ਉਹ ਮੈਨੂੰ ਮਾਰ ਸਕਦੇ ਹਨ ਪਰ ਮੇਰੇ ਵਿਚਾਰਾਂ ਨੂੰ ਨਹੀਂ, ਭਗਤ ਸਿੰਘ ਦੇ ਇਹ ਸ਼ਬਦ ਅੱਜ ਵੀ ਸਾਰਥਕ ਹਨ : ਡਾ. ਰਾਜ ਕੁਮਾਰ

09/28/2022 10:33:23 PM

ਹੁਸ਼ਿਆਰਪੁਰ (ਘੁੰਮਣ) : ਡਿਪਟੀ ਸੀ.ਐੱਲ.ਪੀ. ਆਗੂ ਅਤੇ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਅੱਜ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। "ਉਹ ਮੈਨੂੰ ਮਾਰ ਸਕਦੇ ਹਨ ਪਰ ਮੇਰੇ ਵਿਚਾਰਾਂ ਨੂੰ ਨਹੀਂ ਮਾਰ ਸਕਦੇ। ਉਹ ਮੇਰੇ ਸਰੀਰ ਨੂੰ ਕੁਚਲ ਸਕਦੇ ਹਨ ਪਰ ਮੇਰੀ ਆਤਮਾ ਨੂੰ ਕੁਚਲਣ ਦੇ ਯੋਗ ਨਹੀਂ ਹੋਣਗੇ।" ਭਗਤ ਸਿੰਘ ਦੇ ਇਨ੍ਹਾਂ ਸ਼ਬਦਾਂ ਦਾ ਹਵਾਲਾ ਦਿੰਦਿਆਂ ਡਾ. ਰਾਜ ਨੇ ਕਿਹਾ ਕਿ ਇਹ ਸੱਚਾਈ ਹੈ ਤੇ ਇਹ ਪ੍ਰੇਰਨਾ ਅੱਜ ਵੀ ਢੁੱਕਵੀਂ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਲੇਰੀ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਤੀਕ ਹਨ। ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੀ ਕੁਰਬਾਨੀ ਲਈ ਅਸੀਂ ਉਨ੍ਹਾਂ ਦੇ ਰਿਣੀ ਹਾਂ।

ਇਹ ਵੀ ਪੜ੍ਹੋ : ਅਪ੍ਰੈਂਟਿਸ ਲਾਈਨਮੈਨਾਂ ਨੂੰ ਅਕਾਲੀ ਸਰਕਾਰ ਵੱਲੋਂ ਅਪਣਾਏ ਗਏ ਨਿਯਮਾਂ ਤਹਿਤ ਦਿੱਤੀਆਂ ਜਾਣ ਨੌਕਰੀਆਂ : ਮਜੀਠੀਆ

ਇਸ ਮੌਕੇ ਸ਼ਹੀਦ ਨੂੰ ਮੱਥਾ ਟੇਕਣ ਦੇ ਨਾਲ-ਨਾਲ ਡਾ. ਰਾਜ ਕੁਮਾਰ ਨੇ ਸੁਝਾਅ ਦਿੱਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਉਣ ਦੀ ਬਜਾਏ 'ਆਪ' ਸਰਕਾਰ ਨੂੰ ਸ਼ਹੀਦ ਦੀ ਯਾਦ 'ਚ ਕੁਝ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਸੂਬਾ ਸਰਕਾਰ ਨੂੰ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿੱਚ ਸ਼ਹੀਦ ਭਗਤ ਸਿੰਘ ਚੇਅਰ ਸਥਾਪਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਹੁਸੈਨੀਵਾਲਾ ਬਾਰਡਰ ਖੋਲ੍ਹਣ ਸਬੰਧੀ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਕੇਂਦਰ ਕੋਲ ਭੇਜਣ ਦੀ ਸਿਫਾਰਸ਼ ਕੀਤੀ ਜਾਵੇ। ਇਸ ਨਾਲ ਪਾਕਿਸਤਾਨ ਨਾਲ ਵਪਾਰ ਬਿਹਤਰ ਹੋਵੇਗਾ ਅਤੇ ਦੋਵਾਂ ਦੇਸ਼ਾਂ ਦੇ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਸਕਣਗੇ। ਇਸ ਤੋਂ ਇਲਾਵਾ ਉਨ੍ਹਾਂ ਵਿਧਾਨ ਸਭਾ ਵਿੱਚ ਇਕ ਮਤਾ ਪਾਸ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਪੁਰਸਕਾਰ ਦੇਣ ਲਈ ਕੇਂਦਰ ਨੂੰ ਸਿਫ਼ਾਰਸ਼ ਕਰਨ ਦੀ ਵੀ ਵਕਾਲਤ ਕੀਤੀ।

ਇਹ ਵੀ ਪੜ੍ਹੋ : IELTS 'ਚ ਘੱਟ ਬੈਂਡ ਆਉਣ 'ਤੇ ASI ਦੇ ਬੇਟੇ ਨੇ ਚੁੱਕਿਆ ਖੌਫ਼ਨਾਕ ਕਦਮ

ਡਾ. ਰਾਜ ਨੇ ਕਿਹਾ ਕਿ ਅੱਜ ਅਸੀਂ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਇਹ ਸਭ ਕੁਝ ਕਰ ਸਕਦੇ ਹਾਂ ਅਤੇ ਸਾਨੂੰ ਕਰਨਾ ਵੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਿਰਫ਼ ਤਸਵੀਰਾਂ ਰੱਖਣ ਨਾਲ ਕੋਈ ਕੰਮ ਨਹੀਂ ਹੋਵੇਗਾ, ਸਾਨੂੰ ਉਨ੍ਹਾਂ ਦੀ ਵਿਚਾਰਧਾਰਾ ਨੂੰ ਆਪਣੇ ਕੰਮ ਵਿੱਚ ਲਗਾਉਣ ਦੀ ਲੋੜ ਹੈ। ਇਸ ਮੌਕੇ ਡਾ. ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ ਫਗਵਾੜਾ, ਦਰਸ਼ਨ ਸਿੰਘ ਮੰਗੂਪੁਰ ਸਾਬਕਾ ਵਿਧਾਇਕ ਬਲਾਚੌਰ, ਸਤਬੀਰ ਸਿੰਘ ਪਾਲੀ ਝਿੱਕੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਸਰਬਜੀਤ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh