ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਕੀਤੀ ਗਈ ਮੀਟਿੰਗ
Wednesday, Jun 12, 2024 - 05:01 PM (IST)
ਜਲੰਧਰ (ਬਿਊਰੋ)- ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ. ਜ.) ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ. ਅਮਿਤ ਮਹਾਜਨ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਖਵਿੰਦਰ ਸਿੰਘ ਰੰਧਾਵਾ, ਰਿਟਰਨਿੰਗ ਅਫ਼ਸਰ ਅਲਕਾ ਕਾਲੀਆ ਸਮੇਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਲਈ ਗਜ਼ਟ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 21 ਜੂਨ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਮਨੀ ਚੋਣ ਲਈ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਪਹਿਲਾਂ ਹੀ ਲਾਗੂ ਹੋ ਚੁੱਕਾ ਹੈ ਅਤੇ 15 ਜੁਲਾਈ ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਅਰਮੀਨੀਆ 'ਚ ਫਸੇ ਭਾਰਤੀ ਨੌਜਵਾਨਾਂ ਦੀ ਵੀਡੀਓ ਕਲਿੱਪ ਹੋਈ ਵਾਇਰਲ, ਮਦਦ ਲਈ ਅੱਗੇ ਆਏ ਸੰਤ ਸੀਚੇਵਾਲ
ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰਾਂ ਤੋਂ ਨਾਮਜ਼ਦਗੀ ਪੱਤਰ ਸਥਾਨਕ ਪੁੱਡਾ ਦਫ਼ਤਰ ਦੀ ਜ਼ਮੀਨੀ ਮੰਜ਼ਿਲ ’ਤੇ ਸਥਿਤ ਏ. ਸੀ. ਏ. ਦਫ਼ਤਰ ਵਿੱਚ ਪ੍ਰਾਪਤ ਕੀਤੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਜਾਬਤੇ ਦੀਆਂ ਹਦਾਇਤਾਂ/ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਜਿਮਨੀ ਚੋਣ ਸਫ਼ਲਤਾਪੂਰਵਕ ਸਿਰੇ ਚਾੜ੍ਹਨ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜਿਮਨੀ ਚੋਣ ਦੌਰਾਨ ਰਾਜਨੀਤਕ ਪਾਰਟੀਆਂ ਤੇ ਉਮੀਦਵਾਰਾਂ ਨੂੰ ਰੈਲੀਆਂ/ ਮੀਟਿੰਗਾਂ/ਜਲੂਸ, ਲਾਊਡ ਸਪੀਕਰਾਂ ਆਦਿ ਦੀ ਵਰਤੋਂ ਲਈ ਪ੍ਰਵਾਨਗੀ ਲੈਣਾ ਜ਼ਰੂਰੀ ਹੈ। ਬਿਨਾਂ ਮਨਜ਼ੂਰੀ ਦੇ ਕੋਈ ਵੀ ਸਿਆਸੀ ਇਕੱਠ/ਰੈਲੀ, ਲਾਊਡਸਪੀਕਰ ਆਦਿ ਦੀ ਵਰਤੋਂ ਕਰਨ 'ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਵਾਨਗੀਆਂ ਵਿੱਚ ਜਿਮਨੀ ਚੋਣ ਦੌਰਾਨ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਰੈਲੀਆਂ, ਸਮਾਗਮਾਂ, ਚੋਣ ਦਫ਼ਤਰ ਸਥਾਪਤ ਕਰਨ, ਮੀਟਿੰਗਾਂ ਕਰਨ, ਲਾਊਡ ਸਪੀਕਰਾਂ, ਵਾਹਨਾਂ, ਵੀਡੀਓ ਵੈਨਾਂ, ਹੈਲੀਕਾਪਟਰਾਂ ਦੀ ਵਰਤੋਂ ਆਦਿ ਸਬੰਧੀ ਮਨਜ਼ੂਰੀਆਂ ਸ਼ਾਮਲ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਜ਼ਮੀਨੀ ਮੰਜ਼ਿਲ ’ਤੇ ਕਮਰਾ ਨੰ. 22 ਵਿੱਚ ਪ੍ਰਵਾਨਗੀ ਸੈੱਲ ਸਥਾਪਤ ਕਰਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਪੱਧਰ ’ਤੇ ਸਥਾਨਕ ਖਾਲਸਾ ਕਾਲਜ ਫਾਰ ਵੂਮੈਨ ਕੈਂਟ ਰੋਡ ਦੇ ਕਾਊਂਸਲਿੰਗ ਰੂਮ ਵਿੱਚ ਪ੍ਰਵਾਨਗੀ ਸੈੱਲ ਬਣਾਇਆ ਗਿਆ ਹੈ, ਜਿੱਥੇ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਪ੍ਰਵਾਨਗੀਆਂ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਲਈ ਆਪਣੀ ਚੋਣ ਮੁਹਿੰਮ ਲਈ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਸਬੰਧੀ ਸਮੱਗਰੀ ਦੀ ਪ੍ਰੀ ਸਰਟੀਫਿਕੇਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 14-ਏ ਵਿਖੇ ਸਥਾਪਤ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਵਾਨਗੀ ਲਈ ਆਨਲਾਈਨ ਅਤੇ ਆਫਲਾਈਨ ਅਰਜ਼ੀਆਂ ਕ੍ਰਮਵਾਰ 48 ਘੰਟੇ ਅਤੇ 24 ਘੰਟੇ ਤੋਂ ਪਹਿਲਾਂ ਜਮ੍ਹਾ ਕਰਵਾਉਣੀਆਂ ਜ਼ਰੂਰੀ ਹਨ।
ਇਹ ਵੀ ਪੜ੍ਹੋ- ਫਗਵਾੜਾ ਨੇੜੇ ਵੱਡੀ ਘਟਨਾ, 'ਵੰਦੇ ਭਾਰਤ ਐਕਸਪ੍ਰੈੱਸ ਟਰੇਨ' 'ਤੇ ਹੋਇਆ ਪਥਰਾਅ, ਦਹਿਸ਼ਤ 'ਚ ਯਾਤਰੀ
ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਉਮੀਦਵਾਰਾਂ ਵੱਲੋਂ ਚੋਣ ਖਰਚੇ ਦੀ ਸੀਮਾ 40 ਲੱਖ ਰੁਪਏ ਤੱਕ ਨਿਰਧਾਰਿਤ ਕੀਤੀ ਹੈ। ਇਸ ਤੋਂ ਇਲਾਵਾ ਨਫ਼ਰਤੀ ਭਾਸ਼ਣ/ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ/ਭ੍ਰਿਸ਼ਟ ਕਾਰਵਾਈਆਂ ਆਦਿ ਖਿਲਾਫ਼ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।