ਬੱਚਿਆਂ ਨੂੰ ਵਿਦੇਸ਼ ਭੇਜਣ ਦੇ ਚਾਹਵਾਨ ਮਾਪਿਆਂ ਲਈ ਅਹਿਮ ਖ਼ਬਰ, ਜਲੰਧਰ ਦੇ ਡੀ. ਸੀ. ਨੇ ਕੀਤੀ ਇਹ ਅਪੀਲ
Wednesday, Dec 27, 2023 - 06:03 PM (IST)
ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ ਕਿਹਾ ਕਿ ਫਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ ਤਾਂ ਜੋ ਵਿਦੇਸ਼ ਭੇਜਣ ਦੇ ਨਾਂ ’ਤੇ ਭੋਲੇ ਭਾਲੇ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੈਵਲ ਏਜੰਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਰਜ਼ੀ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਲੋਕਾਂ ਦੀ ਲੁੱਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਫਰਜ਼ੀ ਟਰੈਵਲ ਏਜੰਟਾਂ ਵੱਲੋਂ ਸੋਸ਼ਲ ਸਾਈਟਾਂ ’ਤੇ ਕੀਤੇ ਜਾ ਰਹੇ ਲੁਭਾਉਣੇ ਪ੍ਰਚਾਰ ਦਾ ਮੁੱਦਾ ਡਿਪਟੀ ਕਮਿਸ਼ਨਰ ਨੇ ਧਿਆਨ ’ਚ ਲਿਆਉਣ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਸ ਅਤੇ ਸਾਈਬਰ ਕ੍ਰਾਈਮ ਨੂੰ ਲਿਖਿਆ ਜਾਵੇਗਾ ਤਾਂ ਜੋ ਅਜਿਹੇ ਏਜੰਟਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ। ਟਰੈਵਲ ਏਜੰਟਾਂ ਦੇ ਲਾਇਸੈਂਸ ਨਵਿਆਉਣ ਦੇ ਕੰਮ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਲਾਇਸੈਂਸ ਨਵਿਆਉਣ ਦੀਆਂ ਪ੍ਰਕਿਰਿਆ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਸਬੰਧੀ ਸਾਰੀਆਂ ਪੈਂਡਿੰਗ ਫਾਈਲਾਂ ਦਾ ਨਿਪਟਾਰਾ 10 ਦਿਨਾਂ ਦੇ ਅੰਦਰ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ ਸਾਰੰਗਲ ਨੇ ਐਸੋਸੀਏਸ਼ਨ ਦੀਆਂ ਮੁਸ਼ਕਲਾਂ ਵੀ ਸੁਣੀਆਂ, ਜਿਨ੍ਹਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਵੱਲੋਂ ਜਲਦ ਇਕ ਤਾਲਮੇਲ ਕਮੇਟੀ ਦਾ ਗਠਨ ਕਰਨ ਦਾ ਭਰੋਸਾ ਵੀ ਦਿਵਾਇਆ।
ਇਹ ਵੀ ਪੜ੍ਹੋ : ਪਹਿਲੀ ਵਾਰ ਕ੍ਰਿਸਮਸ ਦੀ ਰਾਤ ਸਭ ਤੋਂ ਵੱਧ ਤਾਪਮਾਨ, ਅਗਲੇ 4 ਦਿਨਾਂ ’ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ
ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀਆਂ ਨਿਯਮਿਤ ਤੌਰ ’ਤੇ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ’ਚ ਰਜਿਸਟ੍ਰੇਸ਼ਨ, ਰਿਨਿਊਵਲ ਆਦਿ ਮੁੱਦੇ ਵਿਚਾਰ ਕੇ ਉਨ੍ਹਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਫਰਮਾਂ/ਟਰੈਵਲ ਏਜੰਟਾਂ ਦੀਆਂ ਗਤੀਵਿਧੀਆਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਸਾਰੀਆਂ ਲਾਇਸੰਸਸ਼ੁਦਾ ਫਰਮਾਂ ਕਾਨੂੰਨ ਅਨੁਸਾਰ ਆਪਣਾ ਕੰਮ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਲੋਕਾਂ ਖ਼ਾਸ ਕਰ ਮਾਪਿਆਂ, ਜੋ ਆਪਣੇ ਬੱਚਿਆਂ ਨੂੰ ਅਗਲੇਰੀ ਪੜ੍ਹਾਈ ਲਈ ਵਿਦੇਸ਼ ਭੇਜਣਾ ਚਾਹੁੰਦੇ ਹਨ, ਨੂੰ ਸੇਵਾਵਾਂ ਲੈਣ ਤੋਂ ਪਹਿਲਾਂ ਫਰਮਾਂ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਐੱਸ.ਡੀ.ਐੱਮ. ਅਮਨਪਾਲ ਸਿੰਘ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸੰਘਣੀ ਧੁੰਦ ਦੀ ਚਿਤਾਵਨੀ ਵਿਚਾਲੇ ਪੰਜਾਬ ’ਚ ਅਲਰਟ ਜਾਰੀ, ਅਗਲੇ ਦਿਨਾਂ ’ਚ ਰੰਗ ਵਿਖਾਏਗੀ ਧੁੰਦ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8