ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਡਿਪਟੀ ਕਮਿਸ਼ਨਰ

10/04/2020 8:55:08 PM

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਪਰਾਲੀ ਜਲਾਉਣ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਵੱਖ-ਵੱਖ  ਮਸ਼ੀਨਾਂ ਦਿੱਤੀਆਂ ਹਨ ਜਿਸ ਨਾਲ ਕਿਸਾਨ ਖੇਤਾਂ ਵਿੱਚ ਪਰਾਲੀ ਦਾ ਪ੍ਰਬੰਧਨ ਕਰ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਆਲ੍ਹਾ ਦਰਜੇ ਦੀਆਂ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ, ਜਿਸ ਵਿੱਚ ਕੰਬਾਇਨ ’ਤੇ ਸੁਪਰ ਐਸ.ਐਮ.ਐਸ, ਪਲਟਾਵੇਹਲ, ਰੋਟਾਵੇਟਰ, ਸੁਪਰਸੀਡਰ, ਹੈਪੀ ਸੀਡਰ, ਪੈਡੀ ਸਟਰਾ ਚੌਪਰ/ ਸ਼ਰੈਡਰ, ਮਲਚਰ ਅਤੇ ਜੀਰੋ ਟਿਲ ਡਰਿਲ ਮਸ਼ੀਨ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 301 ਕਿਸਾਨਾਂ ਨੂੰ ਬਿਨੈਪੱਤਰ ਦੇ ਆਧਾਰ ’ਤੇ ਸਬਸਿਡੀ ’ਤੇ ਵੱਖ-ਵੱਖ ਮਸ਼ੀਨਾਂ ਦਿੱਤੀਆਂ ਹਨ ਤਾਂ ਜੋ ਪਰਾਲੀ ਦਾ ਪ੍ਰਬੰਧਨ ਹੋ ਸਕੇ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ 257 ਕਿਸਾਨ ਗਰੁੱਪ ਹਨ ਜੋ ਕਿ ਘੱਟ ਰੇਟ ਅਤੇ ਕਿਰਾਏ ’ਤੇ ਮਸ਼ੀਨਾਂ ਵੱਖ-ਵੱਖ ਕਿਸਾਨਾਂ ਦੇ ਖੇਤਾਂ ਵਿੱਚ ਪਰਾਲੀ ਪ੍ਰਬੰਧਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਇਸ ਨਾਜ਼ੁਕ ਦੌਰ ਦੌਰਾਨ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ ਰੱਖਦੇ ਹੋਏ ਪਰਾਲੀ ਨਾ ਜਲਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਕਿਸੇ ਵੀ ਮਸ਼ੀਨ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਆਪਣੇ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਸੰਪਰਕ ਕਰਨ ਲਈ ਕਿਹਾ।
ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਬੁਰੇ ਪ੍ਰਭਾਵਾਂ ਬਾਰੇ ਵਿੱਚ ਜਾਣੂ ਕਰਵਾਉਣ ਲਈ, ਸੂਚਨਾ, ਸਿੱਖਿਆ ਅਤੇ ਸੰਚਾਰ ਬਾਰੇ ਵਿੱਚ ਗਤੀਵਿਧੀਆਂ ਵੀ ਸ਼ੁਰੂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਪ੍ਰਬੰਧਨ ਲਈ ਯੰਤਰਾਂ ਦੀ ਪ੍ਰਦਰਸ਼ਨੀ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੇ ਵੱਧ ਤੋਂ ਵੱਧ ਪ੍ਰਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪਰਾਲੀ ਜਲਾਉਣ ਦੇ ਰੁਝਾਨ ’ਤੇ ਲਗਾਮ ਲਗਾਈ ਜਾ ਸਕੇ ਅਤੇ ਲੋਕਾਂ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ।


Bharat Thapa

Content Editor

Related News