ਘਨਸ਼ਾਮ ਥੋਰੀ ਨੇ ਮਹੀਨਾਵਾਰ ਮੀਟਿੰਗਾਂ ''ਚ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ

Friday, Nov 13, 2020 - 04:09 PM (IST)

ਘਨਸ਼ਾਮ ਥੋਰੀ ਨੇ ਮਹੀਨਾਵਾਰ ਮੀਟਿੰਗਾਂ ''ਚ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ

ਜਲੰਧਰ(ਚੋਪੜਾ): ਜ਼ਿਲ੍ਹੇ 'ਚ ਜਮ੍ਹਾਬੰਦੀ, ਗਿਰਦਾਵਰੀ ਅਤੇ ਹੋਰ ਸਾਰੇ ਤਰ੍ਹਾਂ ਦੇ ਰੈਵੇਨਿਊ ਰਿਕਾਰਡ ਨੂੰ ਅਪਡੇਟ ਅਤੇ ਰੈਵੇਨਿਊ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਯਮਿਤ ਤੌਰ 'ਤੇ ਇੰਤਕਾਲਾਂ ਦਾ ਰੀਵਿਊ ਕੀਤਾ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸਥਿਤ ਮੀਟਿੰਗ ਹਾਲ 'ਚ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਨ ਦੌਰਾਨ ਦਿੱੱਤੇ। ਉਨ੍ਹਾਂ ਨਾਲ ਏ. ਡੀ. ਸੀ. (ਡੀ) ਵਿਸ਼ੇਸ਼ ਸਾਰੰਗਲ ਅਤੇ ਏ. ਡੀ. ਸੀ. (ਜਨਰਲ) ਜਸਬੀਰ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਤੇ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਸੇਵਾਵਾਂ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਰੈਵੇਨਿਊ ਵਿਭਾਗ ਦੇ ਰਿਕਾਰਡ ਨੂੰ ਆਨਲਾਈਨ ਕਰਨ ਦਾ ਕੰਮ ਜਾਰੀ ਹੈ, ਜਿਸ ਅਧੀਨ ਜ਼ਿਲ੍ਹੇ ਦੇ ਰੈਵੇਨਿਊ ਅਧਿਕਾਰੀਆਂ ਵੱਲੋਂ ਰਿਕਾਰਡ ਨੂੰ ਅਪਡੇਟ ਕਰਨ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ ਤਾਂ ਕਿ ਲੋਕ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀਆਂ ਜਾਇਦਾਦਾਂ ਸਬੰਧੀ ਰਿਕਾਰਡ ਪ੍ਰਾਪਤ ਕਰ ਸਕਣ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ, ਸ਼ਹਿਰੀ ਵਿਕਾਸ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮਿਸ਼ਨ ਤੰਦਰੁਸਤ ਪੰਜਾਬ ਸਮੇਤ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਵੀ ਜਾਇਜ਼ਾ ਲਿਆ। ਮੀਟਿੰਗ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਸਿਹਤ ਵਿਭਾਗ ਮਿਲਾਵਟੀ ਮਠਿਆਈਆਂ ਦੀ ਵਿਕਰੀ 'ਤੇ ਲਗਾਏ ਰੋਕ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਮਿਲਾਵਟੀ ਮਠਿਆਈਆਂ ਦੀ ਵਿਕਰੀ 'ਤੇ ਰੋਕ ਲਗਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮਠਿਆਈਆਂ ਦੀਆਂ ਦੁਕਾਨਾਂ ਤੋਂ ਵੱਧ ਤੋਂ ਵੱਧ ਸੈਂਪਲ ਲੈਣ ਦੇ ਨਿਰਦੇਸ਼ ਦਿੱਤੇ ਤਾਂ ਜੋ ਤਿਉਹਾਰੀ ਸੀਜ਼ਨ 'ਚ ਮਿਲਾਵਟੀ ਮਠਿਆਈਆਂ ਦੀ ਵਿਕਰੀ 'ਤੇ ਰੋਕ ਲਗਾ ਕੇ ਲੋਕਾਂ ਦੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।

PunjabKesari
ਕੋਵਿਡ-19 ਦੀ ਸੈਂਪਲਿੰਗ 'ਤੇ ਨਿਗਰਾਨੀ ਕਰਨ ਅਧਿਕਾਰੀ
ਡਿਪਟੀ ਕਮਿਸ਼ਨਰ ਨੇ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੇ ਖਤਰੇ ਦੇ ਖਦਸ਼ੇ ਨੂੰ ਦੇਖਦਿਆ ਕੋਰੋਨਾ ਵਾਇਰਸ ਦੇ ਲੱਛਣਾਂ ਵਾਲੇ ਮਰੀਜ਼ਾਂ ਦੀ ਜਲਦ ਪਛਾਣ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਇਲਾਕਿਆਂ 'ਚ ਕੀਤੀ ਜਾ ਰਹੀ ਸੈਂਪਲਿੰਗ ਦੀ ਨਿਗਰਾਨੀ ਕਰਨ ਤਾਂ ਜੋ ਵੱਧ ਤੋਂ ਵੱਧ ਸੈਂਪਲਿੰਗ ਅਤੇ ਕੋਰੋਨਾ ਦੇ ਲੱਛਣ ਵਾਲੇ ਮਰੀਜ਼ਾਂ ਦੀ ਜਲਦ ਪਛਾਣ ਕਰ ਕੇ ਉਨ੍ਹਾਂ ਦਾ ਸਮੇਂ 'ਤੇ ਇਲਾਜ ਸ਼ੁਰੂ ਹੋ ਸਕੇ।
ਦਿਹਾਤੀ ਇਲਾਕਿਆਂ ਦੇ ਵਿਕਾਸ ਕਾਰਜਾਂ ਨੂੰ ਸਮੇਂ 'ਤੇ ਪੂਰਾ ਕਰਨ ਦੇ ਦਿੱਤੇ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਦਿਹਾਤੀ ਇਲਾਕਿਆਂ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਜਿਵੇਂ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ, ਪੇਂਡੂ ਖੇਡ ਸਟੇਡੀਅਮ ਆਦਿ ਦੇ ਕੰਮ ਨਿਰਧਾਰਿਤ ਸਮਾਂ-ਹੱਦ ਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਲਿੰਕ ਸੜਕਾਂ ਦੀ ਮੁਰੰਮਤ ਅਤੇ ਦੇਖ-ਰੇਖ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਨਾਲ ਹੀ ਕੱਚੇ ਮਕਾਨਾਂ ਦੀ ਮੁਰੰਮਤ ਅਤੇ ਯੋਗ ਵਿਅਕਤੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਰੂਰਲ) ਅਧੀਨ ਬਣਦਾ ਲਾਭ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਮਾਰਟ ਵਿਲੇਜ ਕੰਪੇਨ ਫੇਜ਼-1 ਅਤੇ 2 ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ।
ਮਨਰੇਗਾ ਤਹਿਤ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
ਉਨ੍ਹਾਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿਵਾਉਣ ਲਈ ਕੋਸ਼ਿਸ਼ਾਂ ਕਰਨ ਲਈ ਕਿਹਾ ਤਾਂ ਜੋ ਜ਼ਿਲ੍ਹੇ 'ਚ ਕੋਈ ਵੀ ਨੌਜਵਾਨ ਰੋਜ਼ਗਾਰ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਮਨਰੇਗਾ ਅਧੀਨ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।


author

Aarti dhillon

Content Editor

Related News