ਲੋਕ ਸਹਿਯੋਗ ਨਾਲ ਨਸ਼ਿਆਂ ਦਾ ਖ਼ਾਤਮਾ ਸੰਭਵ, ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਵਤਸਲਾ ਗੁਪਤਾ
Monday, Dec 18, 2023 - 06:56 PM (IST)
ਭੁਲੱਥ (ਰਜਿੰਦਰ)- ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਹੋਰ ਜਾਗਰੂਕ ਕਰਨ ਦੀ ਲੜੀ ਤਹਿਤ ਅੱਜ ਨਡਾਲਾ ਵਿਖੇ ਕਬੱਡੀ ਦੇ ਸ਼ੋਅ ਮੈਚ ਦੌਰਾਨ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਸੰਭਵ ਹੈ, ਜਿਸ ਦੇ ਮੱਦੇਨਜ਼ਰ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਕਾਰਵਾਈ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕਰਦਿਆਂ ਸੂਬੇ ਦੀ ਜਵਾਨੀ ਦੇ ਸੁਨਹਿਰੇ ਭਵਿੱਖ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਸਮੇਂ ਦੀ ਮੁੱਖ ਮੰਗ ਹੈ। ਇਸ ਮੌਕੇ ਸਮੂਹ ਹਾਜਰੀਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਦਾ ਅਹਿਦ ਲਿਆ ਗਿਆ।
ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਵਿਚਕਾਰ ਕਬੱਡੀ ਸ਼ੋਅ ਮੈਚ ਮੌਕੇ ਖਿਡਾਰੀਆਂ ਨਾਲ ਜਾਣ-ਪਛਾਣ ਉਪਰੰਤ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਵਿੱਢੀ ਗਈ ਹੈ, ਜਿਸ ਵਿਚ ਉਨ੍ਹਾਂ ਨੇ ਲੋਕਾਂ ਤੋਂ ਭਰਵੇਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਵੰਦ ਹੋਣਾ ਚਾਹੀਦਾ ਹੈ ਤਾਂ ਜੋ ਇਸ ਅਲਾਮਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਪੂਰਥਲਾ ਪੁਲਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਜਾ ਕੇ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ, ਜਿਸ ਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਜੋੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਨੂੰ ਅਮਲੀ ਜਾਮਾ ਪਹਿਨਾਉਣਾ ਹੈ। ਉਨ੍ਹਾਂ ਨੇ ਲੋਕਾਂ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਸਫਾਏ ਲਈ ਇੱਕਮੁੱਠ ਹੋ ਕੇ ਡਟਣ ਦਾ ਸਮਾਂ ਹੈ, ਜਿਸ ਵਿਚ ਉਹ ਆਪਣਾ ਬਣਦਾ ਯੋਗਦਾਨ ਪਾ ਕੇ ਸਮਾਜ ਦੇ ਹਿਤਾਂ ਲਈ ਕੰਮ ਕਰਨ।
ਇਹ ਵੀ ਪੜ੍ਹੋ : ਕਾਂਗਰਸ ਤੇ 'ਆਪ' ਦੇ ਗਠਜੋੜ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸੁਖਬੀਰ ਦੀ ਮੁਆਫ਼ੀ 'ਤੇ ਵੀ ਸੁਣੋ ਕੀ ਬੋਲੇ
ਅੱਜ ਦੇ ਪ੍ਰੋਗਰਾਮ ਦੌਰਾਨ ਲਗਾਏ ਗਏ ਖ਼ੂਨਦਾਨ ਕੈਂਪ ਵਿਚ ਪੂਰਾ ਉਤਸ਼ਾਹ ਵਿਖਾਉਂਦਿਆਂ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਕਿਹਾ ਕਿ ਨੌਜਵਾਨ ਪੀੜੀ ਹਰ ਇਕ ਸਮਾਜ ਦੀ ਰੀੜ ਦੀ ਹੱਡੀ ਹੰਦੀ ਹੈ ਜਿਹੜੀ ਹਰੇਕ ਚੁਣੌਤੀ ਦਾ ਸਾਹਮਣਾ ਕਰਨ ਦੇ ਸਮਰੱਥ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਖੇਡਾਂ ਨਾਲ ਜੁੜ ਕੇ ਅਤੇ ਨਸ਼ਿਆਂ ਵਿਰੁੱਧ ਡਟ ਕੇ ਨਿੱਗਰ ਸਮਾਜ ਦਾ ਸੁਫ਼ਨਾ ਸਾਕਾਰ ਕਰ ਸਕਦੇ ਹਨ। ਇਸ ਮੌਕੇ ਨਸ਼ਿਆਂ ਵਿਰੁੱਧ ਸੰਦੇਸ਼ ਦਿੰਦਾ ਹੋਇਆ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਅਜਿਹੇ ਜਾਗਰੂਕਤਾ ਪ੍ਰੋਗਰਾਮ ਭਵਿੱਖ ਵਿਚ ਵੀ ਜਾਰੀ ਰਹਿਣਗੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਾਰਥਕ ਮੁਹਿੰਮ ਦਾ ਹਿੱਸਾ ਬਣਾਇਆ ਜਾ ਸਕੇ। ਉਨ੍ਹਾਂ ਨੇ ਨਸ਼ਿਆਂ ਦੇ ਧੰਦੇ ਵਿਚ ਸ਼ਾਮਲ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਅਜਿਹੇ ਅਨਸਰ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ। ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਖਿਡਾਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ. ਪੀ. (ਹੈਡਕੁਆਰਟਰ) ਤੇਜਵੀਰ ਸਿੰਘ ਹੁੰਦਲ, ਐੱਸ. ਪੀ. (ਡੀ) ਰਮਨਿੰਦਰ ਸਿੰਘ ਦਿਓਲ, ਡੀ. ਐੱਸ. ਪੀ. ਭਾਰਤ ਭੂਸ਼ਣ, ਆਮ ਆਦਮੀ ਪਾਰਟੀ ਦੇ ਆਗੂ ਹਰਸਿਮਰਨ ਸਿੰਘ ਘੁੰਮਣ ਤੋਂ ਇਲਾਵਾ ਇਲਾਕੇ ਦੇ ਲੋਕ ਮੌਜੂਦ ਸਨ।
ਇਹ ਵੀ ਪੜ੍ਹੋ : ਦੇਸ਼ ਖਾਤਿਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੁੱਚਾ ਮੁਲਕ ਕਰਜ਼ਦਾਰ ਰਹੇਗਾ: ਭਗਵੰਤ ਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।