SC/ST ਅੱਤਿਆਚਾਰ ਰੋਕਥਾਮ ਐਕਟ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ DC ਵੱਲੋਂ ਹਦਾਇਤਾਂ ਜਾਰੀ
Wednesday, Sep 20, 2023 - 04:15 PM (IST)
ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅਨੁਸੂਚਿਤ ਜਾਤੀਆਂ ’ਤੇ ਅੱਤਿਆਚਾਰ ਦੇ ਮਾਮਲਿਆਂ ਵਿੱਚ ਜਲਦ ਨਿਆਂ ਨੂੰ ਯਕੀਨੀ ਬਣਾਇਆ ਜਾ ਸਕੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਐਕਟ ਤਹਿਤ ਦਰਜ ਹਰੇਕ ਮਾਮਲੇ ਦੀ ਜਾਂਚ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹੀ ਜਾਣੀ ਚਾਹੀਦੀ ਹੈ ਅਤੇ ਅਜਿਹੇ ਕੇਸ ਪਹਿਲ ਦੇ ਆਧਾਰ ’ਤੇ ਨਿਪਟਾਉਣ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਪੀੜਤਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਿਆਂ ਪ੍ਰਾਪਤ ਹੋ ਸਕੇ।
ਇਹ ਵੀ ਪੜ੍ਹੋ : ਪੁਰਾਣੇ ਸੰਸਦ ਭਵਨ ਦੀਆਂ ਵਿਸ਼ੇਸ਼ ਯਾਦਾਂ
ਉਨ੍ਹਾਂ ਦੱਸਿਆ ਕਿ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ ਸ਼ਿਕਾਇਤ ਦਰਜ ਕਰਵਾਉਣ ਵਾਲਾ ਕੋਈ ਵੀ ਵਿਅਕਤੀ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਐਫ.ਆਈ.ਆਰ. ਦਰਜ ਹੋਣ ਉਪਰੰਤ ਮੁਆਵਜ਼ੇ ਲਈ ਯੋਗ ਹੈ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਕਮਿਸ਼ਨਰੇਟ ਪੁਲਿਸ ਅਤੇ ਦਿਹਾਤੀ ਪੁਲਿਸ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜਿਵੇਂ ਹੀ ਅੱਤਿਆਚਾਰ ਰੋਕਥਾਮ ਐਕਟ ਤਹਿਤ ਕੇਸ ਦਰਜ ਹੁੰਦਾ ਹੈ, ਇਸ ਸਬੰਧੀ ਤੁਰੰਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਅਤੇ ਜ਼ਿਲ੍ਹਾ ਅਟਾਰਨੀ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਵੀ ਸੂਚਿਤ ਕੀਤਾ ਜਾਵੇ ਤਾਂ ਜੋ ਪੀੜਤ ਵਿਅਕਤੀ ਨੂੰ ਜਲਦ ਮੁਆਵਜ਼ਾ ਦੇਣ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਇਹ ਵੀ ਪੜ੍ਹੋ : ਬਾਬਾ ਬਕਾਲਾ ਦੇ ਲੋਕਾਂ ਲਈ ਬਰਸਾਤ ਬਣੀ 'ਕਾਲ', ਰੋਟੀ ਤੋਂ ਹੋਏ ਮੁਥਾਜ, ਪ੍ਰਸ਼ਾਸਨ ਖਾਮੋਸ਼
ਡਿਪਟੀ ਕਮਿਸ਼ਨਰ ਨੇ ਇਸ ਐਕਟ ਦੀਆਂ ਧਾਰਾਵਾਂ ਤਹਿਤ ਪ੍ਰਵਾਨਿਤ ਸਾਰੇ ਕੇਸਾਂ ਵਿੱਚ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੀ ਜਲਦ ਵੰਡ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਦੌਰਾਨ ਪੁਲਸ ਵੱਲੋਂ ਦਰਜ ਕੀਤੇ ਕੇਸਾਂ ਅਤੇ ਜ਼ਿਲ੍ਹਾ ਅਟਾਰਨੀ ਵੱਲੋਂ ਲੜੇ ਜਾ ਰਹੇ ਕੇਸਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਸੰਜੀਵ ਕੁਮਾਰ ਮੰਨਨ ਆਦਿ ਮੌਜੂਦ ਸਨ।
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8