ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਮੰਗਾਂ ਸਬੰਧੀ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਦਿੱਤਾ ਮੰਗ-ਪੱਤਰ
Monday, May 09, 2022 - 06:08 PM (IST)
ਟਾਂਡਾ ਉੜਮੁੜ (ਮੋਮੀ, ਵਰਿੰਦਰ ਪੰਡਿਤ)- ਦੋਆਬਾ ਕਿਸਾਨ ਕਮੇਟੀ ਪੰਜਾਬ ਨੇ 26 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕਿਸਾਨਾਂ ਦੀਆਂ ਭਖਵੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ’ਤੇ ਇਕ ਮੰਗ-ਪੱਤਰ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੂੰ ਦਿੱਤਾ। ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿਚ ਜਥੇਬੰਦੀ ਨਾਲ ਜੁੜੇ ਹੋਏ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਵਿਧਾਇਕ ਰਾਜਾ ਨੂੰ ਮੰਗ-ਪੱਤਰ ਦਿੱਤਾ ਅਤੇ ਆਪਣੀਆਂ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕੀਤੀ।
ਇਸ ਮੌਕੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਸਾਲ ਝੋਨੇ ਦੀ ਲਵਾਈ ਦੀ ਤਾਰੀਖ਼ ਜ਼ਿਲ੍ਹਾ ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ ਵਾਸਤੇ 26 ਜੂਨ ਕੀਤੀ ਹੈ। ਜਦਕਿ ਕਿਸਾਨਾਂ ਨੇ 10 ਜੂਨ ਝੋਨੇ ਦੀ ਲਵਾਈ ਦੇ ਮੱਦੇਨਜ਼ਰ ਪਨੀਰੀ ਦੀ ਬਿਜਾਈ ਕਰ ਦਿੱਤੀ ਹੈ। ਇਸ ਲਈ ਇਹ ਤਾਰੀਖ 26 ਜੂਨ ਦੀ ਬਜਾਏ ਬਦਲ ਕੇ 10 ਜੂਨ ਕੀਤੀ ਜਾਵੇ। ਇਸ ਤੋਂ ਇਲਾਵਾ ਮੌਜੂਦਾ ਕਣਕ ਦੇ ਸੀਜ਼ਨ ਦੌਰਾਨ ਕਣਕ ਦਾ ਝਾੜ ਘੱਟ ਹੋਣ ਕਾਰਨ 10 ਹਜ਼ਾਰ ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਦੀ ਵੱਖ-ਵੱਖ ਖੰਡ ਮਿੱਲਾਂ ਵਿਚ ਪਈ ਹੋਈ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ, ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇ, ਕਣਕ ਦੇ ਸੀਜ਼ਨ ਦੌਰਾਨ ਸੜੀ ਹੋਈ ਕਣਕ ਦੀ ਫ਼ਸਲ ਦਾ ਪ੍ਰਤੀ ਏਕੜ 40 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ। ਪਿਛਲੇ ਸਮੇਂ ਬੇਮੌਸਮੀ ਬਰਸਾਤ, ਗੜ੍ਹੇਮਾਰੀ ਅਤੇ ਗੁਲਾਬੀ ਸੁੰਡੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਔਰਤਾਂ ਨੇ ਇੱਟਾਂ ਮਾਰ ਵਿਅਕਤੀ ਦਾ ਕੀਤਾ ਕਤਲ
ਇਸ ਤੋਂ ਇਲਾਵਾ ਨਹਿਰੀ ਪਾਣੀ ਦੀ ਘਾਟ ਤੁਰੰਤ ਦੂਰ ਕੀਤੀ ਜਾਵੇ, ਕੱਸੀਆਂ ਅਤੇ ਰਜਬਾਹਿਆਂ ਦੀ ਸਾਫ਼-ਸਫ਼ਾਈ ਅਤੇ ਮੁਰੰਮਤ ਕਰਵਾ ਕੇ ਪਾਣੀ ਦੀ ਟੇਲਾਂ ਤੱਕ ਪਹੁੰਚ ਯਕੀਨੀ ਬਣਾਈ ਜਾਵੇ। ਫ਼ਸਲੀ ਵਿਭਿੰਨਤਾ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਮੱਕੀ, ਮੂੰਗੀ, ਸੂਰਜਮੁਖੀ, ਬਾਸਮਤੀ ਅਤੇ ਸਬਜ਼ੀਆਂ ਦੀਆਂ ਫਸਲਾਂ ’ਤੇ ਐੱਮ.ਐੱਸ.ਪੀ. ਤੇ ਸਰਕਾਰੀ ਖਰੀਦ ਦੀ ਗਾਰੰਟੀ ਦੇਵੇ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਪ੍ਰਤੀਨਿਧਤਾ ਨੂੰ ਬਹਾਲ ਕਰਵਾਉਣ ਦੇ ਨਾਲ-ਨਾਲ ਸਕਿਉਰਿਟੀ ਐਕਟ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਅਸੈਂਬਲੀ ਵਿਚ ਮਤਾ ਪਾਸ ਕਰੇ ਅਤੇ ਕਿਸਾਨਾਂ ਦੀਆਂ ਹੋਰ ਭਖਵੀਆਂ ਮੰਗਾਂ ਨੂੰ ਪੰਜਾਬ ਸਰਕਾਰ ਪੂਰਾ ਕਰੇ।
ਇਸ ਮੌਕੇ ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨ 10 ਜੂਨ ਤੋਂ ਹੀ ਝੋਨੇ ਦੀ ਲਵਾਈ ਕਰਨਗੇ। ਜੇਕਰ ਕੋਈ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਨੂੰ ਰੋਕੇਗਾ ਤਾਂ ਇਸ ਦਾ ਕਰੜਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਵਿਚਾਰ-ਵਟਾਂਦਰਾ ਕਰ ਕੇ ਹੱਲ ਕਰਨ ਦਾ ਯਤਨ ਕਰਨਗੇ।
ਇਸ ਮੌਕੇ ਪ੍ਰਿਤਪਾਲ ਸਿੰਘ ਗੁਰਾਇਆ, ਸਤਪਾਲ ਸਿੰਘ ਮਿਰਜ਼ਾਪੁਰ, ਸਤਨਾਮ ਸਿੰਘ ਢਿੱਲੋਂ, ਮਨਜੀਤ ਸਿੰਘ ਘੁੰਮਣ, ਸਰਪੰਚ ਜਰਨੈਲ ਸਿੰਘ ਕੁਰਾਲਾ, ਦਵਿੰਦਰ ਸਿੰਘ ਮੂਨਕਾਂ, ਬਲਵੀਰ ਸਿੰਘ ਸੋਹੀਆ, ਚਰਨਜੀਤ ਸਿੰਘ ਬਾਜਵਾ, ਪਰਮਿੰਦਰ ਸਿੰਘ, ਕੁਲਬੀਰ ਸਿੰਘ ਜੌੜਾ ਸੋਨੂੰ ਦਾਰਾਪੁਰ, ਸੰਦੀਪ ਲਾਲੋਵਾਲ, ਪਰਮਿੰਦਰ ਸਿੰਘ ਰਸੂਲਪੁਰ, ਰਣਜੀਤ ਸਿੰਘ, ਗੁਰਜੀਤ ਸਿੰਘ ਚੌਹਾਨ, ਕੁਲਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ: ਫਗਵਾੜਾ-ਜਲੰਧਰ ਹਾਈਵੇਅ 'ਤੇ ਮੁੰਡੇ-ਕੁੜੀ ਨੂੰ ਵਾਹਨ ਨੇ ਕੁਚਲਿਆ, ਮੁੰਡੇ ਦੀ ਮੌਕੇ 'ਤੇ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ