ਅੱਜ 3 ਘੰਟੇ ਰੇਲਾਂ ਦਾ ਚੱਕਾ ਜਾਮ ਕਰੇਗੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ : ਬਾਊਪੁਰ, ਖਿੰਡਾ
Monday, Oct 03, 2022 - 03:45 AM (IST)

ਸੁਲਤਾਨਪੁਰ ਲੋਧੀ (ਸੋਢੀ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਕਿਸਾਨਾਂ ਦੀ ਮੀਟਿੰਗ ਪਿੰਡ ਸ਼ੇਰਪੁਰ ਸੱਧਾ ਦੇ ਗੁਰਦੁਆਰਾ ਸਾਹਿਬ 'ਚ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ੋਨ ਸੁਲਤਾਨਪੁਰ ਦੇ ਪ੍ਰਧਾਨ ਸ਼ੇਰ ਸਿੰਘ ਮਹੀਂਵਾਲ ਤੇ ਜ਼ੋਨ ਬਾਬਾ ਬੀਰ ਸਿੰਘ ਦੇ ਪ੍ਰਧਾਨ ਭੁਪਿੰਦਰ ਸਿੰਘ ਤੇ ਹੋਰ ਆਗੂ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਮਨਜੀਤ ਸਿੰਘ ਖਿੰਡਾ ਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਬਣਦੇ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਤਰ੍ਹਾਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਨੂੰ ਬਾਹਰ ਕਰਨਾ, ਫਿਰ ਬਿਜਲੀ ਸੋਧ ਬਿੱਲ ਪਾਸ ਕਰਕੇ ਬਿਜਲੀ ਬੋਰਡ ਨੂੰ ਨਿੱਜੀ ਹੱਥਾਂ 'ਚ ਦੇਣ ਲਈ ਰਾਹ ਪੱਧਰਾ ਕਰਨਾ ਆਦਿ ਫ਼ੈਸਲੇ ਕਰਕੇ ਸੂਬਿਆਂ ਦੇ ਬਣਦੇ ਹੱਕਾਂ 'ਤੇ ਡਾਕਾ ਮਾਰਿਆ ਗਿਆ ਹੈ।
ਇਹ ਵੀ ਪੜ੍ਹੋ : ਅਮਲੋਹ ਦੇ ਵਿਧਾਇਕ ਦੇ ਗਲਤ ਰਵੱਈਏ ਕਾਰਨ ਝੋਨੇ ਦੀ ਖਰੀਦ 'ਚ ਪਏਗਾ ਵਿਘਨ : ਬਾਜਵਾ
ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੇਂਦਰ ਸਰਕਾਰ ਦਾ ਸਾਥ ਦਿੰਦੀ ਨਜ਼ਰ ਆ ਰਹੀ ਹੈ, ਜੋ ਕਿ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬੇ ਭਰ 'ਚ ਰੇਲਾਂ ਦਾ ਚੱਕਾ ਜਾਮ ਕਰਕੇ ਲੋਕਾਂ ਦੀ ਆਵਾਜ਼ ਕੇਂਦਰ ਅਤੇ ਪੰਜਾਬ ਸਰਕਾਰ ਤੱਕ ਪਹੁੰਚਾਈ ਜਾਵੇਗੀ। ਇਸ ਲਈ 3 ਅਕਤੂਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਧਰਨੇ ਵਿਚ ਕਿਸਾਨ, ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ।
ਇਹ ਵੀ ਪੜ੍ਹੋ : G Khan ਦੀ ਮੁਆਫ਼ੀ ਨੂੰ ਲੈ ਕੇ 2 ਧਿਰਾਂ 'ਚ ਹੋਈ ਜ਼ਬਰਦਸਤ ਝੜਪ, ਚੱਲੇ ਇੱਟਾਂ-ਰੋੜੇ
ਸ਼ੇਰ ਸਿੰਘ ਮਹੀਂਵਾਲ ਨੇ ਕਿਹਾ ਕਿ ਝੋਨੇ ਦੀ ਫਸਲ ਖਰੀਦਣ ਲਈ ਪੰਜਾਬ ਸਰਕਾਰ ਵੱਲੋਂ ਬੇਲੋੜੀਆਂ ਸ਼ਰਤਾਂ ਰੱਖੀਆਂ ਜਾ ਰਹੀਆਂ ਹਨ, ਜਿਸ ਦਾ ਜਥੇਬੰਦੀ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਲਗਾਤਾਰ ਵੱਧ ਰਿਹਾ ਹੈ, ਪ੍ਰਸ਼ਾਸਨ 'ਤੇ ਸਰਕਾਰ ਦੀ ਕੋਈ ਪਕੜ ਨਹੀਂ ਹੈ, ਕਾਨੂੰਨ ਵਿਵਸਥਾ ਦੀ ਹਾਲਤ ਤਰਸਯੋਗ ਹੈ। ਦਿਨ-ਦਿਹਾੜੇ ਗੁੰਡਾਗਰਦੀ ਤੇ ਲੁੱਟਾਂ-ਖੋਹਾਂ ਆਦਿ ਵਾਰਦਾਤਾਂ ਹੋ ਰਹੀਆਂ ਹਨ। ਇਸ ਸਮੇਂ ਕੇਂਦਰ ਖਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।