ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

Thursday, Aug 25, 2022 - 02:36 PM (IST)

ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ (ਘੁੰਮਣ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤਹਿਤ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।  

ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈੱਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਵਾਉਣ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਦੀ ਦੁਰਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। 

ਇਹ ਵੀ ਪੜ੍ਹੋ: ਜਜ਼ਬੇ ਨੂੰ ਸਲਾਮ, ਸੁਫ਼ਨਾ ਪੂਰਾ ਕਰਨ ਲਈ 47 ਸਾਲ ਦੀ ਉਮਰ 'ਚ ਵਿਦੇਸ਼ੋਂ ਆ ਕੇ ਜਲੰਧਰ ਦੇ ਕਾਲਜ 'ਚ ਲਿਆ ਦਾਖ਼ਲਾ

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿੱਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖ਼ਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਮਹਿਕਮੇ ਵੱਲੋਂ ਉਹ ਹੀ ਪ੍ਰਕ੍ਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸੰਦੀਪ ਹੰਸ ਨੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ।

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ।  ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ। 

ਇਹ ਵੀ ਪੜ੍ਹੋ: ਜਲੰਧਰ ਦੇ ਨਿੱਜੀ ਹਸਪਤਾਲ 'ਚ ਗਰਭਵਤੀ ਔਰਤ ਦੀ ਮੌਤ, ਲਾਸ਼ ਦੇਣ ਲਈ ਮੰਗੇ ਲੱਖਾਂ ਰੁਪਏ, ਪਰਿਵਾਰ ਵੱਲੋਂ ਹੰਗਾਮਾ

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ। ਇਹ ਸਾਰੇ ਹੁਕਮ 23 ਅਕਤੂਬਰ 2022 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਨਿੱਜੀ ਹਸਪਤਾਲ ਦੇ ਹੋਸਟਲ ’ਚ ਨਰਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News