ਸਿਹਤ ਵਿਭਾਗ ਦੀ ਲਾਪ੍ਰਵਾਹੀ ਕਾਰਨ ‘ਹੈਲਥ ਵਰਕਰਾਂ ਦੀ ਭਰਤੀ ਬਣੀ ਮਜ਼ਾਕ’
Saturday, Oct 20, 2018 - 12:42 AM (IST)

ਸ੍ਰੀ ਅਨੰਦਪੁਰ ਸਾਹਿਬ, (ਦਲਜੀਤ)- ਇਕ ਪਾਸੇ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਮਲੇਰੀਆ ਤੇ ਡੇਂਗੂ ਵਰਗੀਆਂ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਦੀ ਗੱਲ ਕਹੀ ਜਾ ਰਹੀ ਹੈ ਉਥੇ ਹੀ ਦੂਜੇ ਪਾਸੇ ਗਰਾਊਂਡ ਪੱਧਰ ’ਤੇ ਕੰਮ ਕਰਨ ਵਾਲੇ ਮਲਟੀਪਰਪਜ਼ ਹੈਲਥ ਵਰਕਰਾਂ ਦੀ ਭਰਤੀ ਨੂੰ ਮਜ਼ਾਕ ਬਣਾ ਕੇ ਰੱਖ ਦਿੱਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਮਨਦੀਪ ਬਜਰੂਡ਼ ਸਕੱਤਰ ਅਮਨਦੀਪ ਸਿੰਘ ਨੇ ਦੱਸਿਆ ਕਿ ਦਸੰਬਰ 2016 ਵਿਚ ਸਿਹਤ ਵਿਭਾਗ ਵਲੋਂ 1263 ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ ਅਤੇ ਲਿਖਤੀ ਪ੍ਰੀਖਿਆ ਲੈਣ ਦਾ ਜ਼ਿੰਮਾ ਬਾਬਾ ਫਰੀਦ ਯੂਨੀਵਰਸਿਟੀ ਆਫ ਸਾਇੰਸ ਫਰੀਦਕੋਟ ਨੂੰ ਸੌਂਪਿਆ ਗਿਆ ਸੀ। ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਪ੍ਰੀਖਿਆ ਲੈ ਕੇ ਦਸਤਾਵੇਜ਼ਾਂ ਦੀ ਕਾਊਂਸਲਿੰਗ ਤੋਂ ਬਾਅਦ ਸਿਹਤ ਵਿਭਾਗ ਦੁਆਰਾ ਸਲੈਕਟਿਡ ਉਮੀਦਵਾਰਾਂ ਨੂੰ ਮਈ 2018 ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਸਨ ਪਰ ਰਿਜ਼ਰਵ ਕੋਟੇ ਨਾਲ ਸਬੰਧਿਤ ਉਮੀਦਵਾਰਾਂ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕਰ ਦਿੱਤੀ ਗਈ ਸੀ ਤੇ ਉਸੇ ਦਿਨ ਹੀ ਹਾਈ ਕੋਰਟ ਵੱਲੋਂ ਭਰਤੀ ਸਟੇਅ ਕਰ ਦਿੱਤੀ ਗਈ ਸੀ। ਪਰ ਭਰਤੀ ਪ੍ਰਕਿਰਿਆ ਉਤੇ ਲੱਗਿਆ ਇਹ ਸਟੇਅ ਵੀ ਸਿਹਤ ਵਿਭਾਗ ਦੀ ਲਾਪ੍ਰਵਾਹੀ ਅਤੇ ਨਾਲਾਇਕੀ ਦਾ ਹੀ ਨਤੀਜਾ ਸੀ। ਕਰੀਬ ਇਕ ਸਾਲ ਤੋਂ ਵੱਧ ਦਾ ਸਮਾਂ ਕੇਸ ਚੱਲਣ ਤੋਂ ਬਾਅਦ ਮਈ 2018 ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਭਰਤੀ ਪ੍ਰਕਿਰਿਆ ਨੂੰ ਜਲਦ ਪੂਰਾ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਸਨ ਪਰ ਹੁਣ 4 ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਸਿਹਤ ਵਿਭਾਗ ਵੱਲੋਂ ਇਸ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਜਿਸ ਕਾਰਨ ਮਲਟੀਪਰਪਜ਼ ਹੈਲਥ ਵਰਕਰਾਂ ’ਚ ਭਾਰੀ ਰੋਸ ਹੈ।ਇਸ ਮੌਕੇ ਤਰਨਜੀਤ ਬਡ਼ਵਾ, ਰੁਪਿੰਦਰ ਵਰਮਾ, ਸੁਖਦੇਵ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਬਿਕਰਮ ਸਿੰਘ, ਸੱਜਣ ਸਿੰਘ, ਜਸਵਿੰਦਰ ਸਿੰਘ, ਸੁੱਚਾ ਸਿੰਘ, ਵਿਜੇ ਕੁਮਾਰ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।