ਵੱਡੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ

Saturday, Sep 03, 2022 - 01:52 PM (IST)

ਵੱਡੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ/ਮਲਹੋਤਰਾ)-ਕਪੂਰਥਲਾ ਪੁਲਸ ਨੇ ਡਰੱਗ ਸਮੱਗਲਰਾਂ ਖ਼ਿਲਾਫ਼ ਚਲਾਈ ਇਕ ਵੱਡੀ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ 3 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 260 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਐੱਸ. ਐੱਸ. ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ ’ਚ ਡਰੱਗ ਮਾਫ਼ੀਆ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਦੇ ਤਹਿਤ ਐੱਸ. ਪੀ. (ਡੀ.) ਹਰਵਿੰਦਰ ਸਿੰਘ ਅਤੇ ਡੀ. ਐੱਸ. ਪੀ. ਸਬ ਡਿਵੀਜ਼ਨ ਮਨਿੰਦਰਪਾਲ ਸਿੰਘ ਦੀ ਨਿਗਰਾਨੀ ’ਚ ਐੱਸ. ਐੱਚ. ਓ. ਕੋਤਵਾਲੀ ਰਛਪਾਲ ਸਿੰਘ ਨੇ ਪੁਲਸ ਟੀਮ ਦੇ ਨਾਲ ਪਿੰਡ ਬਾਦਸ਼ਾਹਪੁਰ ਨਦਜੀਕ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਜਦੋਂ ਇਕ ਮੋਟਰਸਾਈਕਲ ’ਤੇ ਸਵਾਰ 2 ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਪੁਲਸ ਟੀਮ ਨੇ ਪਿੱਛਾ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮਾਂ ਕੋਲੋਂ ਉਨ੍ਹਾਂ ਦਾ ਨਾਮ ਅਤੇ ਪਤਾ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਪਣਾ ਨਾਮ ਰਾਜਬੀਰ ਸਿੰਘ ਉਰਫ਼ ਰਾਜਾ ਪੁੱਤਰ ਹਰਸ਼ਰਨ ਸਿੰਘ ਅਤੇ ਜਸਬੀਰ ਸਿੰਘ ਉਰਫ਼ ਜੱਸ ਪੁੱਤਰ ਕੁਲਵੰਤ ਸਿੰਘ ਵਾਸੀਆਨ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਦੱਸਿਆ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਾਬ ਦਾ ਠੇਕਾ ਖੋਲ੍ਹਣ 'ਤੇ ਪਿੰਡ ਦੀਆਂ ਔਰਤਾਂ ਨੇ ਬੋਲਿਆ ਹੱਲਾ, ਚੋਅ 'ਚ ਸੁੱਟਿਆ ਖੋਖਾ

ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦੇ ਹਨ ਤੇ ਬਰਾਮਦ ਹੈਰੋਇਨ ਆਪਣੇ ਖਾਸ ਗਾਹਕਾਂ ਨੂੰ ਵੇਚਣ ਜਾ ਰਹੇ ਸੀ। ਇਹ ਗਾਹਕ ਕੌਣ ਸਨ ਇਸ ਬਾਰੇ ਫਿਲਹਾਲ ਕੋਤਵਾਲੀ ਪੁਲਸ ਨੇ ਖੁਲਾਸਾ ਨਹੀਂ ਕੀਤਾ। ਉੱਥੇ ਹੀ ਦੂਜੇ ਪਾਸੇ ਕੋਤਵਾਲੀ ਪੁਲਸ ਨੇ ਨਾਕਾਬੰਦੀ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮ ਨੂੰ ਉਸਦਾ ਨਾਮ ਤੇ ਪਤਾ ਪੁੱਛਿਆ ਗਿਆ ਤਾਂ ਉਸਨੇ ਆਪਣਾ ਨਾਮ ਪਤਾ ਉਂਕਾਰ ਸਿੰਘ ਉਰਫ ਵਿੱਕੀ ਪੁੱਤਰ ਮੁਖਤਿਆਰ ਸਿੰਘ ਵਾਸੀ ਮੁਹੱਲਾ ਅਕਬਰਪੁਰਾ ਥਾਣਾ ਗੋਇੰਦਵਾਲ ਜ਼ਿਲਾ ਤਰਨਤਾਰਨ ਦੱਸਿਆ। ਮੁਲਜ਼ਮ ਕੋਲੋਂ ਤਲਾਸ਼ੀ ਦੌਰਾਨ 110 ਗ੍ਰਾਮ ਹੈਰੋਇਨ ਬਰਾਮਦ ਹੋਈ।

ਗ੍ਰਿਫ਼ਤਾਰ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਹ ਬਰਾਮਦ ਹੈਰੋਇਨ ਆਪਣੇ ਕਿਸੇ ਖ਼ਾਸ ਵਿਅਕਤੀ ਨੂੰ ਦੇਣ ਆ ਰਿਹਾ ਸੀ। ਗ੍ਰਿਫ਼ਤਾਰ ਮੁਲਜ਼ਮ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਹ ਕਿਸੇ ਵੱਡੇ ਸਮੱਗਲਰ ਪਾਸੋਂ ਹੈਰੋਇਨ ਦੀ ਖੇਪ ਲੈ ਕੇ ਆਇਆ ਸੀ। ਇਹ ਡਰੱਗ ਸਮੱਗਲਰ ਕੌਣ ਸੀ, ਇਸ ਸਬੰਧ ਫਿਲਹਾਲ ਕਪੂਰਥਲਾ ਪੁਲਸ ਨੇ ਖ਼ੁਲਾਸਾ ਨਹੀਂ ਕੀਤਾ ਹੈ। ਫਿਲਹਾਲ ਤਿੰਨਾਂ ਮੁਲਜ਼ਮਾਂ ਪਾਸੋਂ ਪੁੱਛਗਿੱਛ ਦਾ ਦੌਰ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਆਇਆ ਨਵਾਂ ਮੋੜ, ਕਬੱਡੀ ਫੈੱਡਰੇਸ਼ਨਾਂ ਦੇ ਮਾਲਕ ਨਾਮਜ਼ਦ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News