋਡਲ ਅਧਿਕਾਰੀਆਂ ਅਤੇ ਕੁਆਰਡੀਨੇਟਰਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਾਇਨਾਤ ਕੀਤੇ ਗਏ ਇਨ੍ਹਾਂ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ 'ਤੇ ਮੁੱਖ ਖੇਤੀਬਾੜੀ ਅਫ਼ਸਰ ਵਿਨੇ ਕੁਮਾਰ, ਇੰਜੀਨੀਅਰ ਨਵਦੀਪ ਸਿੰਘ, ਇੰਜੀਨੀਅਰ ਲਵਲੀ, ਇੰਜੀਨੀਅਰ ਵਰੁਣ ਚੌਧਰੀ, ਡਾ. ਮਨਜੀਤ ਸਿੰਘ, ਡਾ. ਜਸਵੀਰ ਸਿੰਘ, ਡਾ. ਸਿਮਰਜੀਤ ਸਿੰਘ, ਡਾ. ਦੀਪਕ ਪੁਰੀ ਆਦਿ ਵੀ ਹਾਜ਼ਰ ਸਨ।

 


Deepak Kumar

Content Editor

Related News