ਸਬਸਿਡੀ 'ਤੇ ਖੇਤੀ ਮਸ਼ੀਨਾਂ ਖ਼ਰੀਦਣ ਵਾਲੇ ਕਿਸਾਨਾਂ ਲਈ ਵੱਡਾ ਮੌਕਾ, ਵਿਭਾਗ ਨੇ ਕੀਤੀ ਅਰਜ਼ੀਆਂ ਦੀ ਮੰਗ

Friday, Jun 23, 2023 - 04:26 PM (IST)

ਜਲੰਧਰ (ਬਿਊਰੋ) : ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਕਰਾਪ ਰੈਜ਼ੀਡਿਊ ਸਕੀਮ ਅਧੀਨ ਖੇਤੀ ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਵਿਭਾਗ ਦੇ ਪੋਰਟਲ ’ਤੇ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਸਬਸਿਡੀ ਲਈ ਕਿਸਾਨ ਵਿਭਾਗ ਦੇ ਪੋਰਟਲ agrimachinerypb.com ’ਤੇ 20 ਜੁਲਾਈ 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਕੀਮ ਅਧੀਨ ਵੱਖ-ਵੱਖ ਮਸ਼ੀਨਾਂ ਜਿਵੇਂ ਬੇਲਰ ਤੇ ਰੇਕ, ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਮਲਚਰ, ਆਰ.ਐੱਮ. ਬੀ. ਪਲਾਓ, ਪੈਡੀ ਚੋਪਰ, ਜ਼ੀਰੋ ਡਰਿੱਲ, ਸੁਪਰ ਐੱਸ. ਐੱਮ. ਐੱਸ. ਆਦਿ ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮਿੱਥੀ ਮਿਤੀ ਤੱਕ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਦੀ ਖ਼ਰੀਦ ਲਈ ਪੋਰਟਲ ਰਾਹੀਂ ਮਨਜ਼ੂਰੀ ਪੱਤਰ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਕਿਸਾਨ ਨਿਰਧਾਰਿਤ ਸਮੇਂ ਦੇ ਅੰਦਰ ਵਿਭਾਗ ਵੱਲੋਂ ਪ੍ਰਵਾਨਿਤ ਅਤੇ ਪੋਰਟਲ ’ਤੇ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ/ਡੀਲਰ ਪਾਸੋਂ ਆਪਣੀ ਪਸੰਦ ਅਨੁਸਾਰ ਮਸ਼ੀਨਾਂ ਦੀ ਖਰੀਦ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਸਕੀਮ ਸਬੰਧੀ ਵਧੇਰੇ ਜਾਣਕਾਰੀ ਵਿਭਾਗ ਦੇ ਪੋਰਟਲ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਦਫ਼ਤਰ ਜਾਂ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ‘ਜਗ ਬਾਣੀ’ ਨਾਲ ਮੁਲਾਕਾਤ ਦੌਰਾਨ ਬੋਲੇ ਗੁਰਮੀਤ ਖੁੱਡੀਆਂ, ਮੇਰਾ ਖੁਆਬ ਖੇਤੀ ਸੈਕਟਰ ਲਈ ਕੁੱਝ ਨਵਾਂ ਕਰ ਦਿਖਾਵਾਂ

ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਜ਼ੀਰੋ-ਬਰਨਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।  ਵਿਭਾਗ ਦੇ ਇੰਜ. ਨਵਦੀਪ ਸਿੰਘ ਨੇ ਦੱਸਿਆ ਕਿ ਪੋਰਟਲ ਰਾਹੀਂ ਬਿਨੈ ਕਰਨ ਲਈ ਕਿਸਾਨ ਪਾਸ ਆਧਾਰ ਕਾਰਡ, ਫੋਟੋ, ਅਨੁਸੂਚਿਤ ਜਾਤੀ ਸਰਟੀਫਿਕੇਟ (ਜੇ ਲਾਗੂ ਹੋਵੇ ਤਾਂ), ਸਵੈ ਘੋਸ਼ਣਾ ਪੱਤਰ ਹੋਣਾ ਜ਼ਰੂਰੀ ਹੈ। ਕਿਸਾਨ ਗਰੁੱਪਾਂ, ਕੋਆਪ੍ਰੇਟਿਵ ਸੁਸਾਇਟੀਆਂ, ਪੰਚਾਇਤਾਂ ਅਤੇ ਐੱਫ. ਪੀ. ਓਜ਼ ਲਈ ਮੁਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਅੱਜ ਤੋਂ ਖੁੱਲ੍ਹੇ ਸਬ-ਰਜਿਸਟਰਾਰ ਦਫਤਰ\

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News