CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ: ਹਰਜੋਤ ਬੈਂਸ
Thursday, Oct 24, 2024 - 01:46 PM (IST)
ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦਾ ਕੰਮ ਜੋਰ ਸ਼ੋਰ ਨਾਲ ਚਲ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ ਇਥੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਬਦਲਾ ਲੈਣ ਦੀ ਮਾਨਸਿਕਤਾ ਨਾਲ ਝੋਨੇ ਦੀ ਖ਼ਰੀਦ ਨੂੰ ਸਿੱਧੇ/ਅਸਿੱਧੇ ਢੰਗ ਨਾਲ ਪ੍ਰਭਾਵਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 62065 ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 59354 ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਲਿਫ਼ਟਿੰਗ ਦਾ ਕਾਰਜ ਵੀ ਨਾਲ ਦੀ ਨਾਲ ਤੇਜ਼ੀ ਨਾਲ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਤੋਂ ਮੰਡੀਆਂ ਵਿਚ ਤੈਅ ਸਮੇਂ ਵਿਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਨੰਗਲ ਅਤੇ ਸੂਰੇਵਾਲ ਮੰਡੀਆਂ ਵਿਚ ਹੁਣ ਤੱਕ ਝੋਨੇ ਦੀ ਰਿਕਾਰਡ ਖ਼ਰੀਦ ਅਤੇ ਚੁਕਾਈ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਅਗੰਮਪੁਰ, ਕੀਰਤਪੁਰ, ਭਰਤਗੜ੍ਹ, ਨੰਗਲ ਅਤੇ ਸੂਰੇਵਾਲ ਦੇ ਮੰਡੀਆਂ ਦੇ ਖਰੀਦ ਅਤੇ ਚੁਕਾਈ ਕਾਰਜਾਂ ਦਾ ਨਿਰੰਤਰ ਮੁਲਾਂਕਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਪਰ ਕੇਂਦਰ ਸਰਕਾਰ ਵੱਲੋਂ ਪਿਛਲੇ ਸੀਜਨਾਂ ਦੌਰਾਨ ਖ਼ਰੀਦੀਆਂ ਗਈਆਂ ਫ਼ਸਲਾਂ ਨੂੰ ਗੋਦਾਮਾਂ ਤੋਂ ਨਾ ਚੁੱਕਣ ਕਾਰਨ ਭੰਡਾਰਨ ਦੀ ਸਮਰੱਥਾ ਘਟ ਗਈ ਸੀ, ਜਿਸ ਕਾਰਨ ਝੋਨੇ ਦੀ ਖ਼ਰੀਦ ਅਤੇ ਚੁਕਾਈ ਸਬੰਧੀ ਕਾਰਜ ਪ੍ਰਭਾਵਿਤ ਹੋਏ।
ਇਹ ਵੀ ਪੜ੍ਹੋ- Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਰੰਤ ਕਰੋ ਇਹ ਕੰਮ
ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਸੂਬੇ ਦੇ ਗੋਦਾਮਾਂ ਵਿਚ ਪਈਆਂ ਫਸਲਾਂ ਨੂੰ ਦੂਜੇ ਰਾਜਾਂ ਵਿਚ ਤਬਦੀਲ ਕਰਨ ਲਈ ਕਈ ਵਾਰ ਬੇਨਤੀਆਂ ਕੀਤੀਆਂ ਤਾਂ ਜੋ ਅਗਲੀ ਫਸਲ ਲਈ ਸਟੋਰੇਜ ਦੀ ਕੋਈ ਸਮੱਸਿਆ ਨਾ ਆਵੇ, ਜਿਨ੍ਹਾਂ ਨੂੰ ਕੇਂਦਰ ਵੱਲੋਂ ਹਰ ਵਾਰ ਜਾਣਬੁੱਝ ਕੇ ਅਣਗੌਲਿਆਂ ਕੀਤਾ ਗਿਆ। ਉਨ੍ਹਾਂ ਸੂਬੇ ਦੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਉਹ ਰਲ ਕੇ ਕੇਂਦਰ ਸਰਕਾਰ ਵੱਲੋਂ ਖੜ੍ਹੀ ਕੀਤੀ ਗਈ ਇਸ ਚੁਣੌਤੀ ਦਾ ਟਾਕਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਵਿਚ ਕਈ ਵਾਰ ਸ਼ੈੱਲਰਾਂ ਵਿਚੋਂ ਚਾਵਲ ਦੀ ਚੁਕਾਈ ਲਈ ਬੇਨਤੀਆਂ ਕੀਤੀਆਂ ਗਈਆਂ ਪਰ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿਚੋਂ ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਭੋਗਪੁਰ ਦੇ ਜਸਪਾਲ ਸਿੰਘ ਦੇ ਕਤਲ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ, DGP ਦਾ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ