3 ਨਵੰਬਰ ਨੂੰ ਸੁਲਤਾਨਪੁਰ ਲੋਧੀ ''ਚ ਹੋਵੇਗੀ ''ਹੈਰੀਟੇਜ ਵਾਕ''

10/17/2019 4:42:18 PM

ਸੁਲਤਾਨਪੁਰ ਲੋਧੀ/ਕਪੂਰਥਲਾ (ਧੀਰ, ਸੋਢੀ, ਜੋਸ਼ੀ, ਅਸ਼ਵਨੀ, ਮਹਾਜਨ)— ਪੰਜਾਬ ਸਰਕਾਰ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਫਲਸਫੇ ਤੋਂ ਜਾਣੂ ਕਰਵਾਉਣ ਅਤੇ ਵਿਸ਼ੇਸ਼ ਕਰਕੇ ਵਾਤਾਵਰਣ ਦੀ ਸੰਭਾਲ ਦਾ ਸੱਦਾ ਦੇਣ ਦੇ ਮੰਤਵ ਨਾਲ 'ਹੈਰੀਟੇਜ ਵਾਕ' ਕਰਵਾਈ ਜਾ ਰਹੀ ਹੈ। ਸੂਬੇ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਪਟਿਆਲਾ ਫਾਊਂਡੇਸ਼ਨ ਵੱਲੋਂ ਸਾਂਝੇ ਯਤਨਾਂ ਨਾਲ 3 ਨਵੰਬਰ ਨੂੰ ਕਰਵਾਈ ਜਾ ਰਹੀ 'ਹੈਰੀਟੇਜ ਵਾਕ' ਸੁਲਤਾਨਪੁਰ ਲੋਧੀ ਦੇ ਸ਼ਹੀਦ ਊਧਮ ਸਿੰਘ ਚੌਕ ਤੋਂ ਸਵੇਰੇ 7 ਵਜੇ ਸ਼ੁਰੂ ਹੋਵੇਗੀ, ਜੋ ਕਿ ਸ਼ਹਿਰ 'ਚ ਸਥਿਤ ਵੱਖ-ਵੱਖ ਗੁਰੂਧਾਮਾਂ ਗੁਰਦੁਆਰਾ ਗੁਰੂ ਕਾ ਬਾਗ, ਗੁਰਦੁਆਰਾ ਅੰਤਰਯਾਮਤਾ ਸਾਹਿਬ, ਗੁਰਦੁਆਰਾ ਬੇਬੇ ਨਾਨਕੀ ਜੀ, ਗੁਰਦੁਆਰਾ ਹੱਟ ਸਾਹਿਬ ਤੋਂ ਬਾਅਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮਾਪਤ ਹੋਵੇਗੀ। 2.5 ਕਿਲੋਮੀਟਰ ਦੀ ਵਾਕ ਦੌਰਾਨ ਗੁਰੂ ਧਾਮਾਂ ਦੇ ਇਤਿਹਾਸ ਬਾਰੇ ਵਿਦਵਾਨ ਜਾਣਕਾਰੀ ਦੇਣਗੇ।

ਸ਼ਹਿਰ ਦੀ ਸਾਫ-ਸਫਾਈ ਅਤੇ ਸੁਚਾਰੂ ਆਵਾਜਾਈ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ : ਡੀ. ਸੀ.
ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐੱਸ. ਖਰਬੰਦਾ ਨੇ ਦੱਸਿਆ ਕਿ 'ਹੈਰੀਟੇਜ ਵਾਕ' ਦੌਰਾਨ ਵੱਡੀ ਗਿਣਤੀ ਵਿਚ ਸੰਗਤ ਵੱਲੋਂ ਸ਼ਿਰਕਤ ਕੀਤੇ ਜਾਣ ਦੇ ਮੱਦੇਨਜ਼ਰ ਅੰਦਰੂਨੀ ਸ਼ਹਿਰ ਦੀ ਸਾਫ-ਸਫਾਈ ਅਤੇ ਸੁਚਾਰੂ ਆਵਾਜਾਈ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਸੰਗਤ ਦੇ ਸਵਾਗਤ ਲਈ 'ਹੈਰੀਟੇਜ' ਵਾਕ ਦੇ ਰੂਟ ਉੱਪਰ ਵੱਡੀਆਂ ਅਕਾਰੀ ਰੰਗੋਲੀਆਂ ਵੀ ਬਣਾਈਆਂ ਜਾ ਰਹੀਆਂ ਹਨ, ਉੱਥੇ ਹੀ ਸੰਗਤ ਉੱਪਰ ਫੁੱਲਾਂ ਦੀ ਵਰਖਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਵੀ ਆਹਲੂਵਾਲੀਆ ਦੀ ਅਗਵਾਈ ਵਾਲੀ ਪਟਿਆਲਾ ਫਾਊਂਡੇਸ਼ਨ ਦੇ 250 ਦੇ ਕਰੀਬ ਵਲੰਟੀਅਰਾਂ ਤੋਂ ਇਲਾਵਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਕਾਲਜਾਂ ਦੇ ਦਿਵਿਆਰਥੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਹੈਰੀਟੇਜ ਵਾਕ 'ਚ ਸ਼ਿਰਕਤ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੈਰੀਟੇਜ ਵਾਕ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ 550ਵੇਂ ਪ੍ਰਕਾਸ਼ ਪੁਰਬ ਮੇਕੇ ਕਰਵਾਏ ਜਾ ਰਹੇ ਸਮਾਗਮਾਂ ਦਾ ਹਿੱਸਾ ਬਣਿਆ ਜਾ ਸਕੇ।


Related News