ਡੀ. ਸੀ. ਦਫਤਰ ਦੇ ਕਰਮਚਾਰੀਆਂ ਵੱਲੋਂ ਕਲਮਛੋੜ ਹੜਤਾਲ ਸ਼ੁਰੂ

05/02/2018 12:43:21 PM

ਕਪੂਰਥਲਾ (ਗੁਰਵਿੰਦਰ ਕੌਰ)— ਦਿ ਪੰਜਾਬ ਰਾਜ ਜ਼ਿਲਾ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਵੱਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਮੰਗਲਵਾਰ ਜ਼ਿਲਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਸਬੰਧੀ ਦੋ ਦਿਨਾਂ ਦੀ ਕਲਮਛੋੜ ਹੜਤਾਲ ਸ਼ੁਰੂ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਨੂੰ ਕਥਿਤ ਤੌਰ 'ਤੇ ਰੰਜਿਸ਼ ਕੱਢਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਬਿਨਾਂ ਵਜ੍ਹਾ ਕਾਫੀ ਦੂਰ ਤਬਾਦਲਾ ਕੀਤਾ ਜਾ ਚੁੱਕਾ ਹੈ, ਜਿਸ ਕਰਕੇ ਸੂਬਾ ਜਨਰਲ ਸਕੱਤਰ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਇਸ ਸਮੇਂ ਮਾਨਸਿਕ ਪਰੇਸ਼ਾਨੀ ਦੇ ਦੌਰ 'ਚੋਂ ਗੁਜ਼ਰ ਰਿਹਾ ਹੈ, ਜਿਸ ਕਾਰਨ ਸਮੂਹ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦੇ ਨਾਲ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਵਿਰੋਧ 'ਚ ਵੀ ਅੱਜ ਡੀ. ਸੀ. ਦਫਤਰ ਕਪੂਰਥਲਾ ਤੇ ਇਸ ਦੇ ਅਧੀਨ ਆਉਂਦੇ ਸਮੂਹ ਏ. ਡੀ. ਸੀ. ਜਨਰਲ ਦਫਤਰਾਂ, ਐੱਸ. ਡੀ. ਐੱਮ. ਦਫਤਰਾਂ ਤੇ ਤਹਿਸੀਲ, ਸਬ ਤਹਿਸੀਲ ਦਫਤਰਾਂ ਦੇ ਕਰਮਚਾਰੀਆਂ ਵੱਲੋਂ ਮੁਕੰਮਲ ਕਲਮਛੋੜ ਹੜਤਾਲ ਕੀਤੀ ਗਈ ਹੈ। ਇਸ ਮੌਕੇ ਕਰਮਚਾਰੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਡੀ. ਸੀ. ਫਿਰੋਜ਼ਪੁਰ ਦੇ ਖਿਲਾਫ ਤੁਰੰਤ ਕਾਰਵਾਈ ਨਾ ਕੀਤੀ ਅਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਉਪਰੋਕਤ ਕਲਮਛੋੜ ਹੜਤਾਲ ਤੇ ਗੇਟ ਰੈਲੀ 2 ਮਈ ਨੂੰ ਵੀ ਜਾਰੀ ਰਹੇਗੀ ਤੇ 3 ਮਈ ਨੂੰ ਡੀ. ਸੀ. ਦਫਤਰ ਦੇ ਕਰਮਚੀਰੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਡੀ. ਸੀ. ਦਫਤਰ ਫਿਰੋਜ਼ਪੁਰ ਵਿਖੇ ਰੈਲੀ ਕੀਤੀ ਜਾਵੇਗੀ। 
ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਸਮੇਂ ਦੌਰਾਨ ਆਮ ਪਬਲਿਕ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸੂਬਾ ਵਿੱਤ ਸਕੱਤਰ ਸਤਬੀਰ ਸਿੰਘ ਚੰਦੀ, ਜ਼ਿਲਾ ਜਨਰਲ ਸਕੱਤਰ ਰਜਵਾਨ ਖਾਨ, ਬਲਵੰਤ ਸਿੰਘ, ਤੇਜਵੰਤ ਸਿੰਘ ਆਹਲੂਵਾਲੀਆ, ਹਰਪ੍ਰੀਤ ਸਿੰਘ, ਜਗਤਾਰ ਸਿੰਘ, ਨੀਲਮ ਕੁਮਾਰੀ ਆਦਿ ਨੇ ਵੀ ਸੰਬੋਧਨ ਕੀਤਾ।