ਬਿਆਸ ਦਰਿਆ ਦੀ ਢਾਅ ਨੂੰ ਰੋਕਣ ਲਈ ਸਾਂਝੀ ਕਾਰਵਾਈ ‘ਚ ਜੁੱਟਿਆ ਹੁਸ਼ਿਆਰਪੁਰ ਤੇ ਗੁਰਦਾਸਪੁਰ ਪ੍ਰਸ਼ਾਸਨ
Wednesday, Sep 17, 2025 - 08:11 PM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਰੜਾ, ਫੱਤਾ ਕੁੱਲਾ, ਬਹਾਦਰਪੁਰ ਅਤੇ ਰਾਜੋਆ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੌਕੇ 'ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਹਾਦਰਪੁਰ ਅਤੇ ਰਾਜੋਆ ਪਿੰਡ ਗੁਰਦਾਸਪੁਰ ਜ਼ਿਲ੍ਹੇ ਦੀ ਹੱਦ ਵਿਚ ਆਉਂਦੇ ਹਨ, ਪਰ ਇਹ ਪਿੰਡ ਟਾਂਡਾ ਦੇ ਪਿੰਡਾਂ ਦੇ ਨਾਲ ਲੱਗੇ ਹੋਏ ਹਨ। ਬਿਆਸ ਦਰਿਆ ਦਾ ਪਾਣੀ ਇਨ੍ਹਾਂ ਪਿੰਡਾਂ ਦੀ ਖੇਤੀਬਾੜੀ ਵਾਲੀ ਜ਼ਮੀਨ ਵਿਚ ਦਾਖ਼ਲ ਹੋਣ ਕਾਰਨ ਫ਼ਸਲਾਂ ਨੂੰ ਨੁਕਸਾਨ ਹੋ ਰਿਹਾ ਹੈ। ਬਹਾਦਰਪੁਰ ਅਤੇ ਰਾਜੋਆ ਵਿਚ ਦਰਿਆ ਕੰਡਿਆਂ ਨੂੰ ਢਾਹ ਲਗਾ ਕੇ ਅੱਗੇ ਵੱਧ ਰਿਹਾ ਹੈ, ਜਿਸ ਕਾਰਨ ਟਾਂਡਾ ਖੇਤਰ ਦੇ ਪਿੰਡ ਵੀ ਖ਼ਤਰੇ ਵਿਚ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਸਾਂਝੇ ਤੌਰ 'ਤੇ ਰਾਹਤ ਅਤੇ ਸੁਰੱਖਿਆ ਕਾਰਜ ਚਲਾ ਰਹੇ ਹਨ। ਦੋਵਾਂ ਜ਼ਿਲ੍ਹਿਆਂ ਦੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਦਰਿਆਵਾਂ ਦੇ ਕੰਢਿਆਂ 'ਤੇ ਢਾਆ ਨੂੰ ਰੋਕਣ ਅਤੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਬਚਾਉਣ ਲਈ ਤੁਰੰਤ ਸਾਰੇ ਜ਼ਰੂਰੀ ਉਪਾਅ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਤਾਂ ਜੋ ਪਿੰਡ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਏਗਾ। ਇਸ ਮੌਕੇ ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।