ਕਿਸਾਨ ਜਥੇਬੰਦੀਆਂ ਵੱਲੋਂ ਬੀਬੀ ਜਗੀਰ ਕੌਰ ਖ਼ਿਲਾਫ ਕਾਰਵਾਈ ਦੀ ਮੰਗ ਦਾ ਮੁੱਦਾ ਗਰਮਾਇਆ

12/17/2020 7:44:57 PM

ਗੜ੍ਹਸ਼ੰਕਰ,(ਸ਼ੋਰੀ) : ਦਿੱਲੀ ਬਾਰਡਰ ’ਤੇ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਾਂਝੇ ਤੌਰ ’ਤੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਬੀਬੀ ਜਗੀਰ ਕੌਰ ਖ਼ਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਕੀਤੀ ਗਈ ਕਾਰਵਾਈ ਦੀ ਮੰਗ ਨੇ ਨਵੀਂ ਚਰਚਾ ਸ਼ੁਰੂ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਅੰਦੋਲਨ ਨੂੰ ਆਪਣਾ ਅੰਦੋਲਨ ਦੱਸਦੇ ਇਹ ਕਿਹਾ ਕਿ ਇਹ ਅੰਦੋਲਨ ਉਨ੍ਹਾਂ ਦਾ (ਸ਼੍ਰੋਮਣੀ ਅਕਾਲੀ ਦਲ ) ਹੈ ਅਤੇ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਅੱਗੇ ਲਾਇਆ ਹੋਇਆ ਹੈ। ਬਲਬੀਰ ਸਿੰਘ ਰਾਜੇਵਾਲ ਨੇ ਬੀਬੀ ਜਗੀਰ ਕੌਰ ਦੇ ਇਸ ਬਿਆਨ ਦੀ ਸਖ਼ਤ ਨਿੰਦਿਆ ਕਰਦੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਕਾਰਵਾਈ ਦੀ ਮੰਗ ਕੀਤੀ ਹੈ।

ਦਿੱਲੀ ਵਿੱਚ ਅੱਧੇ ਤੋਂ ਵੱਧ ਅਕਾਲੀ ਦਲ ਦੇ ਵਰਕਰ : ਰਾਠਾਂ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇਸ ਸਬੰਧੀ ਆਪਣੀ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਸੱਚਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸੰਘਰਸ਼ ’ਤੇ ਬੈਠੇ ਕਿਸਾਨਾਂ ਵਿੱਚ ਅੱਧੇ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਨ, ਜੋ ਕਿ ਪੰਜਾਬ ਦੇ ਵੱਖ-ਵੱਖ ਪਿੰਡਾਂ ਤੋਂ ਗਏ ਹਨ। ਉਨ੍ਹਾਂ ਕਿਹਾ ਕਿ ਸਾਡੇ ਵਰਕਰ ਨਾ ਉਥੇ ਕੇਵਲ ਧਰਨਾ ਦੇ ਰਹੇ ਹਨ ਬਲਕਿ ਨਾਲ ਲੰਗਰ ਦੀ ਸੇਵਾ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਖੁਦ ਆਪਣੇ ਜ਼ਿਲ੍ਹੇ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਦਿੱਲੀ ਭੇਜਣ ਲਈ ਪ੍ਰੇਰਿਆ ਅਤੇ ਨਿਰੰਤਰ ਭੇਜ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਸੱਚ ਸੁਣ ਕੇ ਤਕਲੀਫ ਹੁੰਦੀ ਹੈ ਤਾਂ ਹੁੰਦੀ ਰਹੀ।

ਬੀਬੀ ਜਗੀਰ ਕੌਰ ਦਾ ਬਿਆਨ ਸੰਘਰਸ਼ ਨੂੰ ਫੇਲ ਕਰਨ ਦਾ ਇੱਕ ਮਨਸੂਬਾ : ਬਸਿਆਲਾ 
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਗੁਰਚਰਨ ਸਿੰਘ ਬਸਿਆਲਾ ਨੇ ਬਲਬੀਰ ਸਿੰਘ ਰਾਜੇਵਾਲ ਦੇ ਬਿਆਨ ਦਾ ਸਮਰਥਨ ਕਰਦੇ ਕਿਹਾ ਕਿ ਬੀਬੀ ਜਗੀਰ ਕੌਰ ਦਾ ਬਿਆਨ ਬਚਕਾਨਾ ਅਤੇ ਗੈਰ ਸਿਧਾਂਤਕ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਕੋਈ ਪਾਰਟੀ ਨਹੀਂ ਹੁੰਦੀ, ਉਹ ਸਿਰਫ ਕਿਸਾਨ ਹੁੰਦਾ ਹੈ ਅਤੇ ਕਿਸਾਨ ਦਾ ਧਰਮ ਖੇਤੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੈ ਅਤੇ ਉਹਦਾ ਬਿਆਨ ਬਚਕਾਨਾ ਅਤੇ ਗੈਰ ਸਿਧਾਂਤਕ ਹੈ। ਉਨ੍ਹਾਂ ਕਿਹਾ ਕਿ ਜਿਸ ਸ਼੍ਰੋਮਣੀ ਅਕਾਲੀ ਦਲ ਨੂੰ ਰਾਜਨੀਤਕ ਲਾਭ ਦੇਣ ਲਈ ਬੀਬੀ ਜਗੀਰ ਕੌਰ ਅਜਿਹਾ ਬਿਆਨ ਦੇ ਰਹੀ ਹੈ ਉਹ ਪਾਰਟੀ ਤਾਂ ਪਹਿਲਾਂ ਹੀ ਦੋ ਸੰਵਿਧਾਨਾਂ ਦੇ ਮੁੱਦੇ ’ਤੇ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਬਸਿਆਲਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਦਾ ਇਹ ਬਿਆਨ ਅਸਲ ਵਿਚ ਕਿਸਾਨ ਸੰਘਰਸ਼ ਨੂੰ ਫੇਲ ਕਰਨ ਦਾ ਇੱਕ ਮਨਸੂਬਾ ਹੈ, ਜੋ ਕਿ ਇਕ ਸੋਚੀ ਸਮਝੀ ਸਾਜਿਸ਼ ਅਧੀਨ ਦਿੱਤਾ ਗਿਆ ਲੱਗਦਾ ਹੈ।

 


Deepak Kumar

Content Editor

Related News