ਹੁਸ਼ਿਆਰਪੁਰ: ਹੁਣ ਤੱਕ 32506 ਘਰਾਂ ਦਾ ਕੀਤਾ ਸਰਵੇ, 3432 ਘਰਾਂ ’ਚੋਂ ਮਿਲਿਆ ਡੇਂਗੂ ਦਾ ਲਾਰਵਾ

08/08/2022 5:01:06 PM

ਹੁਸ਼ਿਆਰਪੁਰ (ਘੁੰਮਣ)- ਸਿਹਤ ਮਹਿਕਮੇ ਵੱਲੋਂ ਜਿੱਥੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਹੀ ਡੇਂਗੂ ਦਾ ਲਾਰਵਾ ਵੀ ਚੈਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿੱਢੀ ਮੁਹਿੰਮ ਤਹਿਤ ਹੁਣ ਤੱਕ ਵਿਭਾਗ ਵੱਲੋਂ 32506 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿਚ 3432 ਘਰਾਂ ਵਿਚੋਂ ਡੇਂਗੂ ਦਾ ਲਾਰਵਾ ਸਾਹਮਣੇ ਆਇਆ ਹੈ। 

ਲਾਰਵਾ ਸਾਹਮਣੇ ਆਉਣ ’ਤੇ ਜਿੱਥੇ ਸਬੰਧਤ ਪਰਿਵਾਰਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ, ਉਥੇ ਇਸ ਡੇਂਗੂ ਦੇ ਲਾਰਵੇ ਨੂੰ ਮੌਕੇ ’ਤੇ ਹੀ ਨਸ਼ਟ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਨਾਲ ਹੀ ਡੇਂਗੂ ਅਤੇ ਮਲੇਰੀਏ ਵਰਗੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਸਿਹਤ ਮਹਿਕਮੇ ਦੀਆਂ 10 ਟੀਮਾਂ ਅਤੇ ਪੇਂਡੂ ਖੇਤਰਾਂ ਵਿਚ ਸਮੂਹ ਮੇਲ ਵਰਕਰਾਂ ਵੱਲੋਂ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮਹਿਕਮੇ ਦੀਆਂ ਟੀਮਾਂ ਦੇ ਸਰਵੇ ਦੌਰਾਨ ਲਾਰਵਾ ਸਾਹਮਣੇ ਆਉਣ ’ਤੇ ਨਗਰ ਨਿਗਮ ਵਲੋਂ ਸਬੰਧਤ ਘਰਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਟੋਲ ਪਲਾਜ਼ਾ ’ਤੇ ਵਿਧਾਇਕ ਦੀ ‘ਦਬੰਗਈ’, VIP ਲੇਨ ਨਹੀਂ ਖੁੱਲ੍ਹੀ ਤਾਂ ਤੁੜਵਾ ਦਿੱਤਾ ਬੈਰੀਅਰ

ਉਨ੍ਹਾਂ ਕਿਹਾ ਕਿ ਡੇਂਗੂ ਦੀ ਜਾਂਚ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਅਤੇ ਸੀ. ਐੱਚ. ਸੀ. ਭੂੰਗਾ ਵਿਖੇ ਮੁਫ਼ਤ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਮਲੇਰੀਆ ਦੀ ਜਾਂਚ ਸਾਰੀਆਂ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਮਲੇਰੀਏ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ ਜਾਂ ਜੋੜਾਂ ਦਾ ਦਰਦ ਆਦਿ ਹੋਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਡੇਂਗੂ ਅਤੇ ਹੋਰ ਵੈਕਟਰ ਬੌਰਨ ਬੀਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਦੇ ਨਾਲ-ਨਾਲ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਸੰਦੀਪ ਹੰਸ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਹਫ਼ਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿੱਜਾਂ ਦੀ ਟਰੇਆਂ ਅਤੇ ਹੋਰ ਪਾਣੀ ਦੇ ਬਰਤਨਾਂ ਨੂੰ ਹਫ਼ਤੇ ਵਿਚ ਇਕ ਦਿਨ ਜ਼ਰੂਰੀ ਸਾਫ਼ ਕੀਤਾ ਜਾਵੇ। 

ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਦੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਛੱਪੜਾਂ ਅਤੇ ਖੜ੍ਹੇ ਪਾਣੀ ਵਿਚ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ, ਤਾਂ ਜੋ ਮੱਛਰਾਂ ਦਾ ਲਾਰਵਾ ਪੈਦਾ ਹੀ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਦਿਨ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ, ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਨੂੰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ।

ਇਹ ਵੀ ਪੜ੍ਹੋ: ਮਾਤਾ ਨੈਣਾ ਦੇਵੀ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 32 ਜ਼ਖ਼ਮੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News