ਕੈਬਨਿਟ ਮੰਤਰੀ ਚਰਨਜੀਤ ਚੰਨੀ ਤੇ ਸੁੰਦਰ ਸ਼ਾਮ ਅਰੋੜਾ ਨੇ ਲਿਆ ਹੜ੍ਹਾਂ ਦੇ ਹਾਲਾਤ ਦਾ ਜਾਇਜ਼ਾ
Sunday, Aug 25, 2019 - 04:30 PM (IST)
ਰੂਪਨਗਰ (ਸੱਜਣ ਸੈਣੀ)— ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ 'ਚ ਅਧਿਕਾਰੀਆਂ ਨਾਲ ਇਕ ਵਿਸੇਸ਼ ਮੀਟਿੰਗ ਕਰਕੇ ਹੜ੍ਹਾਂ ਨਾਲ ਪ੍ਰਭਾਵਿਤ ਖੇਤਰ ਅਤੇ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਇਸ ਕੁਦਰਤੀ ਆਫਤ ਦੀ ਘੜੀ 'ਚ ਮਿਹਨਤ ਤੇ ਲਗਨ ਨਾਲ ਬਿਨ੍ਹਾਂ ਦਿਨ-ਰਾਤ ਦੀ ਪ੍ਰਵਾਹ ਕੀਤਿਆਂ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਲੋਕਾਂ ਦੇ ਮੁੜ ਵਸੇਬੇ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀਆਂ ਨੇ ਰੂਪਨਗਰ ਜ਼ਿਲੇ ਦੇ ਵੱਖ-ਵੱਖ ਪ੍ਰਭਾਵਿਤ ਥਾਵਾਂ ਦਾ ਵੀ ਦੌਰਾ ਕੀਤਾ।
ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਕੇਂਦਰ ਨੇ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਜਿਸ ਦੇ ਲਈ ਜਲਦੀ ਹੀ ਕੇਂਦਰ ਦੀ ਇਕ ਟੀਮ ਇਸ ਇਲਾਕੇ 'ਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ੱਵੱਲੋਂ ਪ੍ਰਾਪਤ ਹੋਏ ਦਿਸ਼-ਨਿਰਦੇਸ਼ਾਂ 'ਤੇ ਹੀ ਅਸੀਂ ਅੱਜ ਇਸ ਖੇਤਰ ਦਾ ਦੌਰਾ ਕਰਨ ਲਈ ਆਏ ਹਾਂ ਤਾਂ ਜੋ ਜ਼ਮੀਨੀ ਹਕੀਕਤ ਬਾਰੇ ਜਾਣਕਾਰੀ ਹਾਸਲ ਕਰਕੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਹੋਏ ਲੋਕਾਂ ਨੁੰ ਰਾਹਤ ਸਮੱਗਰੀ, ਪਸ਼ੂਆਂ ਲਈ ਚਾਰਾ ਅਤੇ ਹੋਰ ਲੋੜੀਦੀਆਂ ਮੈਡੀਕਲ ਸਹੂਲਤ ਨਿਰੰਤਰ ਮਿਲ ਰਹੀਆਂ ਹਨ। ਡਰੇਨਏਜ਼ ਵਿਭਾਗ ਵੱਲੋਂ ਪਾਣੀ ਦੇ ਤੇਜ ਬਹਾ ਨਾਲ ਹੋਏ ਨੁਕਸਾਨ ਦੀ ਮੁਰੰਮਤ ਲਈ ਲਗਾਤਾਰ ਕੰਮ ਚੱਲ ਰਿਹਾ ਹੈ। ਵਧੇਰੇ ਖੇਤਰ 'ਚ ਬਿਜਲੀ ਅਤੇ ਪਾਣੀ ਦੀ ਸਪਲਾਈ ਵਰਗੀਆਂ ਬੁਨਿਆਦੀ ਜ਼ਰੂਰਤਾਂ ਬਹਾਲ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਬੱਚਨਵੱਧ ਹੈ ਅਤੇ ਅਧਿਕਾਰੀ ਇਸ 'ਤੇ ਪੂਰੀ ਤਰ੍ਹਾਂ ਅਮਲ ਕਰਦੇ ਹੋਏ ਆਪਣੀ ਜਿੰਮੇਵਾਰੀ ਨਿਭਾਉਣ।
ਇਸ ਦੌਰਾਨ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੜ੍ਹਾਂ ਵਰਗੇ ਹਾਲਾਤ ਆਮ ਵਰਗੇ ਹੋਣ ਤੋਂ ਬਾਅਦ ਪ੍ਰਸਾਸ਼ਨ ਦੀ ਜਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਹੂਲਤਾਂ, ਪਸ਼ੂਆਂ ਦਾ ਟੀਕਾਕਰਨ ਅਤੇ ਇਲਾਕੇ 'ਚ ਬੀਮਾਰੀਆਂ ਫੈਲਣ ਤੋਂ ਰੋਕਣ ਲਈ ਬੇਹੱਦ ਜ਼ਰੂਰੀ ਪ੍ਰਬੰਧ ਕਰਨ ਦੀ ਜ਼ਰੂਰਤ ਹੈ। ਅਜਿਹੇ ਸਮੇਂ 'ਚ ਅਸੀਂ ਅਧਿਕਾਰੀਆਂ ਤੋਂ ਇਹ ਆਸ ਰੱਖਦੇ ਹਾਂ ਕਿ ਉਹ ਆਪਣਾ ਕੰਮ ਜਿੰਮੇਵਾਰੀ ਨਾਲ ਕਰਨਗੇ। ਇਨ੍ਹਾਂ ਕੰਮਾਂ 'ਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਹੋਵੇਗੀ। ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ ਨੇ ਦੱਸਿਆ ਕਿ ਜ਼ਿਲੇ 'ਚ ਲਗਭਗ 100 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਤੁਰੰਤ ਆਮ ਜਨ ਜੀਵਨ ਨੂੰ ਬਹਾਲ ਕਰਨ ਲਈ 15 ਕਰੋੜ ਰੁਪਏ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਗਠਨਾਂ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਸਾਸ਼ਨ ਨੇ ਲੋਕਾਂ ਦੀ ਸਹੂਲਤ ਲਈ ਬੇਹੱਦ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਵੀ ਹਰ ਲੋੜੀਂਦੀ ਮਦਦ ਪਹੁੰਚ ਰਹੀ ਹੈ। ਉਨ੍ਹਾਂ ਡਰੇਨੇਜ਼, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਪ੍ਰਾਪਤ ਜ਼ਿਲੇ ਦੀਆਂ ਸਮੁੱਚੀਆਂ ਰਿਪੋਰਟਾਂ ਬਾਰੇ ਵੀ ਮੰਤਰੀ ਸਾਹਿਬਾਨ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਰੂਪਨਗਰ ਅਮਰਜੀਤ ਸਿੰਘ ਸੰਦੋਆ, ਜ਼ਿਲਾ ਕਾਂਗਰਸ ਪ੍ਰਧਾਨ ਵਰਿੰਦਰ ਢਿੱਲੋ, ਐੱਸ. ਐੱਸ. ਪੀ. ਸਵਪਨ ਸ਼ਰਮਾ ਅਤੇ ਜ਼ਿਲੇ ਦੇ ਅਧਿਕਾਰੀ ਹਾਜ਼ਰ ਸਨ।