ਘਨਸ਼ਾਮ ਥੋਰੀ ਨੇ ਸਬ-ਰਜਿਸਟਰਾਰ ਨੂੰ ਕਾਲੋਨੀ ਸਬੰਧੀ ਪਲਾਟਾਂ ਦੀ ਰਜਿਸਟਰੀ ਬੰਦ ਕਰਨ ਦੇ ਦਿੱਤੇ ਨਿਰਦੇਸ਼
Sunday, May 29, 2022 - 03:37 PM (IST)
ਜਲੰਧਰ (ਚੋਪੜਾ)– ਡਿਪਟੀ ਕਮਿਸ਼ਨਰ-ਕਮ-ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਿਟੀ (ਜੇ. ਡੀ. ਏ.) ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿਚ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਸ਼ਿਕੰਜਾ ਕੱਸਣ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਸ਼ਨੀਵਾਰ ਜੇ. ਡੀ. ਏ. ਦੇ ਅਧਿਕਾਰੀਆਂ ਨੇ ਪਿੰਡ ਢੱਡਾ ਵਿਚ ਇਕ ਨਾਜਾਇਜ਼ ਕਾਲੋਨੀ ’ਤੇ ਕਾਰਵਾਈ ਕਰਦਿਆਂ ਉਥੇ ਬਣਾਈਆਂ ਜਾ ਰਹੀਆਂ ਸੜਕਾਂ ਅਤੇ ਸੀਵਰੇਜ ਸਿਸਟਮ ਨੂੰ ਤਹਿਸ-ਨਹਿਸ ਕਰ ਦਿੱਤਾ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਬਿਨਾਂ ਐੱਨ. ਓ. ਸੀ. ਹਾਸਲ ਕੀਤੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਗੈਰ-ਕਾਨੂੰਨੀ ਕਾਰਵਾਈ ਲਈ ਕਾਲੋਨਾਈਜ਼ਰ ਖ਼ਿਲਾਫ਼ ਨੋਟਿਸ ਜਾਰੀ ਕਰ ਕੇ ਸਪੱਸ਼ਟੀਕਰਨ ਮੰਗਿਆ ਗਿਆ ਹੈ, ਜਿਸ ਤੋਂ ਬਾਅਦ ਅਥਾਰਟੀ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਫਗਵਾੜਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਰੇਲਵੇ ਸਟੇਸ਼ਨ ਨੇੜੇ ਸੁੱਟੀ ਖ਼ੂਨ ਨਾਲ ਲੱਥਪਥ ਲਾਸ਼
ਘਨਸ਼ਾਮ ਥੋਰੀ ਨੇ ਦੱਸਿਆ ਕਿ ਜੇ. ਡੀ. ਏ. ਵੱਲੋਂ ਸਬ-ਰਜਿਸਟਰਾਰ ਨੂੰ ਵੀ ਪਿੰਡ ਢੱਡਾ ਵਿਚ ਕਾਲੋਨੀ ’ਤੇ ਹੋਈ ਕਾਰਵਾਈ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਇਸ ਨਾਜਾਇਜ਼ ਕਾਲੋਨੀ ਨਾਲ ਸਬੰਧਤ ਪਲਾਟਾਂ ਦੀ ਰਜਿਸਟਰੀ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਰੈਵੇਨਿਊ ਮਹਿਕਮੇ ਨੇ ਨਾਜਾਇਜ਼ ਕਾਲੋਨੀਆਂ ਵਧਣ ਦਾ ਗੰਭੀਰ ਨੋਟਿਸ ਲਿਆ ਹੈ, ਜਿਸ ਕਾਰਨ ਸਾਰੇ ਸਬ-ਰਜਿਸਟਰਾਰਾਂ ਅਤੇ ਨਾਇਬ ਸਬ-ਰਜਿਸਟਰਾਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਜਦੋਂ ਤੱਕ ਅਥਾਰਟੀ ਵੱਲੋਂ ਨੋ ਆਬਜੈਕਸ਼ਨ ਸਰਟੀਫ਼ਿਕੇਟ (ਐੱਨ. ਓ. ਸੀ.) ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸੇ ਵੀ ਨਾਜਾਇਜ਼ ਕਾਲੋਨੀ ਨੂੰ ਸੇਲ ਡੀਡ ਨੂੰ ਰਜਿਸਟਰਡ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ: ਬਟਾਲਾ ’ਚ ਵਾਪਰੀ ਬੇਅਦਬੀ ਦੀ ਘਟਨਾ, ਘਰ 'ਚ ਫਟੇ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੈਰ-ਕਾਨੂੰਨੀ ਅਤੇ ਅਨ-ਅਧਿਕਾਰਤ ਕਾਲੋਨੀ ਨਾ ਸਿਰਫ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੀਆਂ ਹਨ, ਸਗੋਂ ਲੋਕਾਂ ਨਾਲ ਵੀ ਧੋਖਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੋਨੀਆਂ ਵਿਚ ਪਲਾਟ ਲੈ ਕੇ ਆਪਣੇ ਆਸ਼ਿਆਨੇ ਬਣਾਉਣ ਵਾਲੇ ਲੋਕਾਂ ਨੂੰ ਸੀਵਰੇਜ ਵਿਵਸਥਾ, ਬਿਜਲੀ, ਸੜਕ, ਪੀਣ ਵਾਲੇ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦਾ ਉਲੰਘਣ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੋਤਾਹੀ ਵਰਤਣ ਵਾਲੇ ਅਧਿਕਾਰੀਆਂ ’ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਰੈਗੂਲਾਈਜ਼ੇਸ਼ਨ ਨੀਤੀ ਤਹਿਤ ਜਿਹੜੇ ਕਾਲੋਨਾਈਜ਼ਰਾਂ ਵੱਲੋਂ ਆਪਣੀ ਕਾਲੋਨੀ ਨੂੰ ਰੈਗੂਲਰ ਨਹੀਂ ਕਰਵਾਇਆ ਗਿਆ, ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਲਈ ਪੁਲਸ ਵਿਭਾਗ ਨੂੰ ਹੁਕਮ ਜਾਰੀ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ 'ਚ ਪੁਲਸ ਹੱਥ ਲੱਗੇ ਅਹਿਮ ਸੁਰਾਗ, ਗ੍ਰਿਫ਼ਤਾਰ ਮੁਲਜ਼ਮਾਂ ਤੋਂ ਖੁੱਲ੍ਹੀਆਂ ਹੋਰ ਪਰਤਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ