ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਿਕਲੇਗਾ ਨਗਰ ਕੀਰਤਨ: ਹਰਜੋਤ ਸਿੰਘ ਬੈਂਸ

Thursday, Oct 09, 2025 - 01:02 PM (IST)

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਿਕਲੇਗਾ ਨਗਰ ਕੀਰਤਨ: ਹਰਜੋਤ ਸਿੰਘ ਬੈਂਸ

ਹੁਸ਼ਿਆਰਪੁਰ (ਘੁੰਮਣ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਤਹਿਤ ਕੱਢੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੀ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪਹੁੰਚ ਨੂੰ ਲੈ ਕੇ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਇਕ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਸਕੱਤਰ ਡਾ. ਅਭਿਨਵ ਤ੍ਰਿਖਾ ਤੋਂ ਇਲਾਵਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਜਸਵੀਰ ਸਿੰਘ ਰਾਜਾ ਗਿੱਲ, ਕਰਮਬੀਰ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਆਈਆਂ ਸਮੂਹ ਸ਼ਖਸੀਅਤਾਂ ਦਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਏਜੰਟਾਂ ਦੀ ਗੰਦੀ ਖੇਡ ਆਈ ਸਾਹਮਣੇ! ਨੌਜਵਾਨਾਂ ’ਤੇ ਵੀ ਮੰਡਰਾ ਰਿਹੈ ਵੱਡਾ ਖ਼ਤਰਾ, ਹੈਰਾਨ ਕਰੇਗਾ ਪੂਰਾ ਮਾਮਲਾ

ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਇਸੇ ਤਹਿਤ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣੇ ਹਨ। ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ 19 ਨਵੰਬਰ 2025 ਨੂੰ ਸ੍ਰੀਨਗਰ ਤੋਂ ਚੱਲ ਕੇ 20 ਨਵੰਬਰ ਨੂੰ ਪਠਾਨਕੋਟ ਹੁੰਦਾ ਹੋਇਆ 21 ਨਵੰਬਰ ਨੂੰ ਹੁਸ਼ਿਆਰਪੁਰ ਜ਼ਿਲੇ ਵਿਚ ਪਹੁੰਚੇਗਾ। ਮੁਕੇਰੀਆਂ, ਦਸੂਹਾ ਤੋਂ ਹੁੰਦੇ ਹੋਏ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਨਗਰ ਕੀਰਤਨ ਦਾ ਰਾਤ ਦਾ ਠਹਿਰਾਅ ਹੋਵੇਗਾ।

22 ਨਵੰਬਰ ਨੂੰ ਕਸਬਾ ਹਰਿਆਣਾ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਸ਼ਹਿਰ ਪਹੁੰਚਣ ’ਤੇ ਨਗਰ ਕੀਰਤਨ ਨੂੰ ਸ਼ਾਨਦਾਰ ’ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ। ਉਸ ਤੋਂ ਬਾਅਦ ਚੱਬੇਵਾਲ, ਮਾਹਿਲਪੁਰ, ਸੈਲਾ ਖੁਰਦ ਅਤੇ ਗੜ੍ਹਸ਼ੰਕਰ ਤੋਂ ਹੁੰਦੇ ਹੋਏ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸਮੁੱਚੇ ਰਸਤੇ ’ਤੇ ਸਫਾਈ, ਲੰਗਰ ਸੇਵਾ, ਫੁੱਲਾਂ ਦੀ ਵਰਖਾ ਅਤੇ ਪੀਣ ਵਾਲੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਹੋਵੇਗਾ।

ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ! ਜਲੰਧਰ 'ਚੋਂ ਫੜਿਆ ਗਿਆ 2.5 ਕਿਲੋਗ੍ਰਾਮ IED ਤੇ RDX

ਕੈਬਨਿਟ ਮੰਤਰੀ ਨੇ ਦੱਸਿਆ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ਾਲ ਨਗਰ ਕੀਰਤਨ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਦੌਰਾਨ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਡਾ. ਅਭਿਨਵ ਤ੍ਰਿਖਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਸਬੰਧੀ ਵੱਡੇ ਪੱਧਰ ’ਤੇ ਤਿਆਰੀ ਵਿੱਢੀ ਹੋਈ ਹੈ ਅਤੇ ਇਨ੍ਹਾਂ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਰੋਸਾ ਦਿਵਾਇਆ ਕਿ ਇਸ ਨਗਰ ਕੀਰਤਨ ਦੇ ਸਵਾਗਤ ਦੇ ਪ੍ਰਬੰਧਾਂ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ:ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਦੋਸਤਾਂ ਨਾਲ ਵੱਡਾ ਹਾਦਸਾ, 2 ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News