ਕੋਰੋਨਾ ਖਿਲਾਫ ਸੰਘਰਸ਼ ’ਚ ਜੁਟੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਹੱਈਆ ਕਰਵਾਇਆ ਜਾਵੇ ਬੀਮਾ ਕਵਰ

04/07/2020 1:27:42 AM

ਜਲੰਧਰ,  (ਧਵਨ)– ਸੂਬੇ ’ਚ ਕੋਰੋਨਾ ਵਾਇਰਸ ਖਿਲਾਫ ਸੰਘਰਸ਼ ’ਚ ਜੁਟੇ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਹੌਸਲਾ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ’ਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਦਿਨ-ਰਾਤ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾਏ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਅਪ੍ਰੈਲ ਨੂੰ ਆਪਣੇ ਮੰਤਰੀ ਮੰਡਲ ਮੈਂਬਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ ਕੈਬਨਿਟ ਬੈਠਕ ’ਚ ਇਹ ਫੈਸਲਾ ਲਿਆ ਸੀ ਕਿ ਕੇਂਦਰ ਸਰਕਾਰ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੇਵਾਵਾਂ ਦੇ ਰਹੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਬੀਮਾ ਕਵਰ ਕਰਨਾ ਚਾਹੀਦਾ ਹੈ। ਇਸ ਸਬੰਧ ’ਚ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਨੂੰ ਇਹ ਪ੍ਰਸਤਾਵ ਭੇਜਿਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਸੰਕਟ ਦੀ ਘੜੀ ’ਚ ਕੰਮ ਕਰ ਰਹੇ ਪੁਲਸ, ਮਾਲੀਆ ਅਤੇ ਸਥਾਨਕ ਸਰਕਾਰਾਂ, ਗ੍ਰਾਮੀਣ ਵਿਕਾਸ ਅਤੇ ਪੰਚਾਇਤ, ਖੁਰਾਕ ਅਤੇ ਸਪਲਾਈ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਆਦਿ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬੀਮਾ ਕਵਰ ਦਿੱਤਾ ਜਾਣਾ ਚਾਹੀਦਾ ਹੈ। ਮੰਤਰੀਮੰਡਲ ਨੇ ਇਹ ਗੱਲ ਦੁਹਰਾਈ ਹੈ ਕਿ ਇਨ੍ਹਾਂ ਕਰਮਚਾਰੀਆਂ ਨੂੰ ਬੀਮਾ ਕਵਰ ਦੇਣ ਨਾਲ ਉਨ੍ਹਾਂ ਦਾ ਮਨੋਬਲ ਮਜ਼ਬੂਤ ਹੋਵੇਗਾ ਅਤੇ ਪੰਜਾਬ ਛੇਤੀ ਹੀ ਇਸ ਮਹਾਮਾਰੀ ’ਤੇ ਪੂਰੀ ਤਰ੍ਹਾਂ ਕੰਟਰੋਲ ਕਰ ਲਵੇਗਾ। ਇਸ ’ਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।


Bharat Thapa

Content Editor

Related News