ਜਲੰਧਰ, ਹੁਸ਼ਿਆਰਪੁਰ ਤੇ ਕਪੂਰਥਲਾ ਦੇ 31 ਕਾਲੋਨਾਈਜ਼ਰਾਂ ’ਤੇ ਦਰਜ ਹੋਣਗੇ ਪੁਲਸ ਕੇਸ
Friday, Feb 12, 2021 - 10:05 AM (IST)
ਜਲੰਧਰ (ਖੁਰਾਣਾ)– ਭਾਵੇਂ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਕੁਝ ਹਫਤੇ ਪਹਿਲਾਂ ਕਾਲੋਨਾਈਜ਼ਰਾਂ ਨੂੰ ਭਾਰੀ ਰਾਹਤ ਦਿੰਦਿਆਂ ਉਨ੍ਹਾਂ ’ਤੇ ਪੁਲਸ ਕੇਸ ਦਰਜ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ ਪਰ ਹੁਣ ਜਲੰਧਰ ਡਿਵੈੱਲਪਮੈਂਟ ਅਥਾਰਟੀ ਅਤੇ ਜਲੰਧਰ ਨਗਰ ਨਿਗਮ ਨੇ ਉਨ੍ਹਾਂ ਕਾਲੋਨਾਈਜ਼ਰਾਂ ’ਤੇ ਪੁਲਸ ਕੇਸ ਦਰਜ ਕਰਵਾਉਣ ਦਾ ਫੈਸਲਾ ਲਿਆ ਹੈ, ਜਿਨ੍ਹਾਂ ਪੰਜਾਬ ਸਰਕਾਰ ਦੀ ਐੱਨ. ਓ. ਸੀ. ਪਾਲਿਸੀ ਤਹਿਤ ਆਪਣੀਆਂ ਨਾਜਾਇਜ਼ ਕਾਲੋਨੀਆਂ ਨੂੰ ਨਿਯਮਿਤ ਕਰਵਾਉਣ ਲਈ ਅਪਲਾਈ ਹੀ ਨਹੀਂ ਕੀਤਾ।
ਜੇ. ਡੀ. ਏ. ਅਧਿਕਾਰੀਆਂ ਨੇ ਪੁਲਸ ਕਮਿਸ਼ਨਰ ਨੂੰ ਇਕ ਚਿੱਠੀ ਲਿਖ ਕੇ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਉਨ੍ਹਾਂ 31 ਕਾਲੋਨਾਈਜ਼ਰਾਂ ’ਤੇ ਪੁਲਸ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਹੈ, ਜਿਨ੍ਹਾਂ ਐੱਨ. ਓ. ਸੀ. ਪਾਲਿਸੀ ਦਾ ਲਾਭ ਨਹੀਂ ਉਠਾਇਆ ਅਤੇ ਨਾਜਾਇਜ਼ ਕਾਲੋਨੀਆਂ ਦੇ ਪੈਸੇ ਖਜ਼ਾਨੇ ਵਿਚ ਜਮ੍ਹਾ ਨਹੀਂ ਕਰਵਾਏ।
ਮੰਨਿਆ ਜਾ ਰਿਹਾ ਹੈ ਕਿ ਜਲੰਧਰ ਨਗਰ ਨਿਗਮ ਵੀ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਦਰਜਨਾਂ ਉਨ੍ਹਾਂ ਕਾਲੋਨਾਈਜ਼ਰਾਂ ’ਤੇ ਪੁਲਸ ਕੇਸ ਦਰਜ ਕਰਵਾਏਗਾ, ਜਿਨ੍ਹਾਂ ਨਿਗਮ ਕੋਲ ਆਪਣੀਆਂ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਲਈ ਅਪਲਾਈ ਹੀ ਨਹੀਂ ਕੀਤਾ।