ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਲਿਆ ਜਾਇਜ਼ਾ
Wednesday, Jan 22, 2025 - 11:29 AM (IST)
ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੇ ਦਿਨ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਹਿੱਸਾ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਆਈ. ਟੀ. ਬੀ. ਪੀ., ਪੰਜਾਬ ਪੁਲਸ (ਪੁਰਸ਼ ਅਤੇ ਔਰਤਾਂ), ਪੰਜਾਬ ਹੋਮਗਾਰਡ, ਐੱਨ. ਸੀ. ਸੀ . ਲੜਕੇ ਅਤੇ ਲੜਕੀਆਂ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਉਪਰੰਤ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਪੁਲਸ ਮੁਲਾਜ਼ਮਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀ. ਟੀ. ਸ਼ੋਅ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀ ਵੀ ਐੱਸ. ਡੀ. ਫੁੱਲਰਵਾਨ ਸਕੂਲ, ਪੁਲਸ ਡੀ. ਏ. ਵੀ. ਸਕੂਲ, ਡਿਪਸ ਸੂਰਾਨੁੱਸੀ, ਇਨੋਸੈਂਟ ਹਾਰਟਸ ਸਕੂਲ, ਨਿਊ ਸੇਂਟ ਸੋਲਜਰ ਸਕੂਲ, ਰੈੱਡ ਕਰਾਸ ਸਕੂਲ ਫਾਰ ਡੈੱਫ ਐਂਡ ਡੰਬ, ਮਾਨਵ ਸਹਿਯੋਗ ਸਕੂਲ, ਏ. ਪੀ. ਜੇ. ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਦੀ ਭਾਵਨਾ ਨਾਲ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਡਾ. ਅਗਰਵਾਲ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਆਜ਼ਾਦੀ ਘੁਲਾਟੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਅਤੇ ਵੱਖ-ਵੱਖ ਵਿਭਾਗਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲਾ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਨ ਨੂੰ ਦੇਸ਼ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e